ਕਿਹਾ- ਹਾਈਕਮਾਨ ਨੂੰ ਵੜਿੰਗ ’ਤੇ ਪੂਰਾ ਭਰੋਸਾ
ਅੰਮ੍ਰਿਤਸਰ :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਭੁਪੇਸ਼ ਬਘੇਲ ਗੁਰੂ ਨਗਰੀ ਪਹੁੰਚੇ। ਉਨ੍ਹਾਂ ਦੱਸਿਆ ਕਿ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਵਜੋਂ ਪਹਿਲੀ ਵਾਰ ਇੱਥੇ ਆਉਣਾ ਮਾਣ ਵਾਲੀ ਗੱਲ ਹੈ। ਇਹ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਕਿਸਾਨਾਂ ਦੀ ਧਰਤੀ ਹੈ।
ਬਘੇਲ ਨੇ ‘ਆਪ’ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕੀਤੀ ਅਤੇ ਉਨ੍ਹਾਂ ’ਤੇ ਨਿੱਜੀ ਇੱਛਾਵਾਂ ਲਈ ਪੰਜਾਬ ਦਾ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ, ਜੋ ਕਦੇ ਆਮ ਆਦਮੀ ਦੀ ਨੁਮਾਇੰਦਗੀ ਕਰਨ ਅਤੇ ਈਮਾਨਦਾਰੀ ਲਈ ਖੜ੍ਹੇ ਹੋਣ ਦਾ ਦਾਅਵਾ ਕਰਦੇ ਸਨ, ਹੁਣ ਪੰਜਾਬ ਤੋਂ ਰਾਜ ਸਭਾ ਸੀਟ ਦੀ ਮੰਗ ਕਰ ਰਹੇ ਹਨ। ਇਹ ਉਨ੍ਹਾਂ ਦੇ ਦੋਹਰੇ ਮਾਪਦੰਡਾਂ ਅਤੇ ਸਵਾਰਥੀ ਇਰਾਦਿਆਂ ਨੂੰ ਬੇਨਕਾਬ ਕਰਦਾ ਹੈ ਜੋ ਪੰਜਾਬ ਅਤੇ ਦਿੱਲੀ ਦੀ ਭਲਾਈ ਨਾਲੋਂ ਨਿੱਜੀ ਲਾਭਾਂ ਨੂੰ ਤਰਜੀਹ ਦਿੰਦੇ ਹਨ।
ਲੋਕ ਸਭਾ ਚੋਣਾਂ ਦੌਰਾਨ ‘ਆਪ’ ਨਾਲ ਗਠਜੋੜ ਬਾਰੇ ਬਘੇਲ ਨੇ ਸਪੱਸ਼ਟ ਕੀਤਾ ਕਿ ਕਾਂਗਰਸ-‘ਆਪ’ ਗਠਜੋੜ ਸਾਡੇ ਸਾਂਝੇ ਦੁਸ਼ਮਣ ਭਾਜਪਾ ਦਾ ਮੁਕਾਬਲਾ ਕਰਨ ਲਈ ਇਕ ਰਣਨੀਤਕ ਫੈਸਲਾ ਸੀ। ਹਾਲਾਂਕਿ ਪੰਜਾਬ ਵਿਚ ਕਾਂਗਰਸ ‘ਆਪ’ ਸਰਕਾਰ ਦੀ ਮੁੱਖ ਵਿਰੋਧੀ ਧਿਰ ਬਣੀ ਹੋਈ ਹੈ ਅਤੇ ਇੱਥੇ ਕਿਸੇ ਵੀ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਨਵ-ਨਿਯੁਕਤ ਪੰਜਾਬ ਕਾਂਗਰਸ ਇੰਚਾਰਜ ਨੇ ਅਮਰੀਕਾ ਤੋਂ ਭਾਰਤੀ ਨੌਜਵਾਨਾਂ ਨੂੰ ਬੇੜੀਆਂ ਵਿਚ ਜਕੜ ਕੇ ਵਾਪਸ ਭੇਜੇ ਜਾਣ ਦੀ ਸਖ਼ਤ ਨਿੰਦਾ ਕੀਤੀ ਅਤੇ ਪ੍ਰਧਾਨ ਮੰਤਰੀ ਤੋਂ ਜਵਾਬ ਮੰਗਿਆ।
ਉਨ੍ਹਾਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਪਾਰਟੀ ਦੇ ਵਿਸ਼ਵਾਸ ਨੂੰ ਦੁਹਰਾਇਆ ਅਤੇ ਕਿਹਾ ਕਿ ਹਾਈਕਮਾਂਡ ਨੂੰ ਮੌਜੂਦਾ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਮਸਲਾ ਹੱਲ ਕਰਨਾ ਪਵੇਗਾ। ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ’ਤੇ ਪੂਰਾ ਭਰੋਸਾ ਹੈ। ਪੰਜਾਬ ਕਾਂਗਰਸ ਵਿਚ ਕੋਈ ਬਦਲਾਅ ਵਿਚਾਰ ਅਧੀਨ ਨਹੀਂ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਘੇਲ ਦੀਆਂ ਭਾਵਨਾਵਾਂ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਪੰਜਾਬ ਕਾਂਗਰਸ 2027 ਵਿਚ ਇਕ ਮਹੱਤਵਪੂਰਨ ਜਿੱਤ ਪ੍ਰਾਪਤ ਕਰਨ ਅਤੇ ਸੂਬੇ ਵਿਚ ਸਰਕਾਰ ਬਣਾਉਣ ਲਈ ਤਿਆਰ ਹੈ।
ਇਸ ਮੌਕੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਡਾ. ਰਾਜ ਕੁਮਾਰ ਵੇਰਕਾ ਸਾਬਕਾ ਮੰਤਰੀ, ਵਿਧਾਇਕ ਸੁਖਬਿੰਦਰ ਸਰਕਾਰੀਆ, ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ ਆਦਿ ਹਾਜ਼ਰ ਸਨ।
