ਲੁਧਿਆਣਾ :- ਵੱਡੇ ਭਰਾ ਨੂੰ ਸ਼ਰਾਬ ਪੀਣ ਤੋਂ ਰੋਕਣਾ ਛੋਟੇ ਭਰਾ ਨੂੰ ਮਹਿੰਗਾ ਸਾਬਤ ਹੋਇਆ। ਸ਼ਰਾਬ ਦੇ ਨਸ਼ੇ ’ਚ ਵੱਡੇ ਭਰਾ ਨੇ ਛੋਟੇ ਦਾ ਕਤਲ ਕਰ ਦਿੱਤਾ। ਮ੍ਰਿਤਕ ਦਾ ਨਾਂ ਪਰਮਜੀਤ ਸਿੰਘ ਹੈ। ਸੂਚਨਾ ਤੋਂ ਬਾਅਦ ਥਾਣਾ ਟਿੱਬਾ ਦੀ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਇਸ ਮਾਮਲੇ ’ਚ ਥਾਣਾ ਟਿੱਬਾ ਦੀ ਪੁਲਸ ਨੇ ਮ੍ਰਿਤਕ ਦੇ ਲੜਕੇ ਲਵਪ੍ਰੀਤ ਦੀ ਸ਼ਿਕਾਇਤ ’ਤੇ ਗੁਰਦਿਆਲ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਕਾਬੂ ਕਰ ਲਿਆ ਹੈ।
ਜਾਣਕਾਰੀ ਦਿੰਦਿਆਂ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਤਾਇਆ ਗੁਰਦਿਆਲ ਸਿੰਘ ਸ਼ਰਾਬ ਪੀਣ ਦਾ ਆਦੀ ਸੀ। ਉਸਦਾ ਪਿਤਾ ਅਕਸਰ ਤਾਇਆ ਨੂੰ ਸ਼ਰਾਬ ਪੀਣ ਤੋਂ ਰੋਕਦਾ ਸੀ। ਸ਼ੁੱਕਰਵਾਰ ਦੇਰ ਰਾਤ ਉਹ ਆਪਣੇ ਪਰਿਵਾਰ ਨਾਲ ਕਪੂਰਥਲਾ ’ਚ ਕਿਸੇ ਰਿਸ਼ਤੇਦਾਰ ਦੇ ਘਰ ਵਿਆਹ ਸਮਾਗਮ ’ਚ ਗਿਆ ਹੋਇਆ ਸੀ। ਉਸ ਦਾ ਪਿਤਾ ਪਰਮਜੀਤ ਸਿੰਘ ਅਤੇ ਤਾਇਆ ਗੁਰਦਿਆਲ ਸਿੰਘ ਪਿੱਛੇ ਘਰ ’ਚ ਮੌਜੂਦ ਸਨ। ਇਸ ਦੌਰਾਨ ਉਸ ਦੇ ਪਿਤਾ ਨੇ ਤਾਇਆ ਨੂੰ ਫਿਰ ਸ਼ਰਾਬ ਪੀਣ ਤੋਂ ਰੋਕ ਦਿੱਤਾ ਸੀ। ਫਿਰ ਤਾਇਆ ਗੁਰਦਿਆਲ ਨੇ ਪਿਤਾ ਨੂੰ ਬੁਰੀ ਤਰ੍ਹਾਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਪਿਤਾ ਦੇ ਸਿਰ ’ਤੇ ਕਿਸੇ ਚੀਜ਼ ਨਾਲ ਵਾਰ ਕੀਤਾ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਹ ਦੇਰ ਰਾਤ ਘਰ ਪਹੁੰਚਿਆ ਅਤੇ ਆਪਣੇ ਪਿਤਾ ਨੂੰ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ।
