6 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਅੰਮ੍ਰਿਤਸਰ ਦੇ ਜੰਡਿਆਲਾ ਤੋਂ ਰੋਜ਼ਾਨਾ ਫ਼ਾਇਰਿੰਗ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਘਟਨਾ ਬੀਤੀ ਰਾਤ ਵਾਪਰੀ ਜਿਸ ਵਿਚ ਇਕ ਨੌਜਵਾਨ ਆਪਣੇ ਦੋ ਦੋਸਤਾਂ ਨਾਲ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਰਸਤੇ ਵਿਚ ਕਿਸੇ ਨੇ ਇਕ ਨੌਜਵਾਨ ਨੂੰ ਪਿੱਠ ਵਿਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਵਜੋਂ ਹੋਈ ਹੈ।
ਇਸ ਦੌਰਾਨ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਆਪਣੇ ਦੋਸਤਾਂ ਨਾਲ ਕਿਸੇ ਕੰਮ ਲਈ ਗਿਆ ਸੀ ਅਤੇ ਸਾਨੂੰ ਪਤਾ ਲੱਗਾ ਕਿ ਉਸ ਨੂੰ ਕਿਸੇ ਨੇ ਪਿੱਛਿਓਂ ਗੋਲੀ ਮਾਰ ਦਿੱਤੀ ਹੈ। ਪੀੜਤ ਪਰਿਵਾਰ ਨੇ ਮਨਪ੍ਰੀਤ ਸਿੰਘ ਕੇਟਰਿੰਗ ਦਾ ਕੰਮ ਕਰਦਾ ਸੀ ਅਤੇ 6 ਮਹੀਨੇ ਪਹਿਲਾਂ ਹੀ ਉਸਦਾ ਵਿਆਹ ਹੋਇਆ ਸੀ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਇਸ ਮੌਕੇ ਥਾਣਾ ਜੰਡਿਆਲਾ ਗੁਰੂ ਦੇ ਡੀ. ਐੱਸ. ਪੀ. ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮਨਪ੍ਰੀਤ ਨਾਮਕ ਨੌਜਵਾਨ ਆਪਣੇ ਦੋ ਸਾਥੀਆਂ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਕਿਸੇ ਨੇ ਉਸ ਨੂੰ ਪਿੱਛਿਓਂ ਗੋਲੀ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਅਸੀਂ ਜਾਂਚ ਕਰ ਰਹੇ ਹਾਂ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫ਼ਿਲਹਾਲ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ।
