– ਹਰਿਆਣਾ ਦੇ ਕਿਸਾਨਾਂ ਨੇ ਨੰਗੇ ਧੜ ਹੋ ਕੇ ਕੀਤਾ ਪ੍ਰਦਰਸ਼ਨ
– 14 ਦੀ ਮੀਟਿੰਗ ਵਿਚ ਮੋਦੀ ਐੱਮ. ਐੱਸ. ਪੀ ਅਤੇ ਹੋਰ ਮੰਗਾਂ ਨੂੰ ਮੰਨਣ ਦਾ ਐਲਾਨ ਕਰਨ – ਡੱਲੇਵਾਲ
ਖਨੌਰੀ : ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀਂ ਮੰਗਾਂ ਲਈ ਅੱਜ ਖਨੌਰੀ ਬਾਰਡਰ ਵਿਖੇ ਮਹਾਪੰਚਾਇਤ ਦੌਰਾਨ ਪੁੱਜੇ ਹਜ਼ਾਰਾਂ ਕਿਸਾਨਾਂ ਨੇ ਰੋਸ ਰੈਲੀ ਕੀਤੀ। ਇਸ ਮੌਕੇ ਹਰਿਆਣਾ ਦੇ ਕਿਸਾਨਾਂ ਨੇ ਨੰਗੇ ਧੜ ਹੋ ਕੇ ਪ੍ਰਦਰਸ਼ਨ ਕੀਤਾ ਹੈ।

ਇਸ ਮੌਕੇ ਖਨੌਰੀ ਬਾਰਡਰ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜੋ ਕਿ 79ਵੇਂ ਦਿਨ ਦੇ ਮਰਨ ਵਰਤ ’ਤੇ ਪਹੁੰਚ ਚੁੱਕੇ ਹਨ, ਨੇ ਆਪਣੀ ਟਰਾਲੀ ’ਚੋਂ ਹੀ ਸੰਬੋਧਨ ਕਰਦਿਆਂ ਆਖਿਆ ਕਿ 14 ਫਰਵਰੀ ਨੂੰ ਕਿਸਾਨਾਂ ਅਤੇ ਕੇਂਦਰ ਦੀ ਹੋ ਰਹੀ ਮੀਟਿੰਗ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐੱਮ. ਐੱਸ. ਪੀ. ਅਤੇ ਹੋਰ ਮੰਗਾਂ ਨੂੰ ਮੰਨਣ ਦਾ ਐਲਾਨ ਕਰਨ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅੱਜ ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਬੇੜੀਆਂ ਨਾਲ ਬੰਨ੍ਹ ਕੇ ਅਮਰੀਕਾ ਤੋਂ ਵਾਪਸ ਭੇਜ ਕੇ ਜਲੀਲ ਕੀਤਾ ਜਾ ਰਿਹਾ ਹੈ ਅਤੇ ਅੱਜ ਇਹ ਗੱਲ ਸਾਡੀ ਸਰਕਾਰ ਨੂੰ ਸੋਚਣਾ ਚਾਹੀਦੀ ਹੈ ਕਿ ਦੇਸ਼ ਦੇ ਨੌਜਵਾਨ ਆਪਣਾ ਦੇਸ਼ ਛੱਡ ਕੇ ਬਾਹਰ ਜਾਣ ਲਈ ਕਿਉਂ ਮਜਬੂਰ ਹੋ ਰਹੇ ਹਨ, ਉਸਦਾ ਸਭ ਤੋਂ ਵੱਡਾ ਕਾਰਨ ਹੈ ਕਿ ਸਾਡੇ ਦੇਸ਼ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਮਿਲ ਰਿਹਾ, ਜਿਸ ਕਾਰਨ ਹੀ ਉਨ੍ਹਾਂ ਨੂੰ ਮਜਬੂਰੀ ਵੱਸ ਪ੍ਰਵਾਸ ਕਰਨਾ ਪੈ ਰਿਹਾ ਹੈ। ਦੇਸ਼ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦੀ ਲੋੜ ਹੈ।
14 ਫਰਵਰੀ ਨੂੰ ਖੁਦ ਹਾਜ਼ਰ ਹੋਣਾ ਚਾਹੁੰਦੇ ਹਨ ਮੀਟਿੰਗ ’ਚ ਡੱਲੇਵਾਲ
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿਚ ਮੈਂ ਖੁਦ ਹਾਜ਼ਰ ਹੋਵਾਂ ਤਾਂ ਜੋ ਇਕੱਠੇ ਹੋ ਕੇ ਕਿਸਾਨਾਂ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰ ਸਕੀਏ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਸੰਸਦ ਅੱਗੇ ਝੁਕਦੇ ਕਹਿੰਦੇ ਸਨ ਕਿ ਮੈਂ ਸੰਸਦ ਦੀ ਹਰ ਭਾਵਨਾ ਦਾ ਸਤਿਕਾਰ ਕਰਾਂਗਾ ਪਰ ਉਸੇ ਸੰਸਦ ਦੀ ਖੇਤੀਬਾੜੀ ਬਾਰੇ ਸਥਾਈ ਕਮੇਟੀ ਨੇ ਆਪਣੀ ਰਿਪੋਰਟ ਵਿਚ ਝਛਸ਼ ਦਾ ਗਾਰੰਟੀ ਕਾਨੂੰਨ ਬਣਾਉਣ ਦੀ ਸਿਫਾਰਸ਼ ਕੀਤੀ ਹੈ ਪਰ ਮੋਦੀ ਸਰਕਾਰ ਸੰਸਦ ਦੀ ਰਿਪੋਰਟ ਨੂੰ ਲਾਗੂ ਨਹੀਂ ਕਰ ਰਹੀ।
ਅੱਜ ਮਹਾਪੰਚਾਇਤ ਵਿਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ, ਹਿਮਾਚਲ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਦੇ ਕਿਸਾਨ ਅਤੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ।
