1267 ਸਰਪੰਚਾਂ ਅਤੇ 7208 ਪੰਚਾਂ ਨੇ ਆਪਣੇ ਅਹੁਦੇ ਦਾ ਲਿਆ ਹਲਫ
ਬਟਾਲਾ : ਦਾਣਾ ਮੰਡੀ ਬਟਾਲਾ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਅਤੇ ਪ੍ਰਬੰਧਕੀ ਸੁਧਾਰ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲਾ ਗੁਰਦਾਸਪੁਰ ਵਿਚ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਜ਼ਿਲੇ ਦੇ 11 ਬਲਾਕਾਂ ’ਚ ਚੁਣੇ 1267 ਸਰਪੰਚਾਂ ਅਤੇ 7208 ਪੰਚਾਂ ਨੇ ਆਪਣੇ ਅਹੁਦੇ ਦਾ ਹਲਫ ਲਿਆ।

ਸਰਪੰਚਾਂ ਅਤੇ ਪੰਚਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਨਿਰਪੱਖ ਅਤੇ ਪਾਰਦਰਸੀ ਢੰਗ ਨਾਲ ਕਰਵਾਉਣ ’ਚ ਨਵੀਂ ਮਿਸਾਲ ਕਾਇਮ ਕੀਤੀ ਹੈ, ਕਿਉਂਕਿ ਇਹ ਪੰਚਾਇਤੀ ਚੋਣਾਂ ਪਿੰਡਾਂ ਨੂੰ ਸਿਆਸੀ ਧੜੇਬੰਦੀ ਦੇ ਪਰਛਾਵੇਂ ਤੋਂ ਦੂਰ ਰੱਖਣ ਲਈ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਤੋਂ ਬਿਨਾਂ ਕਰਵਾਈਆਂ ਗਈਆਂ ਸਨ। ਇਸ ਕਦਮ ਨਾਲ ਲੋਕਾਂ ’ਚ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।
ਇਸ ਦੌਰਾਨ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਮ ਮੀਰ, ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ. ਡੀ. ਐੱਮ. ਬਟਾਲਾ ਵਿਕਰਮਜੀਤ ਸਿੰਘ, ਡੀ. ਡੀ. ਪੀ. ਓ. ਗੁਰਪ੍ਰੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ।