ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਦਸਤਿਆਂ ਵਿਚ ਭਰਤੀ ਲਈ ਪ੍ਰੇਰਿਤ ਕਰਨ ਵਾਸਤੇ ਲਗਾਤਾਰ ਕੋਸ਼ਿਸ਼ਾਂ ਕਰ ਰਹੀ : ਮਾਨ
ਨੈਸ਼ਨਲ ਡਿਫੈਂਸ ਕਾਲਜ ਦੇ ਕਮਾਂਡੈਂਟ ਏਅਰ ਮਾਰਸ਼ਲ ਹਰਦੀਪ ਬੈਂਸ ਏ. ਵੀ. ਐਸ. ਐਮ., ਵੀ. ਐਸ. ਐਮ. ਦੀ ਅਗਵਾਈ ਵਿਚ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ ਸੂਬਾ ਸਰਕਾਰ ਵੱਧ ਧਿਆਨ ਦੇਵੇਗੀ। ਪੰਜਾਬ ਦਾ ਸ਼ਾਨਾਮੱਤਾ ਇਤਿਹਾਸ ਹੈ ਕਿ ਇਸ ਦੇ ਜਵਾਨਾਂ ਨੇ ਭਾਰਤੀ ਹਥਿਆਰਬੰਦ ਦਸਤਿਆਂ ਵਿਚ ਦੇਸ਼ ਦੀ ਸੇਵਾ ਕੀਤੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਹਾਲੀਆ ਸਮੇਂ ਵਿਚ ਇਹ ਰੁਝਾਨ ਘਟਿਆ ਹੈ ਪਰ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਦਸਤਿਆਂ ਵਿਚ ਭਰਤੀ ਲਈ ਪ੍ਰੇਰਿਤ ਕਰਨ ਵਾਸਤੇ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਸਥਾਪਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਸੀ-ਪਾਈਟ ਸੈਂਟਰਾਂ ਵੱਲੋਂ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਹੋਣ ਦਾ ਵੀ ਮਾਣ ਹਾਸਲ ਹੈ ਅਤੇ ਪੰਜਾਬ ਦੇ ਲੋਕ ਆਪਣੀ ਹਿੰਮਤ ਅਤੇ ਉੱਦਮ ਦੀ ਭਾਵਨਾ ਲਈ ਪੂਰੀ ਦੁਨੀਆ ਵਿਚ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹੈ, ਜਿਨ੍ਹਾਂ ਨੇ ਸਾਨੂੰ ਜਬਰ, ਜੁਲਮ ਅਤੇ ਬੇਇਨਸਾਫ਼ੀ ਦਾ ਵਿਰੋਧ ਕਰਨ ਦਾ ਰਾਹ ਦਿਖਾਇਆ ਹੈ। CM ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੀ ਪਾਕਿਸਤਾਨ ਨਾਲ 532 ਕਿਲੋਮੀਟਰ ਦੀ ਸਰਹੱਦ ਲੱਗਦੀ ਹੈ, ਜਿਸ ਕਾਰਨ ਹਥਿਆਰਬੰਦ ਬਲਾਂ ਦਾ ਸਹਿਯੋਗ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਵਿੱਚ ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ, ਪੁਲਿਸ ਅਤੇ ਇੱਥੋਂ ਤੱਕ ਕਿ ਅਗਨੀਵੀਰਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਸੂਬਾ ਸਰਕਾਰ ਜਵਾਨਾਂ ਦੇ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਸੂਰਤ ਵਿੱਚ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਹ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਦੇ ਜਵਾਨਾਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੇ ਅਨੁਕੂਲ ਹੈ।
ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇੱਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰਦਾ ਹੈ ਅਤੇ ਦੂਜੇ ਪਾਸੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਦਾ ਹੈ।
