ਐੱਸ. ਡੀ. ਐੱਮ. ਵਿਕਾਸ ਹੀਰਾ, ਚੇਅਰਮੈਨ ਢਿੱਲੋਂ ਅਤੇ ਚੇਅਰਮੈਨ ਘੁੱਲੀ ਨੇ ਲਿਆ ਜਾਇਜ਼ਾ
Dhuri news : ਬੀਤੇ ਦਿਨੀਂ ਸਬ-ਡਵੀਜ਼ਨ ਧੂਰੀ ਦੇ ਪਿੰਡ ਘਨੌਰੀ ਕਲਾਂ ਤੇ ਕਾਤਰੋਂ ਦੀ ਸਾਂਝੀ ਜਗ੍ਹਾ ’ਤੇ ਕੁਝ ਕਿਸਾਨਾਂ ਦੀ ਕਣਕ ਦੀ ਫਸਲ ਨੂੰ ਅਚਨਚੇਤ ਅੱਗ ਲੱਗ ਜਾਣ ਦੀ ਘਟਨਾ ਵਾਪਰਨ ਤੋਂ ਬਾਅਦ ਐੱਸ. ਡੀ. ਐੱਮ. ਧੂਰੀ ਵਿਕਾਸ ਹੀਰਾ, ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਪੀੜਤ ਕਿਸਾਨਾਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਐੱਸ. ਡੀ. ਐੱਮ. ਵਿਕਾਸ ਹੀਰਾ ਨੇ ਦੱਸਿਆ ਕਿ ਜਿਵੇਂ ਹੀ ਇਸ ਦੁਖਾਂਤਕ ਘਟਨਾ ਦੇ ਵਾਪਰਨ ਬਾਰੇ ਉਨ੍ਹਾਂ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਗੱਡੀਆਂ ਨੂੰ ਮੌਕੇ ’ਤੇ ਭੇਜਦਿਆਂ ਹੋਇਆਂ ਮਾਮਲਾ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੇ ਧਿਆਨ ’ਚ ਲਿਆਂਦਾ। ਉਨ੍ਹਾਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪੀੜਤ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਦੇ ਬਣਦੇ ਉਚਿਤ ਮੁਆਵਜ਼ੇ ਸਬੰਧੀ ਰਿਪੋਰਟ ਬਣਾਉਣ ਲਈ ਪਟਵਾਰੀਆਂ ਨੂੰ ਹਦਾਇਤ ਕੀਤੀ ਗਈ ਹੈ।
ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁਆਵਜ਼ਾ ਪਾਲਸੀ ਦੇ ਨਿਯਮਾਂ ਮੁਤਾਬਕ ਪੀੜਤ ਕਿਸਾਨਾਂ ਨੂੰ ਬਣਦੀ ਰਾਸ਼ੀ ਦੇਣ ਲਈ ਇਹ ਮਾਮਲਾ ਸਰਕਾਰ ਦੇ ਧਿਆਨ ’ਚ ਲਿਆ ਦਿੱਤਾ ਗਿਆ ਹੈ।
ਇਸ ਮੌਕੇ ਐੱਸ. ਡੀ. ਐੱਮ. ਵੱਲੋਂ ਪਿੰਡਾਂ ਦੇ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਿੰਡਾਂ ’ਚ ਚੌਕਸੀ ਰੱਖਣ ਅਤੇ ਜੇਕਰ ਖੇਤਾਂ ਵਿਚ ਕਿਸੇ ਕਾਰਨ ਅੱਗ ਲੱਗਣ ਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਤੁਰੰਤ ਇਸ ਦੀ ਸੂਚਨਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦੀ ਜਾਵੇ ਤਾਂ ਜੋ ਫਾਇਰ ਬ੍ਰਿਗੇਡ ਦਸਤਿਆਂ ਦੀ ਮਦਦ ਲਈ ਜਾ ਸਕੇ।