ਯੁਵਕ ਮੇਲੇ ਨੌਜਵਾਨਾਂ ਦੇ ਵਿਆਪਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ : ਮੁੱਖ ਮੰਤਰੀ ਮਾਨ

ਖੇਤੀਬਾੜੀ ਯੂਨੀਵਰਸਿਟੀ ਵਿਚ ਯੁਵਕ ਮੇਲੇ ਵਿੱਚ ਸੰਤ ਰਾਮ ਉਦਾਸੀ ਦੀ ਕਵਿਤਾ ਸੁਣਾ ਕੇ ਸਰੋਤਿਆਂ ਨੂੰ ਕੀਲਿਆ

ਲੁਧਿਆਣਾ – ਸਥਾਨਕ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰ ਜ਼ੋਨਲ ਯੁਵਕ ਮੇਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਨੌਜਵਾਨਾਂ ਨੂੰ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ  ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਗੁਣ ਹੁੰਦੇ ਹਨ ਅਤੇ ਇਨ੍ਹਾਂ ਦੀਆਂ ਯੋਗਤਾਵਾਂ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ਾਂ ਦੀ ਤਰ੍ਹਾਂ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਲਾਂਚਪੈਡ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ, ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਿੱਥੇ ਟੀਚੇ ਪ੍ਰਾਪਤ ਨਹੀਂ ਕਰ ਲੈਂਦੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇੱਥੇ ਆਉਣਾ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਉਹ ਅਜਿਹੇ ਯੁਵਕ ਮੇਲਿਆਂ ਦੀ ਪੈਦਾਇਸ਼ ਹਨ। ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਕੰਮ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਯੁਵਕ ਮੇਲਿਆਂ ਨੇ ਉਨ੍ਹਾਂ ਨੂੰ ਇੱਕ ਕਲਾਕਾਰ ਵਜੋਂ ਅਤੇ ਹੁਣ ਇੱਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਸਫ਼ਲ ਹੋਣ ਵਿੱਚ ਮਦਦ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਬਪੱਖੀ ਵਿਕਾਸ ਲਈ ਇਨ੍ਹਾਂ ਪਲੇਟਫਾਰਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਖ਼ੁਦ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਆਪਣੇ ਕਾਲਜ ਲਈ ਟਰਾਫੀਆਂ ਜਿੱਤੀਆਂ ਅਤੇ ਕਿਹਾ ਕਿ ਜਿੱਤਣਾ ਹੀ ਉਨ੍ਹਾਂ ਦਾ ਇੱਕੋ ਇੱਕ ਜਨੂੰਨ ਸੀ ਅਤੇ ਉਹ ਹਮੇਸ਼ਾ ਜਿੱਤਣ ਦੀ ਸਕਾਰਾਤਮਕ ਸੋਚ ਰੱਖਦੇ ਸਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਦੌਰਾਨ ਵਿਦਿਆਰਥੀਆਂ ਦੀ ਮੰਗ ‘ਤੇ ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਸਾਥੀ ਅਤੇ ਕਲਾਕਾਰ ਕਰਮਜੀਤ ਅਨਮੋਲ ਦੇ ਨਾਲ ਸਟੇਜ ਤੋਂ ਉੱਘੇ ਪੰਜਾਬੀ ਕਵੀ ਸੰਤ ਰਾਮ ਉਦਾਸੀ ਦੁਆਰਾ ਲਿਖੀ ਕਵਿਤਾ ‘ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ’ ਸੁਣਾ ਕੇ ਸਰੋਤਿਆਂ ਨੂੰ ਮੰਤਰ-ਮੁਗਧ ਕਰ ਦਿੱਤਾ। ਅੱਜ ਉਨ੍ਹਾਂ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਚੇਤੇ ਕੀਤਾ ਹੈ। ਆਪਣੀ ਕਿਸਮ ਦੀ ਪਹਿਲੀ ਪੇਸ਼ਕਾਰੀ ਤਹਿਤ ਸਟੇਜ ਤੋਂ ਦੋ ਮਿੰਟ ਤੱਕ ਕਵਿਤਾ ਸੁਣਾ ਕੇ ਭਗਵੰਤ ਸਿੰਘ ਮਾਨ ਨੇ ਸਰੋਤਿਆਂ ਨੂੰ ਕੀਲ ਕੇ ਰੱਖ ਦਿੱਤਾ। ਇਸ ਦੌਰਾਨ ਮੌਕੇ ‘ਤੇ ਮੌਜੂਦ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰਾਂ ਨੇ ਮੁੱਖ ਮੰਤਰੀ ਦੀ ਇਸ ਦੁਰਲੱਭ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕੀਤੀ

Leave a Reply

Your email address will not be published. Required fields are marked *