ਪੁਰਾਤਨ ਤੇ ਇਤਿਹਾਸਕ ਇਮਾਰਤਾਂ ਸਾਡੇ ਵਿਰਸੇ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ
ਚੰਡੀਗੜ੍ਹ-ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ-ਸੰਭਾਲ ਲਈ ਇੱਕ ਉੱਚ ਪੱਧਰੀ ਮੀਟਿੰਗ ਸੈਰ ਸਪਾਟਾ ਵਿਭਾਗ ਦੇ ਸੈਕਟਰ 38 ਵਿਚਲੇ ਦਫ਼ਤਰ ਵਿਚ ਹੋਈ।
ਸੌਂਦ ਦੀ ਪਹਿਲ ਕਦਮੀ ਹੇਠ ਮੀਟਿੰਗ ’ਚ ਫ਼ੈਸਲਾ ਹੋਇਆ ਕਿ ਇਸੇ ਹਫ਼ਤੇ ਵੀਰਵਾਰ 30 ਜਨਵਰੀ ਨੂੰ ਇੱਕ ਕਮੇਟੀ ਹਵੇਲੀ ਦਾ ਦੌਰਾ ਕਰ ਕੇ ਆਵੇਗੀ ਅਤੇ ਉੱਥੋਂ ਦੀ ਮੌਜੂਦਾ ਸਥਿਤੀ ਬਾਬਤ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਤੋਂ ਬਾਅਦ 8 ਮਾਹਿਰ ਮੈਂਬਰਾਂ ਦੀ ਇਕ ਡਿਜ਼ਾਈਨ ਕਮੇਟੀ ਇਸਦੀ ਘੋਖ ਕਰੇਗੀ। ਸੌਂਦ ਨੇ ਕਿਹਾ ਕਿ ਇਸ ਬਾਬਤ ਕੋਈ ਰੁਕਾਵਟ ਨਾ ਆਉਣ ਦੀ ਸੂਰਤ ਵਿਚ ਜਲਦ ਤੋਂ ਜਲਦ ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਦਾ ਕੰਮ ਸ਼ੁਰੂ ਕੀਤਾ ਜਾ ਸਕੇਗਾ।
ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਪੁਰਾਤਨ ਤੇ ਇਤਿਹਾਸਕ ਇਮਾਰਤਾਂ ਸਾਡੇ ਵਿਰਸੇ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ’ਚ ਦੀਵਾਨ ਟੋਡਰ ਮੱਲ ਜੀ ਦਾ ਨਾਂ ਬਹੁਤ ਆਦਰ, ਸਤਿਕਾਰ ਤੇ ਸਨਮਾਨ ਨਾਲ ਲਿਆ ਜਾਂਦਾ ਹੈ। ਉਨ੍ਹਾਂ ਨਾਲ ਸਬੰਧਿਤ ਜਹਾਜ਼ ਹਵੇਲੀ ਦੀ ਸਾਂਭ-ਸੰਭਾਲ ਕਰਨਾ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ।
