ਮਰਨ ਵਰਤ 101ਵੇਂ ਦਿਨ ਵੀ ਜਾਰੀ
ਖਨੌਰੀ : ਖਨੌਰੀ ਬਾਰਡਰ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 101ਵੇਂ ਦਿਨ ਵਿਚ ਦਾਖਲ ਹੋ ਗਿਆ ਹੈ, ਜਿਨ੍ਹਾਂ ਇਕ ਵੀਡੀਓ ਸੰਦੇਸ਼ ਜਾਰੀ ਕਰ ਕੇ ਦੇਸ਼ ਭਰ ਦੇ ਉਨ੍ਹਾਂ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਕੱਲ ਉਨ੍ਹਾਂ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ’ਤੇ 1 ਦਿਨ ਦੀ ਸੰਕੇਤਿਕ ਭੁੱਖ ਹੜਤਾਲ ਵਿਚ ਸ਼ਾਮਲ ਹੋਏ।
ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ 2-3 ਦਿਨਾਂ ਤੋਂ ਜਗਜੀਤ ਸਿੰਘ ਡੱਲੇਵਾਲ ਦੇ ਪੈਰ ਸੁੱਜ ਰਹੇ ਹਨ ਅਤੇ ਪਾਣੀ ਘੱਟ ਪੀ ਹੋ ਰਿਹਾ ਅਤੇ ਪਿਸ਼ਾਬ ਰਾਹੀਂ ਪਾਣੀ ਜ਼ਿਆਦਾ ਨਿਕਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਡਰਿੱਪ ਰਾਹੀਂ ਡਾਕਟਰੀ ਸਹਾਇਤਾ ਬੰਦ ਕਰ ਦਿੱਤੀ ਗਈ ਹੈ ਅਤੇ ਸੀਨੀਅਰ ਡਾਕਟਰਾਂ ਦੀ ਟੀਮ ਵੱਲੋਂ ਪੂਰੀ ਸਥਿਤੀ ਉੱਪਰ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਭਲਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਮੌਜੂਦਾ ਹਾਲਾਤਾਂ ਅਤੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਕਰਨਗੇ।

8 ਮਾਰਚ ਦੇ ਦਿਹਾੜੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ : ਪੰਧੇਰ
ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਆਖਿਆ ਕਿ 8 ਮਾਰਚ ਦੇ ਬੀਬੀਆਂ ਦੇ ਦਿਹਾੜੇ ਲਈ ਪਿੰਡਾਂ ਅੰਦਰ ਤਿਆਰੀਆਂ ਚਲ ਰਹੀਆਂ ਹਨ, ਜਿਸਨੂੰ ਲੈ ਕੇ ਚੋਣ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 10 ਮਾਰਚ ਨੂੰ ਜ਼ੋਨ ਟਾਹਲੀ ਸਾਹਿਬ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 19 ਮਾਰਚ ਨੂੰ ਕੇਂਦਰ ਸਰਕਾਰ ਨਾਲ ਸਾਡੀ ਮੀਟਿੰਗ ਹੈ, ਇਸ ਲਈ ਹਰ ਪਿੰਡ ਵਿਚੋਂ ਇਕ ਟਰੈਕਟਰ-ਟਰਾਲੀ ਜ਼ਰੂਰ ਪੁੱਜੇ ਤਾਂ ਜੋ ਸਰਕਾਰ ’ਤੇ ਦਬਾਅ ਪਾ ਕੇ ਮੰਗਾਂ ਮਨਵਾਈਆਂ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਚੰਡੀਗੜ੍ਹ ਨਾ ਜਾਣ ’ਤੇ ਵੀ ਨਿੰਦਾ ਕੀਤੀ।
