‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ : ਮੁੱਖ ਮੰਤਰੀ ਮਾਨ

ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਕੀਤੀ ਭੇਟ

ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।
ਬਾਬਾ ਸਾਹਿਬ ਦੇ ਜਨਮ ਦਿਨ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਇਕ ਮਹਾਨ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੇਤਾ ਸਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੁਨੀਆਂ ਦੇ ਇਤਿਹਾਸ ਦੀਆਂ ਸਭ ਮਹਾਨ ਸ਼ਖਸੀਅਤਾਂ ’ਚੋਂ ਇਕ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਡਾ. ਅੰਬੇਡਕਰ ਜੀ ਇਕ ਨਿਮਰ ਪਰਿਵਾਰ ਤੋਂ ਸਨ ਪਰ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਨੇਤਾਵਾਂ ’ਚ ਸ਼ੁਮਾਰ ਕਰ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਵਿਧਾਇਕ ਤੇ ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਗੁਰਲਾਲ ਘਨੌਰ ਆਦਿ ਮੌਜੂਦ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਜੀ ਦੀ ਸਖ਼ਤ ਮਿਹਨਤ, ਸਮਰਪਣ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ। ਬਾਬਾ ਸਾਹਿਬ ਨਾ ਸਿਰਫ਼ ਕਮਜ਼ੋਰ ਵਰਗਾਂ ਦੇ ਆਗੂ ਸਨ, ਬਲਕਿ ਉਹ ਪੂਰੀ ਮਨੁੱਖਤਾ ਦੇ ਆਗੂ ਸਨ। ਡਾ. ਅੰਬੇਡਕਰ ਜੀ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਧਰਤੀ ਦੇ ਇਸ ਮਹਾਨ ਸਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੰਬੇਡਕਰ ਜੀ ਨੇ ਹਮੇਸ਼ਾ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਮੇਤ ਹਰ ਖੇਤਰ ’ਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਸਾਰਿਆਂ ਲਈ ਬਰਾਬਰ ਰੁਤਬੇ ਅਤੇ ਸਤਿਕਾਰ ਦੀ ਵਕਾਲਤ ਕੀਤੀ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਡਾ. ਅੰਬੇਡਕਰ ਜੀ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਅਤੇ ਧਰਮ, ਜਾਤ, ਰੰਗ ਅਤੇ ਨਸਲ ਦੇ ਸੌੜੇ ਵਿਚਾਰਾਂ ਨੂੰ ਤਿਆਗ ਕੇ ਇਕ ਸਦਭਾਵਨਾ ਪੂਰਨ ਅਤੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੈਬਨਿਟ ਵਿਚ 6 ਅਨੁਸੂਚਿਤ ਜਾਤੀ ਨਾਲ ਸਬੰਧਤ ਮੰਤਰੀਆਂ ਨੂੰ ਸਥਾਨ ਦੇ ਕੇ, ਪਹਿਲੀ ਵਾਰ ਏ. ਜੀ. ਦਫ਼ਤਰ ’ਚ ਰਾਖਵਾਂਕਰਨ ਅਤੇ ਅਨੁਸੂਚਿਤ ਜਾਤੀ ਵਜ਼ੀਫ਼ੇ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾ ਕੇ ‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਇਸ ਮਹਾਨ ਆਗੂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਸੂਬੇ ’ਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ।
ਵਿਦਿਆਰਥੀਆਂ ਨਾਲ ਭਾਵਨਾਤਮਕ ਤੌਰ ’ਤੇ ਜੁੜਦਿਆਂ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੇ ਵਿਦਿਆਰਥੀ ਵਜੋਂ ਆਪਣੇ ਦਿਨਾਂ ਨੂੰ ਯਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਯੂਨੀਵਰਸਿਟੀ ’ਚ ਪੜ੍ਹਾਈ ਕੀਤੀ ਸੀ ਅਤੇ ਆਪਣੇ ਅਕਾਦਮਿਕ ਸਾਲਾਂ ਦੌਰਾਨ ਇਸੇ ਸਟੇਜ ਤੋਂ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਹੋਰਨਾਂ ਨੇ ਵੀ ਇਸ ਮੌਕੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਮਾਗਮ ’ਚ ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ. ਕੇ. ਮੀਨਾ, ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਵਿਭਾਗ ਦੇ ਡਾਇਰੈਕਟਰ ਸੰਦੀਪ ਹੰਸ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਿਮਲ ਕੁਮਾਰ ਸੇਤੀਆ, ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐੱਸ. ਐੱਸ. ਪੀ. ਡਾ. ਨਾਨਕ ਸਿੰਘ, ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਪਰਸਨ ਹਰਮੋਹਨ ਕੌਰ ਸੰਧੂ, ਚੇਅਰਮੈਨ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਮਲਕੀਤ ਚੰਦ, ਮੇਅਰ ਕੁੰਦਨ ਗੋਗੀਆ, ਵਾਈਸ ਚੇਅਰਮੈਨ ਕਨਵੇਅਰ ਇੰਦਰਜੀਤ ਸਿੰਘ ਸੰਧੂ, ਪੀ. ਆਰ. ਸੀ. ਟੀ. ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਜ਼ਿਲਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਚੇਅਰਮੈਨ ਇੰਪਰੂਵਮੈਂਟ ਟਰੱਸਟ, ਨਾਭਾ ਸੁਰਿੰਦਰਪਾਲ ਸ਼ਰਮਾ, ਐੱਸ. ਸੀ. ਸੈੱਲ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬਾਂਗੜ ਅਤੇ ਵੱਡੀ ਗਿਣਤੀ ਵਿਦਿਆਰਥੀ ਤੇ ਹੋਰ ਪਤਵੰਤੇ ਮੌਜੂਦ ਸਨ।

Leave a Reply

Your email address will not be published. Required fields are marked *