– ਜਲਦ ਹੋ ਸਕਦਾ ਹੈ ਐਲਾਨ
ਪਟਿਆਲਾ : ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ’ਚ ਏਕੇ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਭਵਨ ’ਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਰਵਣ ਸਿੰਘ ਪੰਧੇਰ ਸਣੇ 7 ਮੈਂਬਰੀ ਵਫ਼ਦ ਮੌਜੂਦ ਰਿਹਾ। ਇਸ ਮੀਟਿੰਗ ਵਿੱਚੋਂ ਉਂਝ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਗ਼ੈਰ-ਹਾਜ਼ਰ ਰਿਹਾ ਹੈ।
ਇਸ ਮੀਟਿੰਗ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਤਾਲਮੇਲਵਾਂ ਸੰਘਰਸ਼ ਸ਼ੁਰੂ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਪਰ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਦੀ ਗ਼ੈਰ ਮੌਜੂਦਗੀ ਕਰ ਕੇ ਕੋਈ ਫੈਸਲਾ ਸਿਰੇ ਨਹੀਂ ਚੜ੍ਹ ਸਕਿਆ ਹੈ। ਹੁਣ ਕਿਸਾਨ-ਮਜ਼ਦੂਰ ਮੋਰਚੇ ਵੱਲੋਂ ਤਾਲਮੇਲਵੇ ਸੰਘਰਸ਼ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਦੇ ਆਗੂਆਂ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਲਦ ਹੀ ਦੁਬਾਰਾ ਮੀਟਿੰਗ ਫਿਰ ਸੱਦੀ ਜਾਵੇਗੀ, ਜਿਸ ’ਚ ਕੋਈ ਫੈਸਲਾ ਲਿਆ ਜਾਵੇਗਾ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਰਮਿੰਦਰ ਸਿੰਘ ਪਟਿਆਲਾ, ਸਰਵਣ ਸਿੰਘ ਪੰਧੇਰ, ਲਖਵਿੰਦਰ ਸਿੰਘ ਲੱਖੋਵਾਲ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਮੌਜੂਦ ਰਹੇ।
