ਦਿਨ-ਦਿਹਾੜੇ ਗੋਲੀਆਂ ਮਾਰ ਕੇ ਆਮ ਆਦਮੀ ਪਾਰਟੀ ਦੇ ਸਰਪੰਚ ਦੇ ਭਰਾ ਦਾ ਕਤਲ

ਬਟਾਲਾ :- ਜਿਲਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਵਿਖੇ ਪਿੰਡ ਸਾਹਲੇ ਚੱਕ ਵੱਲ ਜਾਂਦੇ ਲਿੰਕ ਮਾਰਗ ’ਤੇ ਕੁਝ ਵਿਅਕਤੀਆਂ ਵੱਲੋਂ ਰੰਜਿਸ਼ ਤਹਿਤ ਪਿੰਡ ਸ਼ਹੂਰ ਕਲਾਂ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਗੁਰਵਿੰਦਰ ਸਿੰਘ ਦੇ ਛੋਟੇ ਭਰਾ ਨਿਰਮਲ ਸਿੰਘ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਪਤਾ ਲਗਦਿਆਂ ਹੀ ਐੱਸ .ਪੀ. ਡੀ. ਜੁਗਰਾਜ ਸਿੰਘ, ਐੱਸ. ਐੱਚ. ਓ. ਕਲਾਨੌਰ ਸਾਹਿਲ ਪਠਾਨੀਆ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਇਸ ਦੌਰਾਨ ਮ੍ਰਿਤਕ ਨਿਰਮਲ ਸਿੰਘ ਦੇ ਭਰਾ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਪਿੰਡ ਸ਼ਹੂਰ ਖੁਰਦ ਵਿਚ ਪੰਚਾਇਤੀ ਗਲੀ ਦਾ ਨਿਰਮਾਣ ਕਰਵਾ ਰਹੇ ਸੀ। ਇਸ ਦੌਰਾਨ ਨਿਰਮਾਣ ਕਾਰਜ ਨੂੰ ਰੋਕਣ ਨੂੰ ਲੈ ਕੇ ਦੂਸਰੀ ਧਿਰ ਵੱਲੋਂ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਨਾਂ ਦਾ ਇਕ ਸਾਥੀ ਜ਼ਖਮੀ ਹੋ ਗਿਆ ਸੀ ਅਤੇ ਉਸੇ ਦਿਨ ਤੋਂ ਹੀ ਉਨ੍ਹਾਂ ਨੂੰ ਵਿਰੋਧੀ ਧਿਰ ਵੱਲੋਂ ਗੋਲੀਆਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ।

ਅੱਜ ਦੁਪਹਿਰੇ ਮੇਰਾ ਛੋਟਾ ਭਰਾ ਨਿਰਮਲ ਸਿੰਘ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਕਲਾਨੌਰ ਤੋਂ ਆ ਰਿਹਾ ਸੀ ਕਿ ਉਸ ਨੂੰ ਕਲਾਨੌਰ ਦੇ ਬਾਹਰ ਪਿੰਡ ਸਾਹਲੇ ਚੱਕ ਰੋਡ ’ਤੇ ਗੋਲੀਆਂ ਮਾਰ ਦਿੱਤੀਆਂ, ਜੋ ਉਸਦੀ ਛਾਤੀ ਵਿਚ ਲੱਗੀਆਂ ਸਨ। ਜਦ ਉਨ੍ਹਾਂ ਵਲੋਂ ਜ਼ਖਮੀ ਨਿਰਮਲ ਸਿੰਘ ਨੂੰ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।

ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਉਸਦੇ ਭਰਾ ਦੇ ਕਾਤਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਦੂਜੇ ਪਾਸੇ ਘਟਨਾ ਸਥਾਨ ’ਤੇ ਪਹੁੰਚੇ ਐੱਸ. ਪੀ. ਡੀ. ਜੁਗਰਾਜ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਜਲਦ ਹੀ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *