ਸ਼ਹਿਰ ’ਚ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ
ਗੁਰਦਾਸਪੁਰ – ਜ਼ਿਲਾ ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਅੱਜ ਸਵੇਰੇ ਗੁਰਦਾਸਪੁਰ ਸ਼ਹਿਰ ਦੇ ਬਾਜ਼ਾਰਾਂ ’ਚ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ।
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਨਗਰ ਕੌਂਸਲ ਗੁਰਦਾਸਪੁਰ ਦੇ ਈ. ਓ. ਭੁਪਿੰਦਰ ਸਿੰਘ ਅਤੇ ਕੌਂਸਲ ਦੀ ਟੀਮ ਨੇ ਅੱਜ ਸਵੇਰੇ ਤੜਕੇ ਮੱਛੀ ਮਾਰਕੀਟ, ਬਾਟਾ ਚੌਕ, ਜੇਲ ਰੋਡ, ਡਾਕਖ਼ਾਨਾ ਚੌਕ ਤੋਂ ਜਹਾਜ਼ ਚੌਕ ਤੱਕ ਬਾਜ਼ਾਰਾਂ ’ਚ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਕੀਤੀ । ਨਗਰ ਕੌਂਸਲ ਦੀ ਟੀਮ ਵੱਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਦੌਰਾਨ ਦੁਕਾਨਾਂ ਦੇ ਅੱਗੇ ਨਾਜਾਇਜ਼ ਪਾਏ ਵਾਧੇ ਅਤੇ ਰੋਕਾਂ ਨੂੰ ਹਟਾਇਆ ਗਿਆ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੂੰ ਇਹ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸ਼ਹਿਰ ਦੇ ਬਾਜ਼ਾਰਾਂ ’ਚ ਕੁਝ ਦੁਕਾਨਦਾਰਾਂ ਵੱਲੋਂ ਨਾਜਾਇਜ਼ ਕਬਜ਼ੇ ਕਰਨ ਕਰ ਕੇ ਬਾਜ਼ਾਰ ਬੇਹੱਦ ਭੀੜੇ ਹੋ ਗਏ ਹਨ ਅਤੇ ਲੋਕਾਂ ਦਾ ਉਥੋਂ ਲੰਘਣਾ ਬਹੁਤ ਮੁਸ਼ਕਲ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਕਾਰਨ ਅਕਸਰ ਹੀ ਬਾਜ਼ਾਰਾਂ ’ਚ ਟ੍ਰੈਫ਼ਿਕ ਜਾਮ ਲੱਗੇ ਰਹਿੰਦੇ ਹਨ ਅਤੇ ਸਕੂਲੀ ਬੱਚਿਆਂ ਅਤੇ ਕਈ ਵਾਰ ਐਂਬੂਲੈਂਸ ਵੀ ਇਸ ਜਾਮ ’ਚ ਫਸ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਅਤੇ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਪ੍ਰਸ਼ਾਸਨ ਵੱਲੋਂ ਇਹ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਬੇਦੀ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਇਸ ਤੋਂ ਪਹਿਲਾਂ ਦੁਕਾਨਦਾਰਾਂ ਨੂੰ ਕਈ ਵਾਰ ਬੇਨਤੀ ਕੀਤੀ ਗਈ ਸੀ ਕਿ ਉਹ ਖ਼ੁਦ ਹੀ ਆਪਣੀਆਂ ਦੁਕਾਨਾਂ ਅੱਗੋਂ ਨਾਜਾਇਜ਼ ਕਬਜ਼ੇ ਹਟਾ ਲੈਣ। ਉਨ੍ਹਾਂ ਕਿਹਾ ਕਿ ਕੁਝ ਦੁਕਾਨਦਾਰਾਂ ਨੇ ਆਪਣੀ ਜ਼ਿੰਮੇਵਾਰੀ ਸਮਝਦਿਆਂ ਕਬਜ਼ੇ ਹਟਾਏ ਵੀ ਸਨ ਪਰ ਫਿਰ ਵੀ ਕੁਝ ਅਜਿਹੇ ਦੁਕਾਨਦਾਰ ਸਨ, ਜੋ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਵੀ ਆਪਣੇ ਕਬਜ਼ੇ ਨਹੀਂ ਹਟਾ ਰਹੇ ਸਨ। ਆਖ਼ੀਰ ਲੋਕ ਹਿਤ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਪ੍ਰਸ਼ਾਸਨ ਨੂੰ ਕਬਜ਼ੇ ਹਟਾਉਣ ਦੀ ਇਹ ਕਾਰਵਾਈ ਕਰਨੀ ਪਈ ਹੈ।

ਦੁਕਾਨਾਂ ਬੰਦ ਕਰ ਕੇ ਦੁਕਾਨਦਾਰਾਂ ਨੇ ਦਿੱਤਾ ਧਰਨਾ
ਜ਼ਿਲਾ ਪ੍ਰਸ਼ਾਸਨ ਦੀ ਇਸ ਕਾਰਵਾਈ ਤੋਂ ਬਾਅਦ ਗੁਰਦਾਸਪੁਰ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਕੇ ਮੱਛੀ ਮਾਰਕੀਟ ਚੌਕ ’ਚ ਧਰਨਾ ਸ਼ੁਰੂ ਕਰ ਦਿੱਤਾ ਹੈ।ਦੁਕਾਨਦਾਰਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਅਣਗੌਲਿਆ ਕਰ ਕੇ ਦੁਕਾਨਾਂ ਨੂੰ ਢਾਹ ਦਿੱਤਾ ਹੈ, ਜਦੋਂਕਿ ਪ੍ਰਸ਼ਾਸਨ ਖੁਦ ਟ੍ਰੈਫਿਕ ਵਿਵਸਥਾ ਨੂੰ ਠੀਕ ਕਰਨ ਵਿਚ ਅਸਫਲ ਰਹਿ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਾਰਾ ਦੋਸ਼ ਦੁਕਾਨਦਾਰਾਂ ’ਤੇ ਮੜ੍ਹਿਆ ਜਾ ਰਿਹਾ ਹੈ ਪਰ ਸੱਚਾਈ ਇਹ ਹੈ ਕਿ ਪ੍ਰਸ਼ਾਸਨ ਖੁਦ ਗੁਰਦਾਸਪੁਰ ਸ਼ਹਿਰ ਵਿਚ ਟ੍ਰੈਫਿਕ ਨੂੰ ਕੰਟਰੋਲ ਨਹੀਂ ਕਰ ਪਾ ਰਿਹਾ, ਜਿਸ ਕਾਰਨ ਸ਼ਹਿਰ ਦੇ ਦੁਕਾਨਦਾਰ ਅਤੇ ਆਮ ਲੋਕ ਹਰ ਰੋਜ਼ ਪ੍ਰੇਸ਼ਾਨ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਦੁਕਾਨਦਾਰ ਪਹਿਲਾਂ ਹੀ ਮੰਦੀ ਦਾ ਸ਼ਿਕਾਰ ਹਨ ਅਤੇ ਪ੍ਰਸ਼ਾਸਨ ਨਿੱਤ ਦਿਨ ਅਜਿਹੀਆਂ ਕਾਰਵਾਈਆਂ ਕਰ ਕੇ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕਰਦਾ ਹੈ, ਜੋ ਕਿ ਗੁਰਦਾਸਪੁਰ ਸ਼ਹਿਰ ’ਚ ਟ੍ਰੈਫਿਕ ਵਿਵਸਥਾ ਨੂੰ ਠੀਕ ਢੰਗ ਨਾਲ ਨਾ ਚਲਾ ਸਕਣਾ ਖੁਦ ਪ੍ਰਸ਼ਾਸਨ ਦੀ ਨਾਕਾਮੀ ਹੈ।
