ਕਦੇ ਵੀ ਹਕੀਕਤ ਨਹੀਂ ਬਣੇਗੀ ਐੱਸ. ਵਾਈ. ਐੱਲ. ਨਹਿਰ : ਮੁੱਖ ਮੰਤਰੀ

ਭਵਾਨੀਗੜ੍ਹ ’ਚ ਨਵਾਂ ਬਣਿਆ ਸਬ-ਡਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

ਭਵਾਨੀਗੜ੍ਹ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਕਦੇ ਵੀ ਹਕੀਕਤ ਵਿਚ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ’ਤੇ ਵਚਨਬੱਧ ਹੈ।
ਅੱਜ ਭਵਾਨੀਗੜ੍ਹ ਵਿਖੇ ਨਵੇਂ ਬਣੇ ਸਬ-ਡਵੀਜ਼ਨਲ ਕੰਪਲੈਕਸ ਨੂੰ ਸਮਰਪਿਤ ਕਰਨ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨਾਲ ਇਕ ਵੀ ਬੂੰਦ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਕੌਮਾਂਤਰੀ ਨੇਮਾਂ ਅਨੁਸਾਰ ਸੂਬੇ ਵਿਚ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨਾ ਜ਼ਰੂਰੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿਚ ਰਾਵੀ ਬਿਆਸ ਟ੍ਰਿਬਿਊਨਲ, ਜੋ ਕਿ ਰਾਵੀ ਜਲ ਪ੍ਰਣਾਲੀ ਨਾਲ ਸਬੰਧਤ ਥਾਵਾਂ ਉੱਤੇ ਜਾਣ ਲਈ ਸੂਬੇ ਦੇ ਦੌਰੇ ’ਤੇ ਹੈ, ਨੂੰ ਵੀ ਅਪੀਲ ਕੀਤੀ ਹੈ ਕਿ ਉਹ ਨਵੇਂ ਸਿਰਿਓਂ ਮੁੜ ਮੁਲਾਂਕਣ ਕਰ ਕੇ ਸੂਬੇ ਦੇ ਲੋਕਾਂ ਨੂੰ ਇਨਸਾਫ਼ ਦਿਵਾਏ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਬਲਾਕਾਂ ਦੇ ਪਾਣੀ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ ਅਤੇ ਸੂਬੇ ਵਿਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤ ਗੰਭੀਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਸਬ-ਡਵੀਜ਼ਨਲ ਕੰਪਲੈਕਸ 6 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਹੈ ਅਤੇ ਇਹ ਅਤਿ ਆਧੁਨਿਕ ਇਮਾਰਤ ਕਈ ਸਹੂਲਤਾਂ ਨਾਲ ਲੈਸ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਲਾਹਨਤ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਵੱਡੇ ਅਪਰਾਧਾਂ ਲਈ ਜਵਾਬਦੇਹ ਠਹਿਰਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਇਸ ਅਪਰਾਧ ਵਿਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਨੌਟੰਕੀਆਂ ਕਰ ਕੇ ਬਿੱਟੂ ਦਾ ਮੁੱਖ ਮੰਤਰੀ ਨਿਵਾਸ ’ਤੇ ਕਾਬਿਜ਼ ਹੋਣ ਦਾ ਸੁਪਨਾ ਕਦੇ ਵੀ ਸਾਕਾਰ ਨਹੀਂ ਹੋਵੇਗਾ
ਇਕ ਹੋਰ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀਆਂ ਨੌਟੰਕੀਆਂ ’ਤੇ ਚੁਟਕੀ ਲੈਂਦੇ ਹੋਏ ਕਿਹਾ ਕਿ ਚੋਣਾਂ ਵਿਚ ਨਕਾਰੇ ਹੋਏ ਆਗੂਆਂ ਨੂੰ ਲੋਕ ਕਦੇ ਵੀ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਬਿੱਟੂ ਅਜਿਹੇ ਘਟੀਆ ਹੱਥਕੰਡਿਆਂ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਕਾਬਜ਼ ਹੋਣ ਦੇ ਸੁਪਨੇ ਦੇਖਦਾ ਹੈ ਪਰ ਇਸ ਨਾਲ ਉਸ ਦੇ ਹੱਥ ਪੱਲੇ ਕੁਝ ਨਹੀਂ ਪੈਣਾ ਕਿਉਂਕਿ ਇਹ ਸਹੀ ਮਾਅਨਿਆਂ ਵਿਚ ਆਮ ਲੋਕਾਂ ਦਾ ਘਰ ਹੈ, ਜੋ ਇਥੇ ਆਪਣੀ ਪਸੰਦ ਦੇ ਆਗੂਆਂ ਨੂੰ ਚੁਣ ਕੇ ਭੇਜਦੇ ਹਨ। ਉਨ੍ਹਾਂ ਕਿਹਾ ਕਿ ਲੋਕ ਅਜਿਹੇ ਆਗੂਆਂ ਨੂੰ ਕਦੇ ਨਹੀਂ ਚੁਣਨਗੇ ਕਿਉਂਕਿ ਉਹ ਇਨ੍ਹਾਂ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ।

ਸੂਬਾ ਸਰਕਾਰ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿਚ ਮੌਕੇ ਪ੍ਰਦਾਨ ਕਰ ਰਹੀ
ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ ਤੋਂ ਨੌਜਵਾਨਾਂ ਨੂੰ ਦੇਸ਼ ਨਿਕਾਲਾ ਦੇਣ ਦੀ ਘਟਨਾ ਸਾਡੇ ਸਾਰਿਆਂ ਲਈ ਅੱਖਾਂ ਖੋਲ੍ਹਣ ਵਾਲੀ ਹੈ ਕਿ ਚੰਗੇ ਮੌਕਿਆਂ ਦੀ ਭਾਲ ਵਿਚ ਵਿਦੇਸ਼ ਜਾਣ ਦੀ ਬਜਾਏ, ਸੂਬੇ ਦੇ ਨੌਜਵਾਨਾਂ ਨੂੰ ਇਥੇ ਹੀ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਵੱਖ-ਵੱਖ ਖੇਤਰਾਂ ’ਚ ਸਫਲਤਾ ਪ੍ਰਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿਚ ਮੌਕੇ ਪ੍ਰਦਾਨ ਕਰ ਰਹੀ ਹੈ। ਇਕ ਉਦਾਹਰਣ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਨਾਲ ਸੂਬੇ ਵਿਚ 51,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰੋਜ਼ਾਨਾ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੀ ਹੈ ਅਤੇ ਉਨ੍ਹਾਂ ਨੂੰ ਇਸ ਸਥਿਤੀ ਦਾ ਫਾਇਦਾ ਉਠਾਉਣਾ ਚਾਹੀਦਾ ਹੈ ਅਤੇ ਇੱਥੇ ਕੰਮ ਕਰਨਾ ਚਾਹੀਦਾ ਹੈ।

ਅਮਰੀਕਾ ਤੋਂ ਡਿਪੋਰਟ ਨੌਜਵਾਨਾਂ ਲਈ ਸਰਕਾਰ ਮੁੜ ਵਸੇਬੇ ਦੇ ਮੌਕੇ ਪ੍ਰਦਾਨ ਕਰੇਗੀ
ਇਕ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਉਨ੍ਹਾਂ ਪੰਜਾਬੀਆਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ, ਜਿਨ੍ਹਾਂ ਨੂੰ ਹਾਲ ਹੀ ਵਿਚ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਮੁੜ ਵਸੇਬੇ ਦੇ ਮੌਕੇ ਪ੍ਰਦਾਨ ਕਰੇਗੀ ਤਾਂ ਜੋ ਉਹ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਗੈਰ-ਕਾਨੂੰਨੀ ਏਜੰਟਾਂ ਦੁਆਲੇ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਆਮ ਭਾਰਤੀਆਂ ਨੂੰ ਧੋਖਾ ਦੇਣ ਵਾਲੇ ਅਜਿਹੇ ਟ੍ਰੈਵਲ ਏਜੰਟਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ, ਤਾਂ ਜੋ ਦੂਜਿਆਂ ਨੂੰ ਸਬਕ ਮਿਲ ਸਕੇ।

Leave a Reply

Your email address will not be published. Required fields are marked *