ਨਾਕਿਆਂ ’ਤੇ ਮੁਸਤੈਦ ਪੁਲਿਸ ਦੇ ਜਵਾਨਾਂ ਨਾਲ ਗੱਲਬਾਤ ਕਰ ਕੇ ਮਨੋਬਲ ਵਧਾਇਆ
ਗੈਰ ਸਮਾਜਿਕ ਅਨਸਰਾਂ ਨੂੰ ਦਿੱਤੀ ਸਖਤ ਚਿਤਾਵਨੀ, ਕਿਸੇ ਨੂੰ ਅਮਨ ਕਾਨੂੰਨ ਭੰਗ ਨਹੀਂ ਕਰਨ ਦੇਵਾਂਗੇ : ਮਨਦੀਪ ਸਿੱਧੂ

ਸੰਗਰੂਰ :- ਡੀ. ਆਈ. ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਅੱਜ ਦੇਰ ਰਾਤ ਸੰਗਰੂਰ ’ਚ ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਦੀ ਅਗਵਾਈ ਕੀਤੀ। ਇਸ ਮੌਕੇ ਐੱਸ. ਐੱਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਸ਼ਹਿਰ ਦੇ ਫੁਹਾਰਾ ਚੌਂਕ ਨਜ਼ਦੀਕ ਪੁਲਿਸ ਵੱਲੋਂ ਕੀਤੀ ਗਈ ਨਾਕਾਬੰਦੀ ਦਾ ਅਚਨਚੇਤ ਨਿਰੀਖਣ ਕਰਦਿਆਂ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਡੀ. ਜੀ. ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਵਿਚ ਰੱਖਣ ਲਈ ਪੰਜਾਬ ਪੁਲਿਸ 24 ਘੰਟੇ ਸਰਗਰਮ ਹੈ।
ਉਨ੍ਹਾਂ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ’ਚ ਵਿਸ਼ੇਸ਼ ਚੈਕਿੰਗ ਅਭਿਆਨ ਜਾਰੀ ਹੈ ਅਤੇ ਉਹ ਵੀ ਅੱਜ ਸੰਗਰੂਰ ਅਤੇ ਬਰਨਾਲਾ ਵਿਖੇ ਪੁਲਿਸ ਵੱਲੋਂ ਲਗਾਏ ਨਾਕਿਆਂ ਅਤੇ ਪੈਟਰੋਲਿੰਗ ਪਾਰਟੀਆਂ ਵਿਚ ਤਾਇਨਾਤ ਜਵਾਨਾਂ ਦਾ ਮਨੋਬਲ ਵਧਾਉਣ ਲਈ ਅਚਨਚੇਤ ਦੌਰੇ ਕਰ ਰਹੇ ਹਨ।
ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ’ਚ 26 ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰ ਕੇ ਸ਼ੱਕੀ ਵਾਹਨਾਂ ਦੀ ਜਾਂਚ ਪ੍ਰਕਿਰਿਆ ਚੱਲ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਆਉਂਦੇ ਤਿਉਹਾਰਾਂ ਦੌਰਾਨ ਕਿਸੇ ਵੀ ਮਾੜੀ ਕਿਸਮ ਦੀ ਘਟਨਾ ਨੂੰ ਅੰਜਾਮ ਨਾ ਦੇ ਸਕੇ।
ਮਨਦੀਪ ਸਿੰਘ ਸਿੱਧੂ ਨੇ ਗੈਰ ਸਮਾਜਿਕ ਅਨਸਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਕਿਸੇ ਨੂੰ ਵੀ ਅਮਨ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।