5 ਮਾਰਚ ਨੂੰ ਚੰਡੀਗੜ੍ਹ ਵਿਚ ਸੰਯੁਕਤ ਕਿਸਾਨ ਮੋਰਚਾ (SKM) ਦੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਕਿਸਾਨਾਂ ਵਿਰੁੱਧ ਕਾਰਵਾਈ ਕੀਤੀ। ਕਿਸਾਨ ਦਾ ਇਲਜ਼ਾਮ ਹੈ ਕਿ ਦੇਰ ਰਾਤ ਪੁਲਿਸ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਆਗੂ ਦਿਲਬਾਗ ਸਿੰਘ ਗਿੱਲ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਕਿਸਾਨਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਿਸ ਸੰਗਰੂਰ ਵਿਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਉਗਰਾਹਾਂ ਦੇ ਘਰ ਵੀ ਪਹੁੰਚੀ ਪਰ ਉਹ ਘਰ ਵਿਚ ਮੌਜੂਦ ਨਹੀਂ ਸੀ। ਸੋਮਵਾਰ ਨੂੰ ਐੱਸ. ਕੇ. ਐੱਮ. ਆਗੂਆਂ ਨੇ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜੋ ਕਿ ਬੇਸਿੱਟਾ ਰਹੀ।
ਕਿਸਾਨਾਂ ਨੇ ਕਾਰਵਾਈ ਦਾ ਕੀਤਾ ਵਿਰੋਧ
ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪਹਿਲਾਂ ਹੀ ਚੰਡੀਗੜ੍ਹ ਪ੍ਰਸ਼ਾਸਨ ਨੂੰ ਚਿੱਠੀ ਭੇਜ ਕੇ ਧਰਨੇ ਸਬੰਧੀ ਜਾਣੂ ਕਰਵਾ ਦਿੱਤਾ ਹੈ। ਜਿਸ ਮਗਰੋਂ ਕੱਲ੍ਹ ਕਿਸਾਨ ਸੈਕਟਰ 34 ਦੇ ਖਾਲੀ ਮੈਦਾਨ ਵਿੱਚ ਆਪਣੀ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕਰਨਗੇ। ਉਹਨਾਂ ਕਿਹਾ ਕਿ ਕਿਸਾਨਾਂ ਵੱਲੋਂ ਆਮ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੇ ਦਿੱਲੀ ਦੇ ਬਾਰਡਰ ਉੱਪਰ ਵੀ 1 ਸਾਲ ਤੋਂ ਵੱਧ ਸਮਾਂ ਸਾਂਤੀ ਨਾਲ ਰੋਸ਼ ਪ੍ਰਦਰਸ਼ਨ ਕੀਤਾ ਸੀ। ਬੁਰਜਗਿੱਲ ਨੇ ਕਿਹਾ ਕਿ ਪੁਲਿਸ ਦੀ ਕਾਰਵਾਈ ਗਲਤ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕੀਤੀ ਸੀ ਅਪੀਲ
ਮੀਟਿੰਗ ਬੇਸਿਟਾ ਰਹਿਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਸੀ ਕਿ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਹਨਾਂ ਸਭ ਨਾਲ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ।
