ਦੋਵੇਂ ਮੁਲਜ਼ਮ ਗੋਲੀਆਂ ਲੱਗਣ ਨਾਲ ਜ਼ਖ਼ਮੀ
ਤਰਨ ਤਾਰਨ : ਪੰਜਾਬ ਦੇ ਸਰਹੱਦੀ ਇਲਾਕੇ ਖੇਮਕਰਨ ਵਿਚ ਤੜਕਸਾਰ ਵੱਡਾ ਐਨਕਾਊਂਟਰ ਹੋ ਗਿਆ। ਇਸ ਦੌਰਾਨ ਵਿਦੇਸ਼ ਬੈਠੇ ਗੈਂਗਸਟਰ ਦੇ ਗੁਰਗਿਆਂ ਵੱਲੋਂ ਪੰਜਾਬ ਪੁਲਸ ਦੇ ਮੁਲਾਜ਼ਮਾਂ ‘ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ।
ਜਵਾਬੀ ਕਾਰਵਾਈ ਵਿਚ ਪੁਲਸ ਟੀਮ ਨੇ ਵੀ ਫ਼ਾਇਰਿੰਗ ਕੀਤੀ। ਇਸ ਦੌਰਾਨ ਦੋਵੇਂ ਮੁਲਜ਼ਮ ਗੋਲ਼ੀਆਂ ਲੱਗਣ ਨਾਲ ਜ਼ਖ਼ਮੀ ਹੋ ਗਏ ਤੇ ਪੁਲਸ ਨੇ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਕਾਸ਼ ਸਿੰਘ ਵਾਸੀ ਪਿੰਡ ਝੁੱਗੀਆਂ ਕਾਲੂ ਜ਼ਿਲ੍ਹਾ ਤਰਨ ਤਾਰਨ ਅਤੇ ਪ੍ਰਭਦੀਪ ਸਿੰਘ ਉਰਫ਼ ਲਵ ਵਾਸੀ ਡਿੱਬੀਪੁਰਰਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਇਹ ਦੋਵੇਂ ਵਿਦੇਸ਼ ਬੈਠੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਗੁਰਗੇ ਸਨ।
ਇਹ ਦੋਵੇਂ ਬਦਮਾਸ਼ ਇਲਾਕੇ ਵਿਚ ਲੋਕਾਂ ਤੋਂ ਫਿਰੌਤੀ ਮੰਗਣ ਦਾ ਕੰਮ ਕਰਦੇ ਸਨ।
ਜਾਣਕਾਰੀ ਮੁਤਾਬਕ ਅੱਜ ਤੜਕਸਾਰ ਪੁਲਸ ਪਾਰਟੀ ਨੇ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਉਨ੍ਹਾਂ ਨੇ ਦੋਹਾਂ ਮੁਲਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਸ ਪਾਰਟੀ ‘ਤੇ ਫ਼ਾਇਰਿੰਗ ਕਰ ਦਿੱਤੀ। ਪੁਲਸ ਪਾਰਟੀ ਵੱਲੋਂ ਵੀ ਜਵਾਬੀ ਫ਼ਾਇਰਿੰਗ ਕੀਤੀ ਗਈ।
ਇਸ ਦੌਰਾਨ ਦੋਹਾਂ ਮੁਲਜ਼ਮਾਂ ਦੇ ਗੋਲ਼ੀਆਂ ਲੱਗੀਆਂ ਤੇ ਉਹ ਜ਼ਖ਼ਮੀ ਹੋ ਗਏ। ਪੁਲਸ ਨੇ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
