ਜਿਲ੍ਹਾ ਬਰਨਾਲਾ ਦੇ ਕਸਬਾ ਧਨੌਲਾ ਵਿਚ ਮਾਲਵੇ ਦੇ ਪ੍ਰਸਿੱਧ ਧਾਰਮਿਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਜੀ ਵਿਖੇ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸੱਚਖੰਡ ਵਾਸੀ ਸੰਤ ਬਾਬਾ ਰਾਜਵੰਤ ਸਿੰਘ ਜੀ ਨੂੰ ਯਾਦ ਕਰਦਿਆਂ 7 ਜਨਵਰੀ ਤੋਂ ਸ਼ੁਰੂ ਹੋ ਕੇ 9 ਜਨਵਰੀ ਤੱਕ ਸ਼ਰਧਾ ਤੇ ਉਤਸ਼ਾਹ ਨਾਲ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਸੰਤ ਬਾਬਾ ਅਜੇ ਨੌਨਿਹਾਲ ਸਿੰਘ ਜੀ ਦੀ ਅਗਵਾਈ ਹੇਠ ਹੋਇਆ। ਜਿਸ ’ਚ ਪੰਜਾਬ ਭਰ ਦੇ ਸ਼ਰਧਾਲੂਆਂ ਤੋਂ ਇਲਾਵਾ ਦੇਸ਼-ਵਿਦੇਸ਼ ’ਚ ਵਸਦੀਆਂ ਸੰਗਤਾਂ ਤੇ ਧਾਰਮਿਕ, ਸਮਾਜਿਕ, ਰਾਜਨੀਤਕ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ ਤੇ ਗੁਰੂ ਘਰ ਨਤਮਸਤਕ ਹੋ ਕੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ।
ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 91 ਪਾਠਾਂ ਦੇ ਭੋਗ ਸਰਬੱਤ ਦੇ ਭਲੇ ਤੇ ਨਗਰ ਖੇੜੇ ਦੀ ਚੜ੍ਹਦੀ ਕਲਾ ਲਈ ਪਾਏ ਗਏ ਹਜ਼ੂਰੀ ਰਾਗੀਆਂ ਵੱਲੋਂ ਰਸਭਿੰਨੇ ਕੀਰਤਨ ਰਾਹੀਂ ਵੱਡੀ ਗਿਣਤੀ ’ਚ ਜੁੜੀਆਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਪ੍ਰਬੰਧਕ ਤੇ ਮੁੱਖ ਸੇਵਾਦਾਰ ਐਡਵੋਕੇਟ ਸੰਤ ਬਾਬਾ ਅਜੇਨੋਨਿਹਾਲ ਸਿੰਘ ਨੇ ਕਿਹਾ ਕਿ ਸਾਨੂੰ ਗੁਰੂ ਮਹਾਰਾਜ ਜੀ ਦੇ ਦਰਸਾਏ ਮਾਰਗਾਂ ’ਤੇ ਚੱਲਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ‘ਕਿਰਤ ਕਰੋ ਵੰਡ ਸਕੋ’ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਗੁਰੂ ਘਰ ਨਾਲ ਜੁੜੇ ਰਹਿਣਾ ਚਾਹੀਦਾ ਹੈ, ਗੁਰੂ ਮਹਾਰਾਜ ਦੀ ਪਵਿੱਤਰ ਬਾਣੀ ਨੂੰ ਸਰਵਣ ਕਰ ਕੇ ਗੁਰੂ ਵਾਲੇ ਬਨਣਾ ਚਾਹੀਦਾ ਹੈ। ਇਸ ਸਮੇਂ ਉਨ੍ਹਾਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਲਈ ਲੰਗਰ ਅਤੁੱਟ ਵਰਤਾਇਆ ਗਿਆ।