ਗੁਰਪਤਵੰਤ ਪੰਨੂ ਵਾਰ-ਵਾਰ ਦੇਸ਼ ਨੂੰ ਚੁਣੌਤੀ ਦਿੰਦਾ ਹੈ, ਹੁਣ ਉਸ ਨੂੰ ਸਬਕ ਸਿਖਾਉਣਾ ਜ਼ਰੂਰੀ : ਲਾਲ ਚੰਦ ਕਟਾਰੂਚੱਕ

ਕਿਹਾ-14 ਨੂੰ ਪੰਨੂ ਨੂੰ ਪਤਾ ਲੱਗ ਜਾਵੇਗਾ ਕਿ ਪੰਜਾਬ ਦੇ ਲੋਕਾਂ ਦੇ ਦਿਲਾਂ |ਚ ਬਾਬਾ ਸਾਹਿਬ ਲਈ ਕਿੰਨਾ ਪਿਆਰ ਹੈ

ਪਠਾਨਕੋਟ :- ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ’ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਨੂ ਅਕਸਰ ਵਿਦੇਸ਼ੀ ਧਰਤੀ ਤੋਂ ਦੇਸ਼ ਨੂੰ ਚੁਣੌਤੀ ਦੇਣ ਵਾਲੇ ਬਿਆਨ ਦਿੰਦਾ ਹੈ, ਉਸਨੂੰ ਸਬਕ ਸਿਖਾਉਣਾ ਬਹੁਤ ਜ਼ਰੂਰੀ ਹੈ।
ਅੱਜ ਪਠਾਨਕੋਟ ’ਚ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਗੁਰਪਤਵੰਤ ਸਿੰਘ ਪੰਨੂ ਹਮੇਸ਼ਾ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਠੇਸ ਪਹੁੰਚਾਉਣ ਵਾਲੇ ਬਿਆਨ ਦਿੰਦਾ ਹੈ। ਇਸ ਵਾਰ ਉਸਨੇ ਬਾਬਾ ਸਾਹਿਬ ਅੰਬੇਡਕਰ ’ਤੇ ਅਪਮਾਨਜਨਕ ਟਿੱਪਣੀਆਂ ਕਰ ਕੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਹੈ।
ਉਨ੍ਹਾਂ ਦੇ ਬਿਆਨ ਨੇ ਨਾ ਸਿਰਫ਼ ਦਲਿਤ ਭਾਈਚਾਰੇ ਨੂੰ ਸਗੋਂ ਦੇਸ਼ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਠੇਸ ਪਹੁੰਚਾਈ ਹੈ, ਜੋ ਸੰਵਿਧਾਨ ’ਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਰਾਹੀਂ ਬਾਬਾ ਸਾਹਿਬ ਨੇ ਦੇਸ਼ ਦੇ ਸਾਰੇ ਲੋਕਾਂ ਨੂੰ ਬਰਾਬਰ ਕਾਨੂੰਨੀ ਅਧਿਕਾਰ ਦਿੱਤੇ ਅਤੇ ਸਮਾਜ ਦੇ ਦੱਬੇ-ਕੁਚਲੇ ਲੋਕਾਂ ਨੂੰ ਉੱਠਣ ਦਾ ਮੌਕਾ ਪ੍ਰਦਾਨ ਕੀਤਾ। ਉਹ ਹਮੇਸ਼ਾ ਭਾਰਤ ਦੇ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਰਹੇ ਹਨ। ਉਨ੍ਹਾਂ ਵਿਰੁੱਧ ਅਜਿਹੀਆਂ ਟਿੱਪਣੀਆਂ ਗੁਰਪਤਵੰਤ ਪੰਨੂ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ।
ਕਟਾਰੂਚੱਕ ਨੇ ਕਿਹਾ ਕਿ ਪੰਨੂ ਨੂੰ ਇਹ ਭਰਮ ਸੀ ਕਿ ਉਹ ਬਾਬਾ ਸਾਹਿਬ ਦੀਆਂ ਮੂਰਤੀਆਂ ਨੂੰ ਨੁਕਸਾਨ ਪਹੁੰਚਾਏਗਾ। 14 ਤਰੀਕ ਨੂੰ ਉਸਨੂੰ ਪਤਾ ਲੱਗ ਜਾਵੇਗਾ ਕਿ ਪੰਜਾਬ ਦੇ ਲੋਕ ਬਾਬਾ ਸਾਹਿਬ ਨੂੰ ਕਿੰਨਾ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਰਕਰ ਅਤੇ ਆਗੂ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਬਾਬਾ ਸਾਹਿਬ ਦੀ ਜਯੰਤੀ ਨੂੰ ਬਹੁਤ ਧੂਮਧਾਮ ਨਾਲ ਮਨਾਉਣਗੇ ਅਤੇ ਸੂਬੇ ਭਰ ਵਿੱਚ ਸਥਾਪਤ ਉਨ੍ਹਾਂ ਦੇ ਸਾਰੇ ਬੁੱਤਾਂ ਦੀ ਰੱਖਿਆ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੀਆਂ ਸਾਰੀਆਂ ਤਿਆਰੀਆਂ ਪਾਰਟੀ ਪੱਧਰ ‘ਤੇ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਨਾਲ ਸਬੰਧਿਤ ਇੱਕ ਪ੍ਰੋਗਰਾਮ 14 ਅਪ੍ਰੈਲ ਨੂੰ ਹਰੇਕ ਜ਼ਿਲ੍ਹਾ ਹੈਡਕੁਆਰਟਰਾਂ ’ਚ ਆਯੋਜਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਕ੍ਰਾਂਤੀਕਾਰੀਆਂ ਦੀ ਧਰਤੀ ਹੈ। ਪੰਨੂ ਵਰਗੇ ਲੋਕਾਂ ਦੀਆਂ ਛੋਟੀਆਂ-ਮੋਟੀਆਂ ਗੱਲਾਂ ਨਾਲ ਇੱਥੋਂ ਦੇ ਲੋਕਾਂ ਦਾ ਆਪਸੀ ਭਾਈਚਾਰਾ ਟੁੱਟਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸੇ ਨੂੰ ਵੀ ਸਮਾਜ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਪਿਛਲੇ ਤਿੰਨ ਸਾਲਾਂ ਦੌਰਾਨ, ਸਰਕਾਰ ਨੇ ਅਜਿਹੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *