ਜ਼ੀਰਾ : ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਉਤੇ ਅਣਪਛਾਤੇ ਕਾਰ ਸਵਾਰ ਵਿਅਕਤੀਆਂ ਵੱਲੋਂ ਗੋਲੀਆ ਚਲਾਉਣ ਦਾ ਸਮਾਚਾਰ ਮਿਲਿਆ ਹੈ।
ਇਸ ਸਬੰਧੀ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਉਹ ਰਾਤ 8.30 ਵਜੇ ਦੇ ਕਰੀਬ ਫਿਰੋਜ਼ਪੁਰ ਤੋਂ ਜ਼ੀਰਾ ਆ ਰਹੇ ਸਨ ਤਾਂ ਇਕ ਕਰੇਟਾ ਗੱਡੀ ਉਨ੍ਹਾਂ ਦਾ ਲਗਾਤਾਰ ਪਿੱਛਾ ਕਰ ਰਹੀ ਸੀ । ਉਨ੍ਹਾਂ ਦੱਸਿਆ ਕਿ ਜ਼ੀਰਾ ਫਿਰੋਜ਼ਪੁਰ ਸੜਕ ਤੇ ਪਿੰਡ ਸ਼ੇਰ ਖਾਂ ਨਜ਼ਦੀਕ ਕਰੇਟਾ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਉਤੇ ਗੋਲੀਬਾਰੀ ਕੀਤੀ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਗੱਡੀ ‘ਤੇ 6 ਗੋਲੀਆਂ ਚਲਾਈਆਂ ਗਈਆਂ ਪਰ ਖੁਸ਼ਕਿਸਮਤੀ ਨਾਲ ਉਹ ਬਚ ਨਿਕਲੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਵੀ ਵਟਸਐੱਪ ਫ਼ੋਨ ਕਾਲਾਂ ਰਾਹੀਂ ਜਾਨੋ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ, ਬਾਰੇ ਉਨ੍ਹਾਂ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ।
ਹਮਲੇ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ। ਪੁਲਿਸ ਹਮਲੇ ਦੀ ਸੀ. ਸੀ. ਟੀ. ਵੀ. ਫੁਟੇਜ ਨੂੰ ਵਿਸ਼ਲੇਸ਼ਣ ਕਰ ਰਹੀ ਹੈ, ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਹਮਲੇ ਨੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।|
