ਮੀਟਰ ਲਗਾਉਣ ਬਦਲੇ ਪਹਿਲਾਂ ਲਈ ਸੀ 20,000 ਰੁਪਏ ਰਿਸ਼ਵਤ
ਲੁਧਿਆਣਾ : ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਾਵਰਕਾਮ ਦਫ਼ਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਜਮਾਲਪੁਰ, ਲੁਧਿਆਣਾ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਹੈ ਕਿ ਉਸ ਦੇ ਸ਼ੋਅਰੂਮ ’ਚ ਸੜੇ ਹੋਏ ਮੀਟਰ ਨੂੰ ਬਦਲ ਕੇ ਨਵਾਂ ਬਿਜਲੀ ਮੀਟਰ ਲਾਉਣ ਬਦਲੇ ਉਕਤ ਮੁਲਜ਼ਮ ਲਾਈਨਮੈਨ ਨੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ’ਚ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਇਸ ਕੰਮ ਲਈ ਪਹਿਲਾਂ ਹੀ 20,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਦੱਸਿਆ ਕਿ ਉਸ ਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਉਪਰੰਤ, ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਲਾਈਨਮੈਨ ਅਤੇ ਮੀਟਰ ਰੀਡਰ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਕੋਲੋਂ ਉਸ ਦੇ ਸ਼ੋਅਰੂਮ ਵਿਖੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
