‘ਯੁੱਧ ਨਸ਼ਿਆਂ ਵਿਰੁੱਧ’: ਸੰਗਰੂਰ ਪੁਲਿਸ ਨੇ ਰਾਮਨਗਰ ਬਸਤੀ ਵਿੱਚ ਕੀਤੀ ਅਚਨਚੇਤ ਜਾਂਚ

ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਗਰੂਰ ਪੁਲਿਸ ਵੱਲੋਂ ਅੱਜ ਸਥਾਨਕ ਰਾਮ ਨਗਰ ਬਸਤੀ ਵਿਖੇ ਅਚਨਚੇਤ ਜਾਂਚ ਕੀਤੀ ਗਈ। ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਤਹਿਤ ਐਸਪੀ ਪਲਵਿੰਦਰ ਸਿੰਘ ਚੀਮਾ ਵੱਲੋਂ ਪੁਲਿਸ ਫੋਰਸ ਦੀਆਂ ਵੱਖ ਵੱਖ ਟੁਕੜੀਆਂ ਦੀ ਅਗਵਾਈ ਕਰਦੇ ਹੋਏ ਕੁਝ ਸ਼ੱਕੀ ਲੋਕਾਂ ਦੇ ਘਰਾਂ ਦੀ ਤਲਾਸ਼ੀ ਕੀਤੀ ਗਈ ।
ਇਸ ਮੌਕੇ ਐਸਪੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਐਸਐਸਪੀ ਸਰਤਾਜ ਸਿੰਘ ਚਾਹਲ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦਾ ਖਾਤਮਾ ਕਰਨ ਲਈ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਸ਼ਾ ਤਸਕਰਾਂ ਨਾਲ ਸਖਤੀ ਨਾਲ ਨਜਿੱਠਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਹਨਾਂ ਹੁਕਮਾਂ ਦੀ ਪਾਲਣਾ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਲੋੜੀਂਦੀਆਂ ਕਾਰਵਾਈਆਂ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਅੱਜ ਦੀ ਇਸ ਅਚਨਚੇਤ ਜਾਂਚ ਵਿੱਚ ਡੀਐਸਪੀ ਸੁਖਦੇਵ ਸਿੰਘ ਤੇ ਦਲਜੀਤ ਸਿੰਘ ਵਿਰਕ, 4 ਇੰਸਪੈਕਟਰ ਤੇ ਐਸ ਐਚ ਓ ਮਨਪ੍ਰੀਤ ਸਿੰਘ ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੱਲੋਂ ਰਾਮ ਨਗਰ ਬਸਤੀ ਦੇ ਹਰ ਉਸ ਘਰ ਦੀ ਜਾਂਚ ਕੀਤੀ ਗਈ ਜਿੱਥੇ ਨਸ਼ਾ ਵੇਚੇ ਜਾਣ ਦੀ ਸੰਭਾਵਨਾ ਲੱਗਦੀ ਸੀ। ਉਹਨਾਂ ਕਿਹਾ ਕਿ ਇਸ ਮੌਕੇ ਕੁਝ ਸ਼ੱਕੀ ਮੋਬਾਈਲ ਵੀ ਕਬਜ਼ੇ ਵਿੱਚ ਲਏ ਗਏ ਹਨ।
ਐਸਪੀ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਸੰਗਰੂਰ ਪੁਲਿਸ ਹਰ ਹਾਲਤ ਵਿੱਚ ਨਸ਼ਿਆਂ ਦੀ ਤਸਕਰੀ ਰੋਕਣ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਜ਼ਿਲ੍ਹਾ ਵਾਸੀਆਂ ਤੋਂ ਵੀ ਪੂਰਨ ਸਹਿਯੋਗ ਦੀ ਆਸ ਰੱਖਦੀ ਹੈ।

ਉਹਨਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਰਫ ਨਸ਼ਾ ਤਸਕਰਾਂ ਖਿਲਾਫ ਸਖਤੀ ਕੀਤੀ ਜਾ ਰਹੀ ਹੈ ਜਦਕਿ ਨਸ਼ਿਆਂ ਦੇ ਆਦੀ ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *