2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ
ਪਟਿਆਲਾ – ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਥੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੀ ਅਨਾਜ ਮੰਡੀ ਵਿਖੇ ਹੋਈ ਮਹਾ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਜੰਮ ਕੇ ਵਰ੍ਹੇ।
ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਨੇ ਕਿਹਾ ਕਿ 2022 ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੀ ਪਿੱਠ ’ਚ ਛੁਰਾ ਮਾਰ ਕੇ ਪਾਰਟੀ ਦੀ ਅਲਾਇਨਮੈਂਟ ਖਰਾਬ ਕਰ ਦਿੱਤੀ ਸੀ, ਜਿਸ ਕਾਰਨ ਕਾਂਗਰਸ ਨੂੰ ਨੁਕਸਾਨ ਹੋਇਆ। ਹੁਣ ਇਹ ਅਲਾਇਨਮੈਂਟ ਠੀਕ ਹੋ ਗਈ ਹੈ। ਕਾਂਗਰਸ ਦੀ ਗੱਡੀ 100 ਦੀ ਸਪੀਡ ’ਤੇ ਭੱਜ ਰਹੀ ਹੈ। ਲਿਹਾਜ਼ਾ 2027 ਵਿਚ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ। ਦੋਨੋਂ ਆਗੂ ਇਥੇ ਪਟਿਆਲਾ ਦੀ ਨਵੀਂ ਅਨਾਜ ਮੰਡੀ ਵਿਖੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਕਰਵਾਈ ਗਈ ਰੈਲੀ ‘ਨਸ਼ਾ ਨਹੀਂ, ਨੌਕਰੀ ਦਓ’ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਰੈਲੀ ਨੇ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ਦਾ ਨੀਂਹ ਪੱਥਰ ਰੱਖ ਦਿੱਤਾ ਹੈ।
ਰਾਜਾ ਵਡ਼ਿੰਗ ਨੇ ਕਿਹਾ ਕਿ 27 ਦੀਆਂ ਵਿਧਾਨ ਸਭਾ ਚੋਣਾਂ ’ਚ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਘੱਟੋ-ਘੱਟ 60 ਸੀਟਾਂ ਅਲਾਟ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਦੁੱਖ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਸਮੱਗਲਰਾਂ ਵਿਰੁੱਧ ਕਾਰਵਾਈ ਕਰਨ ’ਚ ਕਾਂਗਰਸ ਨੂੰ ਅਸਫਲ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਨਾਲ ਵਿਸ਼ਵਾਸਘਾਤ ਕੀਤਾ ਹੈ ਅਤੇ ਕਿਹਾ ਕਿ ਕਾਂਗਰਸ ਪਾਰਟੀ ਸੂਬੇ ’ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਇਕ ਰੋਡ ਮੈਪ ਤਿਆਰ ਕਰੇਗੀ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਵਿਰੁੱਧ ਤਾਕਤ ਦੀ ਵਰਤੋਂ ਕਰ ਰਹੇ ਹਨ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਸਿੱਖ ਸੰਸਥਾਵਾਂ ਦਾ ਦਰਜਾ ਘਟਾਉਣ ਲਈ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ’ਤੇ ਵੀ ਵਰ੍ਹੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਸਿੱਖ ਮਹਾਪੁਰਖਾਂ ਸਾਹਮਣੇ ਜਨਤਕ ਤੌਰ ’ਤੇ ਆਪਣਾ ਦੋਸ਼ ਕਬੂਲ ਕੀਤਾ ਅਤੇ ਸਜ਼ਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਜਥੇਦਾਰਾਂ ਨੂੰ ਹਟਾ ਦਿੱਤਾ।
ਇਸ ਰੈਲੀ ਨੂੰ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ, ਸਾਬਕਾ ਉੱਪ ਮੁੱਖ ਮੰਤਰੀ ਅਤੇ ਐੱਮ. ਪੀ. ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਕਾਂਗਰਸ ਦੇ ਇੰਚਾਰਜ ਰਸ਼ਿੰਦਰ ਸਿੰਘ ਮਹਾਰ ਤੋਂ ਇਲਾਵਾ ਹੋਰ ਆਗੂਆਂ ਨੇ ਸੰਬੋਧਨ ਕੀਤਾ। ਰੈਲੀ ਦੇ ਆਯੋਜਕ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਿਹਾ ਕਿ ਪੰਜਾਬ ਵਿਚ ਫਿਰਕੂ ਤਾਕਤਾਂ ਸਿਰ ਚੁੱਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਹੀ ਇਕੋ-ਇਕ ਅਜਿਹੀ ਪਾਰਟੀ ਹੈ, ਜੋ ਲੋਕਾਂ ਨੂੰ ਇਕਜੁੱਟ ਰੱਖ ਸਕਦੀ ਹੈ ਅਤੇ ਪੰਜਾਬ ਨੂੰ ਸੁਰੱਖਿਅਤ ਰੱਖ ਸਕਦੀ ਹੈ।
ਉਨ੍ਹਾਂ ਕਿਹਾ ਕਿ ਇੰਡੀਅਨ ਯੂਥ ਕਾਂਗਰਸ ਵੱਲੋਂ ’ਨੌਕਰੀ ਦੇਵੋ, ਨਸ਼ਾ ਨਹੀਂ’ ਮੁਹਿੰਮ ਦਾ ਉਦੇਸ਼ ‘ਆਪ’ ਸਰਕਾਰ ਦੇ ਦੋਹਰੇ ਮਾਪਦੰਡਾਂ ਦਾ ਪਰਦਾਫਾਸ਼ ਕਰਨਾ ਸੀ। ਉਨ੍ਹਾਂ ਪੰਚਾਇਤ ਅਤੇ ਨਗਰ ਨਿਗਮ ਚੋਣਾਂ ਵਿਚ ਧਾਂਦਲੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਜਾਂਚ ਕਮਿਸ਼ਨ ਗਠਿਤ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਪੰਜਾਬ ਕਾਂਗਰਸ ਦੇ ਇੰਚਾਰਜ ਰਿਸ਼ੇਂਦਰ ਸਿੰਘ ਮਹਾਰ ਦਾ ਨਸ਼ਿਆਂ ਵਿਰੁੱਧ ਮੁਹਿੰਮ ’ਚ ਯੂਥ ਕਾਂਗਰਸ ਨੂੰ ਪੂਰਾ ਸਮਰਥਨ ਦੇਣ ਲਈ ਧੰਨਵਾਦ ਕੀਤਾ।
ਇਸ ਮੌਕੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਰਜਿੰਦਰ ਸਿੰਘ, ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਹਰਿੰਦਰਪਾਲ ਸਿੰਘ ਹੈਰੀਮਾਨ, ਵਿਸ਼ਨੂੰ ਸ਼ਰਮਾ, ਚੌਧਰੀ ਨਿਰਮਲ ਸਿੰਘ ਭੱਟੀਆਂ, ਜ਼ਿਲਾ ਸ਼ਹਿਰੀ ਪ੍ਰਧਾਨ ਨਰੇਸ਼ ਦੁੱਗਲ ਸਮੇਤ ਸਮੁੱਚੇ ਬਲਾਕ ਕਾਂਗਰਸ ਅਤੇ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਹਾਜ਼ਰ ਸੀ।
