ਪੰਜਾਬ ਸਰਕਾਰ ਨੇ 32 ਮਹੀਨਿਆਂ ‘ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ : ਮੁੱਖ ਮੰਤਰੀ

ਕਿਹਾ-ਸੂਬਾ ਸਰਕਾਰ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲ ਹੋਣ ਦੇ ਭਰਪੂਰ ਮੌਕੇ ਮੁਹੱਈਆ ਕਰਨ ਲਈ ਵਚਨਬੱਧ

ਪਟਿਆਲਾ :  ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨੌਜਵਾਨਾਂ ਨੂੰ ਹੋਰ ਸਰਕਾਰੀ ਨੌਕਰੀਆਂ ਦੇਣ ਲਈ ਜਲਦੀ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲ ਹੋਣ ਦੇ ਭਰਪੂਰ ਮੌਕੇ ਮੁਹੱਈਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਹੋਰ ਨਵੇਂ ਰਾਹ ਖੋਲ੍ਹੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ।

 ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਨੌਕਰੀਆਂ ਪ੍ਰਾਪਤ ਕਰਨ ਲਈ ਸੰਘਰਸ਼ ਕਰਦੇ ਹੋਏ ਓਵਰਏਜ ਹੋ ਚੁੱਕੇ ਨੌਜਵਾਨਾਂ ਨੂੰ ਅਡਜਸਟ ਕਰਨ ਦੀ ਸੰਭਾਵਨਾ ਵੀ ਤਲਾਸ਼ੀ ਜਾ ਰਹੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੈ ਅਤੇ ਜਿੱਤ ਦੀ ਇੱਕੋ-ਇੱਕ ਕੁੰਜੀ ਸਖ਼ਤ ਮਿਹਨਤ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ 50,000 ਦੇ ਕਰੀਬ ਨੌਜਵਾਨ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਇਨ੍ਹਾਂ ਨੂੰ ਹੁਣ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿੱਚ ਖਾਲੀ ਹੁੰਦੀਆਂ ਸਾਰੀਆਂ ਅਸਾਮੀਆਂ ਨੂੰ ਨਾਲ ਦੀ ਨਾਲ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਨਿਰਪੱਖ ਵਿਧੀ ਅਪਣਾਈ ਗਈ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਇਸ ਲਈ ਇਨ੍ਹਾਂ ਨੂੰ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪ੍ਰਾਪਤੀ ‘ਤੇ ਮਾਣ ਨਾ ਕਰਨ, ਸਗੋਂ ਹਲੀਮੀ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ

ਮੁੱਖ ਮੰਤਰੀ ਨੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਐਸ.ਏ.ਐਸ. ਨਗਰ (ਮੋਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਾਲੇਰਕੋਟਲਾ ਵਿਖੇ ਬਣਨ ਜਾ ਰਹੇ ਮੈਡੀਕਲ ਕਾਲਜਾਂ ਦੀ ਉਸਾਰੀ ਲਈ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ। ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਸੂਬੇ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ।

ਸੁਖਬੀਰ ਬਾਦਲ ਅਣਜਾਣ, ਕੈਪਟਨ ਅਮਰਿੰਦਰ ਧੋਖੇਬਾਜ਼ ਅਤੇ ਮੋਦੀ ‘ਜੁਮਲਿਆਂ ਦਾ ਉਸਤਾਦ : ਮਾਨ

ਭਗਵੰਤ ਸਿੰਘ ਮਾਨ ਨੇ ਤੰਜ਼ ਕੱਸਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਇੱਕ ਕਾਨਵੈਂਟ ਸਕੂਲਾਂ ਦਾ ਪੜ੍ਹਿਆ ਸਿਆਸੀ ਆਗੂ ਹੈ, ਜੋ ਸੂਬੇ ਦੀ ਮੂਲ ਭੂਗੋਲਿਕ ਸਥਿਤੀ ਤੋਂ ਜਾਣੂ ਨਹੀਂ ਪਰ ਸੂਬੇ ਦੀ ਸੱਤਾ ਹਾਸਲ ਕਰਨਾ ਚਾਹੁੰਦੇ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਦਾ ਰਿਕਾਰਡ ਪੰਜਾਬ ਨੂੰ ਹਮੇਸ਼ਾ ਪਿੱਠ ਵਿਖਾਉਣ ਕਾਰਨ ਸ਼ੱਕੀ ਰਿਹਾ ਹੈ। ਕੈਪਟਨ ਦਾ ਪਰਿਵਾਰ ਹਮੇਸ਼ਾ ਸੂਬਾ ਵਿਰੋਧੀ ਤਾਕਤ ਭਾਵੇਂ ਉਹ ਮੁਗ਼ਲ ਹੋਣ, ਅੰਗਰੇਜ਼ ਜਾਂ ਹੁਣ ਭਾਜਪਾ ਹੋਵੇ, ਇਨ੍ਹਾਂ ਦੁਸ਼ਮਣ ਤਾਕਤਾਂ ਨਾਲ ਨਾਲ ਖੜ੍ਹ ਕੇ ਪੰਜਾਬ ਨੂੰ ਧੋਖਾ ਦਿੰਦਾ ਰਿਹਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਮਲਿਆਂ ਦੇ ਮਾਹਿਰ ਹਨ, ਜੋ ਕਿਸੇ ਵੀ ਥਾਂ ਜਾਂ ਘਟਨਾ ਨਾਲ ਖ਼ੁਦ ਨੂੰ ਜੋੜ ਸਕਦੇ ਹਨ।

Leave a Reply

Your email address will not be published. Required fields are marked *