ਅੰਮ੍ਰਿਤਸਰ : -ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੋਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।
ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਅਰਦਾਸ ਉਪਰੰਤ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਪਲਾਜ਼ਾ ਘੰਟਾ ਘਰ, ਜਲਿਆਂਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਾਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਾਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨਤਾਰਨ ਰੋਡ ਆਦਿ ਥਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ।
ਨਗਰ ਕੀਰਤਨ ਵਿਚ ਜਿੱਥੇ ਗੱਤਕਾ ਤੇ ਬੈਂਡ ਪਾਰਟੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ, ਉਥੇ ਹੀ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਾਏ ਗਏ ਸਨ।
ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।