ਐੱਸ. ਪੀ. ਦੀ ਅਗਵਾਈ ਹੇਠ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ

ਧੂਰੀ :- ਐੱਸ. ਐੱਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਅਤੇ ਐੱਸ. ਪੀ. ਮਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਧੂਰੀ ਸ਼ਹਿਰ ਵਿਖੇ ਫਲੈਗ ਮਾਰਚ ਕੀਤਾ ਗਿਆ, ਜਿਸ ਦੀ ਅਗਵਾਈ ਕਰਦਿਆਂ ਐੱਸ. ਪੀ. ਮਨਦੀਪ ਸਿੰਘ ਨੇ ਦੱਸਿਆ ਕਿ ਇਸ ਫਲੈਗ ਮਾਰਚ ਦਾ ਮਕਸਦ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ, ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ, ਨਸ਼ੇ ਦੇ ਸਮੱਗਲਰਾਂ ਤੇ ਸ਼ਰਾਰਤੀ ਅਨਸਰਾਂ ਦੇ ਮਨਾਂ ਵਿਚ ਡਰ ਦਾ ਮਾਹੌਲ ਪੈਦਾ ਕਰਨਾ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਸੰਗਰੂਰ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿਚ ਆਮ ਲੋਕਾਂ ਨੂੰ ਹੀ ਵੱਧ ਚੜ ਕੇ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਸਕੇ। ਇਸ ਦੌਰਾਨ ਪੁਲਿਸ ਵੱਲੋਂ ਚੈਕਿੰਗ ਮੁਹਿੰਮ ਤਹਿਤ ਵੱਖ-ਵੱਖ ਥਾਈਂ ਚੈਕਿੰਗ ਕੀਤੀ ਗਈ।
ਐੱਸ. ਪੀ. ਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ। ਇਸ ਸਬੰਧੀ ਮੁੱਢਲੀ ਪੜਤਾਲ ਦੌਰਾਨ ਕੁਝ ਸ਼ੱਕੀ ਵਾਹਨਾਂ ਨੂੰ ਵੀ ਕਬਜ਼ੇ ਵਿਚ ਲਿਆ ਗਿਆ ਹੈ ਅਤੇ ਜਾਂਚ ਮਗਰੋਂ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਪੁਲਿਸ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਚੈਕਿੰਗ ਦੌਰਾਨ ਇਕ ਮਹਿਲਾ ਕੋਲੋਂ ਨਸ਼ੀਲਾ ਪਦਾਰਥ ਮਿਲਿਆ ਹੈ, ਜਿਸ ਵਿਰੁੱਧ ਐੱਫ. ਆਈ. ਆਰ. ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
