ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਧਰਨਾ ਦੇ ਕੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ -: ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਾਰ ਵਾਰ ਸੂਬੇ ਦੀ ਅਫ਼ਸਰਸ਼ਾਹੀ ਨੂੰ ਹੁਕਮ ਕਰਨ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਹੋਣ ਦੇ ਰੋਸ ਵਜੋਂ ਦਫ਼ਤਰੀ ਕਾਮਿਆਂ ਵੱਲੋਂ 17 ਫਰਵਰੀ ਨੂੰ ਸਿੱਖਿਆ ਭਵਨ ਮੋਹਾਲੀ ਦਾ ਘਿਰਾਓ ਕਰਨ ਦੇ ਨਾਲ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸਦੇ ਤਹਿਤ ਅੱਜ ਪਟਿਆਲਾ ਵਿਖੇ ਕਰਮਚਾਰੀਆਂ ਵਲੋ ਧਰਨਾ ਦੇ ਕੇ ਰੋਸ ਪ੍ਰਗਟ ਕੀਤਾ ਗਿਆ।

ਇਸ ਮੌਕੇ ਆਗੂਆਂ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਕ੍ਰਮਵਾਰ 14 ਮਾਰਚ 2024, 06 ਨਵੰਬਰ 2024, 09 ਦਸੰਬਰ 2024 ਅਤੇ 26 ਦਸੰਬਰ 2024 ਨੂੰ ਹੋਈਆਂ ਮੀਟਿੰਗਾਂ ਵਿੱਚ ਮੰਗਾਂ ਨੂੰ ਤੁਰੰਤ ਨਿਬੇੜਨ ਦੇ ਆਦੇਸ਼ ਦਿੱਤੇ ਪਰ ਅੱਜ ਤੱਕ ਮੰਗਾਂ ਦੀ ਸਥਿਤੀ ਜਿਓ ਦੀ ਤਿਓ ਬਣੀ ਹੋਈ ਹੈ। ਆਗੂਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਮੀਟਿੰਗਾਂ ਕਰਕੇ ਮੁਲਾਜ਼ਮਾਂ ਦੇ ਮਸਲੇ ਨਿਬੇੜਣ ਦੇ ਯਤਨ ਚ ਹੈ ਪਰ ਦੂਜੇ ਪਾਸੇ ਅਫਸਰਸ਼ਾਹੀ ਮੁਲਾਜ਼ਮਾਂ ਦਾ ਸੋਸ਼ਣ ਕਰਨ ਤੇ ਉਤਾਰੂ ਹੈ। ਮੁਲਾਜ਼ਮਾਂ ਦੀ 14 ਜਨਵਰੀ ਨੂੰ ਵਿਭਾਗ ਨਾਲ ਹੋਈ ਮੀਟਿੰਗ ਵਿੱਚ ਇਸ ਗੱਲ ਤੇ ਸਹਿਮਤੀ ਬਣੀ ਸੀ ਕਿ ਹੜਤਾਲ ਦੇ ਸਮੇਂ ਦਾ ਪੈਂਡਿੰਗ ਪਿਆ ਸਾਰਾ ਕੰਮ ਕਰਨ ਦੀ ਸੂਰਤ ਵਿੱਚ ਵਿਭਾਗ ਵਲੋਂ ਮੁਲਾਜ਼ਮਾਂ ਦੀਆਂ ਪੂਰੀਆਂ ਤਨਖਾਹਾਂ ਜਾਰੀ ਕਰ ਦਿੱਤੀਆਂ ਜਾਣਗੀਆਂ ਪਰ ਸਮਸਿਆ ਜਿਉ ਦੀ ਤਿਉ ਹੈ। ਇਸ ਲਈ ਮੰਗਾਂ ਪ੍ਰਤੀ ਲਗਾਤਾਰ ਅਪਣਾਈ ਜਾ ਰਹੀ ਟਾਲਮਟੋਲ ਦੀ ਨੀਤੀ ਵਿਰੁੱਧ ਮੁਲਾਜ਼ਮ ਮੁਲਾਜ਼ਮ 17 ਫਰਵਰੀ ਨੂੰ ਸਿੱਖਿਆ ਭਵਨ ਮੋਹਾਲੀ ਦੇ ਗੇਟ ਬੰਦ ਕਰਕੇ ਮਸਲੇ ਹੱਲ ਹੋਣ ਤੱਕ ਦਿਨ ਰਾਤ ਉੱਥੇ ਹੀ ਬੈਠਣ ਲਈ ਮਜਬੂਰ ਹੋਣਗੇ।

Leave a Reply

Your email address will not be published. Required fields are marked *