ਗੁਰਦਾਸਪੁਰ : ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੂੰ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਉਸੇ ਤਰ੍ਹਾਂ ਆਮ ਆਦਮੀ ਪਾਰਟੀ ਨੂੰ 2027 ਵਿਚ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ, ਇਸ ਦੇ ਉਲਟ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਕੇ ਲੋਕਾਂ ਨੂੰ ਮੁਸ਼ਕਲਾਂ ’ਚ ਪਾਇਆ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ ਪਰ ਜ਼ਮੀਨੀ ਪੱਧਰ ’ਤੇ ਅਜਿਹਾ ਕੁਝ ਵੀ ਦੇਖਣ ਨੂੰ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਲੋਕਾਂ ਨੂੰ ਸਹੂਲਤਾਂ ਦੇਣ ਅਤੇ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਦਾਅਵੇ ਕਰ ਰਹੀ ਹੈ ਪਰ ਜ਼ਮੀਨੀ ਪੱਧਰ ’ਤੇ ਸਥਿਤੀ ਬਿਲਕੁਲ ਵੱਖਰੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ’ਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਭਾਰੀ ਗੁੱਸਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਮਾਤਰ ਅਜਿਹੀ ਪਾਰਟੀ ਹੈ, ਜਿਸਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਤਿਹਾਸਕ ਜਿੱਤ ਦਰਜ ਕਰੇਗੀ ਅਤੇ ਆਮ ਆਦਮੀ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾਏਗੀ।
