ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਗੜ੍ਹੀ ਵੱਲੋਂ ਸੰਗਰੂਰ ਦਾ ਦੌਰਾ

Sangrur news : ਪੰਜਾਬ ਦੇ ਅਨੂਸੁਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਸੰਗਰੂਰ ਸ਼ਹਿਰ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਉਨ੍ਹਾਂ ਦੇ ਦੌਰੇ ਦਾ ਮੁੱਖ ਮਕਸਦ ਲੋਕਾਂ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਕੰਮਕਾਜ, ਭਾਰਤੀ ਸੰਵਿਧਾਨ ਅਤੇ ਦੇਸ਼ ਦੇ ਕਨੂੰਨ ਵਿਚ ਗਰੀਬਾਂ, ਮਜਲੂਮਾਂ, ਅਨੁਸੂਚਿਤ ਜਾਤੀਆਂ ਤੇ ਪਿਛੜੀਆਂ ਸ਼੍ਰੇਣੀਆਂ ਦੇ ਹੱਕਾਂ, ਅਧਿਕਾਰਾਂ, ਸਮਾਜਿਕ ਸੁਰੱਖਿਆ ਸਬੰਧੀ ਜਾਗਰੂਕ ਕਰਨਾ ਹੈ।
ਇਸ ਮੌਕੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਅੱਤਵਾਦ ਸਮਰਥਕ ਕੈਨੇਡਾ ਬੈਠਾ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਲਗਾਤਾਰ ਬਾਬਾ ਸਾਹਿਬ ਬਾਰੇ ਗਲਤ ਸ਼ਬਦਾਵਲੀ ਵਰਤ ਕੇ ਸਮਾਜ ’ਚ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਲਈ ਉਹ ਭਾਰਤ ਦੇਸ਼ ਦਾ ਹੀ ਨਹੀਂ, ਸਗੋਂ ਦਲਿਤ ਸਮਾਜ ਦਾ ਵੀ ਦੁਸ਼ਮਣ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨ ਦੀ ਆੜ ’ਚ ਐੱਸ. ਸੀ. ਸਮਾਜ ਦੀਆਂ ਭਾਵਨਾਵਾਂ ਨਾਲ ਅੱਤਵਾਦੀਆਂ ਵਲੋਂ ਖਿਲਵਾੜ ਕਰਨਾ ਐੱਸ. ਸੀ. ਸਮਾਜ ਬਰਦਾਸ਼ਤ ਨਹੀਂ ਕਰੇਗਾ। ਅਜਿਹੇ ਅੱਤਵਾਦੀ ਪਿਛਲੇ 45 ਸਾਲਾਂ ਤੋਂ ਬਾਬਾ ਸਾਹਿਬ ਅੰਬੇਡਕਰ ਅਤੇ ਭਾਰਤੀ ਸੰਵਿਧਾਨ ਖਿਲਾਫ਼ ਪੁੱਠੇ ਸਿੱਧੇ ਬਿਆਨ ਦੇਕੇ ਹਮੇਸ਼ਾ ਦਲਿਤ ਸਮਾਜ ਦੀਆਂ ਭਾਵਨਾਵਾਂ ਨੂੰ ਕੁਚਲ ਰਹੇ ਹਨ।
ਚੇਅਰਮੈਨ ਗੜ੍ਹੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਐੱਸ . ਸੀ. ਸਮਾਜ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਦਾ ਵਿਰੋਧ ਕਰਨ ਵਾਲੇ ਨੂੰ ਮੂੰਹ ਤੋੜ ਜਵਾਬ ਦੇਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਬਾਬਾ ਸਾਹਿਬ ਦੀ ਸੋਚ ‘ਤੇ ਪਹਿਰਾ ਦੇ ਰਹੀ ਹੈ ਅਤੇ ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਉਣੀ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਐੱਸ. ਸੀ. ਕਮਿਸ਼ਨ ਮੈਂਬਰ ਗੁਲਜ਼ਾਰ ਬੌਬੀ, ਜ਼ਿਲਾ ਸਮਾਜਿਕ ਅਤੇ ਨਿਆਂ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ, ਡੀ. ਐੱਸ. ਪੀ. ਸੁਖਦੇਵ ਸਿੰਘ, ਡਾ. ਅੰਬੇਦਕਰ ਚੈਰੀਟੇਬਲ ਮੰਚ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਹੋਰ ਅਹੁਦੇਦਾਰਾਂ ਤੋਂ ਮੈਂਬਰਾਂ ਸਮੇਤ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।

Leave a Reply

Your email address will not be published. Required fields are marked *