ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ’ਤੇ ਦਿੱਲੀ ਤੋਂ 253 ਸ਼ਰਧਾਲੂਆਂ ਦਾ ਜਥਾ ਰਵਾਨਾ ਕੀਤਾ ਗਿਆ ਜੋ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਪਰਤੇਗਾ।
ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਜਥਾ ਰਵਾਨਾ ਕਰਦੇ ਹੋਏ ਦਿੱਲੀ ਕਮੇਟੀ ਦੇ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਨੇ ਸਾਰੇ ਸ਼ਰਧਾਲੂਆਂ ਦਾ ਸਨਮਾਨ ਕੀਤਾ ਅਤੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਵੀ ਜਥੇ ਵਿਚ ਜਾਣ ਵਾਲੀਆਂ ਸੰਗਤਾਂ ਨੂੰ ਵਧਾਈ ਦਿੱਤੀ।
ਚੰਢੋਕ ਨੇ ਦੱਸਿਆ ਕਿ ਇਸ ਵਾਰ ਦੇਸ਼ ਭਰ ਤੋਂ 6751 ਸ਼ਰਧਾਲੂਆਂ ਦੇ ਵੀਜ਼ੇ ਲੱਗੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ 253 ਵੀਜ਼ੇ ਅਪਲਾਈ ਕੀਤੇ ਸਨ ਤੇ ਸਾਰੇ ਹੀ ਵੀਜ਼ੇ ਲੱਗ ਗਏ ਹਨ।
