ਕਿਸਾਨ ਨੇਤਾ ਡੱਲੇਵਾਲ ਦਾ ਮਰਨ ਵਰਤ 113ਵੇਂ ਦਿਨ ’ਚ
ਖਨੌਰੀ ਬਾਰਡਰ ਵਿਖੇ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 113ਵੇਂ ਦਿਨ ਮੋਰਚੇ ਉੱਪਰ ਜਾਰੀ ਰਿਹਾ। ਅੱਜ ਸਵੇਰੇ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੂੰ ਪੱਤਰ ਭੇਜ ਕੇ ਸੂਚਿਤ ਕੀਤਾ ਹੈ ਕਿ 19 ਮਾਰਚ ਨੂੰ ਸਵੇਰੇ 11 ਵਜੇ ਮਹਾਤਮਾ ਗਾਂਧੀ ਇੰਸਟੀਚਿਊਟ, ਸੈਕਟਰ-26, ਚੰਡੀਗੜ੍ਹ ਵਿਖੇ ਭਾਰਤ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਮੀਟਿੰਗ ਹੋਵੇਗੀ। ਪਹਿਲਾਂ ਇਹ ਮੀਟਿੰਗ 19 ਮਾਰਚ ਨੂੰ ਸ਼ਾਮ 5 ਵਜੇ ਹੋਣ ਦਾ ਸਮਾਂ ਨਿਰਧਾਰਿਤ ਸੀ।
ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦਾ 28 ਮੈਂਬਰੀ ਵਫ਼ਦ ਸ਼ਿਰਕਤ ਕਰੇਗਾ ਅਤੇ ਕਿਸਾਨਾਂ ਦਾ ਪੱਖ ਪੂਰੀ ਮਜ਼ਬੂਤੀ ਨਾਲ ਰੱਖੇਗਾ। ਕੱਲ ਸਵੇਰੇ 6 ਵਜੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮੀਟਿੰਗ ’ਚ ਸ਼ਾਮਲ ਹੋਣ ਲਈ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ ਤੋਂ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋਣਗੇ।
