ਕਿਹਾ : ਤਖਤ ਦੇ ਹੁਕਮਾਂ ਅਨੁਸਾਰ ਸੁਖਬੀਰ ਬਾਦਲ ਦਾ ਅਸਤੀਫਾ ਲਿਆ ਜਾਵੇ
ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਸਬੰਧੀ ਬਣਾਈ ਕਮੇਟੀ ਕੀਤੀ ਜਾਵੇ ਰੱਦ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧੀ ਧਿਰ ਦੇ ਮੈਂਬਰਾ ਦਾ ਵਫਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲਿਆ। ਇਸ ਵਫਦ ’ਚ ਭਾਈ ਮਨਜੀਤ ਸਿੰਘ, ਜਸਵੰਤ ਸਿੰਘ ਪੁੜੈਣ ਤੇ ਹੋਰ ਵੀ ਆਗੂ ਹਾਜ਼ਰ ਸਨ।
ਇਸ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਬਾਕੀ ਮੈਂਬਰਾਂ ਸਮੇਤ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰ ਕੇ ਆਪਣਾ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਸਪੱਸ਼ਟ ਤੌਰ ’ਤੇ ਲਿਖਿਆ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਹੁਕਮਨਾਮਿਆਂ ਨੂੰ ਇੰਨ-ਬਿੰਨ ਲਾਗੂ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਤਿੰਨ ਦਿਨਾਂ ’ਚ ਪ੍ਰਵਾਨ ਕਰਨ ਦਾ ਜੋ ਹੁਕਮ ਹੋਇਆ ਸੀ, ਉਹ ਹੁਣ ਤੱਕ ਵੀ ਲਾਗੂ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਹੋਈ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਵਿਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਦੋਸ਼ਾਂ ਸਬੰਧੀ ਇਕ ਜਾਂਚ ਕਮੇਟੀ ਬਣਾਈ ਗਈ ਹੈ ਜੋ ਕਿ ਅਣਅਧਿਕਾਰਤ ਹੈ। ਕਿਸੇ ਵੀ ਸਿੰਘ ਸਾਹਿਬ ਜਾਂ ਜਥੇਦਾਰ ਦੀ ਜਾਂਚ ਸ਼੍ਰੋਮਣੀ ਕਮੇਟੀ ਨਹੀਂ ਕਰ ਸਕਦੀ। ਇਹ ਅਧਿਕਾਰ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਕੋਲ ਹੈ।
ਉਨ੍ਹਾਂ ਕਿਹਾ ਕਿ ਵਫਦ ਵੱਲੋਂ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਕਮੇਟੀ ਨੂੰ ਭੰਗ ਕੀਤਾ ਜਾਵੇ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਦੀ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਨਾ ਮੰਨਣ ਦੇ ਦੋਸ਼ ਵਿਚ ਜਿਹੜੇ ਵੀ ਆਗੂ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰ ਕੇ ਧਾਰਮਿਕ ਸਜ਼ਾ ਲਗਾਈ ਜਾਵੇ ਤਾਂ ਜੋ ਕੋਈ ਵੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਹੁਕਮ ਨੂੰ ਮੰਨਣ ਤੋਂ ਅਗਾਂਹ ਤੋਂ ਇਨਕਾਰੀ ਨਾ ਹੋਵੇ।
