ਭੜਕੇ ਕਿਸਾਨਾਂ ਨੇ ਮੁੜ ਇਕੱਠੇ ਹੋ ਕੇ ਘੇਰਿਆ ਡੀ. ਸੀ. ਦਫਤਰ
ਗੁਰਦਾਸਪੁਰ :- ਬੀਤੀ ਰਾਤ ਸ਼ੰਭੂ ਬਾਰਡਰ ’ਤੇ ਕਿਸਾਨਾਂ ਨੂੰ ਹਟਾਉਣ ਤੋਂ ਬਾਅਦ ਅੱਜ ਸਵੇਰ ਗੁਰਦਾਸਪੁਰ ਵਿਖੇ ਪੁਲਸ ਨੇ ਕਿਸਾਨਾਂ ਦਾ ਧਰਨਾ ਖਤਮ ਕਰਵਾਉਣ ਲਈ ਐਕਸ਼ਨ ਕੀਤਾ। ਇਸ ਦੇ ਚਲਦਿਆਂ ਸਵੇਰੇ 8 ਵਜੇ ਦੇ ਕਰੀਬ ਪੁਲਸ ਨੇ ਪਹੁੰਚ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫਤਰ ਸਾਹਮਣੇ ਪਿਛਲੇ ਚਾਰ ਦਿਨਾਂ ਤੋਂ ਚਲ ਰਿਹਾ ਧਰਨਾ ਖਤਮ ਕਰਵਾ ਦਿੱਤਾ। ਇਸ ਦੌਰਾਨ ਪੁਲਸ ਕਿਸਾਨਾਂ ਨੂੰ ਬੱਸਾਂ ਵਿਚ ਬਿਠਾ ਕੇ ਲੈ ਗਈ।
ਪੁਲਸ ਦੀ ਇਸ ਕਾਰਵਾਈ ਦਾ ਪਤਾ ਲਗਦਿਆਂ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ’ਚ ਰੋਸ ਦੀ ਲਹਿਰ ਦੌੜ ਗਈ, ਜਿਸ ਉਪਰੰਤ ਸਮੂਹ ਕਿਸਾਨਾਂ ਨੇ ਇਕੱਤਰ ਹੋ ਕੇ ਬਾਅਦ ਦੁਪਹਿਰ ਡਿਪਟੀ ਕਮਿਸ਼ਨਰ ਦਫਤਰ ਦਾ ਘਿਰਾਓ ਕਰ ਲਿਆ ਅਤੇ ਕਿਸਾਨ ਪੱਕਾ ਧਰਨਾ ਲਗਾ ਕੇ ਬੈਠ ਗਏ। ਇਸ ਦੌਰਾਨ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਔਰਤਾਂ ਵੀ ਪਹੁੰਚ ਗਈਆਂ।
ਇਸ ਦੌਰਾਨ ਲਖਵਿੰਦਰ ਸਿੰਘ ਵਰਿਆਮ ਨੰਗਲ, ਹਰਵਿੰਦਰ ਸਿੰਘ ਮਸਾਣੀਆਂ, ਝਿਰਮਿਲ ਸਿੰਘ ਬੱਜੂਮਾਨ, ਸੁਖਦੇਵ ਸਿੰਘ ਅੱਲੜਪਿੰਡੀ, ਸੁਖਵਿੰਦਰ ਸਿੰਘ, ਬੀਬੀ ਸੁਖਦੇਵ ਕੌਰ, ਹਰਜੀਤ ਕੌਰ ਨਾਨੋਵਾਲ ਆਦਿ ਸਮੇਤ ਹੋਰ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰਿਆਣੇ ਦੀਆਂ ਸਰਹੱਦਾਂ ’ਤੇ ਲੱਗਾ ਧਰਨਾ ਜਬਰਦਸਤੀ ਖਤਮ ਕਰਵਾ ਕੇ ਕਿਸਾਨ ਵਿਰੋਧੀ ਹੋਣ ਦਾ ਸੰਕੇਤ ਦਿੱਤਾ ਹੈ ਅਤੇ ਹੁਣ ਗੁਰਦਾਸਪੁਰ ਵਿਖੇ ਸ਼ਾਂਤੀਪੂਰਵਕ ਧਰਨਾ ਦੇ ਰਹੇ ਕਿਸਾਨਾਂ ਨਾਲ ਵੀ ਕਥਿਤ ਧੱਕੇਸ਼ਾਹੀ ਕੀਤੀ ਗਈ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ’ਤੇ ਜਬਰ ਕੀਤਾ ਹੈ। ਉਨ੍ਹਾਂ ਗੁਰਦਾਸਪੁਰ ਵਿਖੇ ਜ਼ਿਲਾ ਪੱਧਰੀ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਜਬਰੀ ਖਤਮ ਕਰਵਾਉਣ ਲਈ ਕੀਤੀ ਕਾਰਵਾਈ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਜਬਰਦਸਤੀ ਉਨ੍ਹਾਂ ਦੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਅਤੇ ਕਿਸਾਨਾਂ ਦੇ ਜਮਹੂਰੀ ਹੱਕ ਖੋਹੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਨੂੰ ਤੁਰੰਤ ਰਿਹਾਅ ਕਰੇ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰੇ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਤੇ ਪੰਜਾਬ ਪੱਧਰ ਦੀਆਂ ਹੋਰ ਮੰਗਾਂ ਦੀ ਪੂਰਤੀ ਕਰਨ ਦੀ ਮੰਗ ਰੱਖੀ ਅਤੇ ਨਾਲ ਹੀ 11 ਮਾਰਚ ਨੂੰ ਤਹਿਸੀਲ ਬਟਾਲਾ ਦੇ ਪਿੰਡ ਭਰਥ ਤੇ ਨੰਗਲ ਦੇ ਕਿਸਾਨਾਂ ਦੀ ਬਿਨਾਂ ਮੁਆਵਜ਼ਾ ਦਿੱਤੇ ਕਣਕ ਦੀ ਫ਼ਸਲ ਵਾਹੁਣ ’ਤੇ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ ’ਤੇ ਲਾਠੀਚਾਰਜ ਕਰ ਕੇ 7 ਕਿਸਾਨਾਂ ਨੂੰ ਜ਼ਖ਼ਮੀ ਕਰਨ ਵਾਲੇ ਪੁਲਸ ਅਧਿਕਾਰੀਆਂ ’ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ, ਨਸ਼ਟ ਕੀਤੀ ਫ਼ਸਲ ਤੇ ਜ਼ਖ਼ਮੀ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।
ਥਾਣਾ ਹਰਗੋਬਿੰਦਪੁਰ ’ਚ ਕਿਸਾਨਾਂ ’ਤੇ ਕੀਤੇ ਪਰਚੇ ਰੱਦ ਕੀਤੇ ਜਾਣ ਸਮੇਤ ਹੋਰ ਮੰਗਾਂ ਮੰਨੀਆਂ ਜਾਣ। ਕਿਸਾਨਾਂ ਦੇ ਇਸ ਵਿਸ਼ਾਲ ਧਰਨੇ ਤੋਂ ਬਾਅਦ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੇ ਅਤੇ ਉੱਚ ਅਧਿਕਾਰੀਆਂ ਨਾਲ ਰਾਬਤਾ ਕਰਵਾਇਆ। ਇਸ ਦੇ ਨਾਲ ਹੀ ਸਵੇਰੇ ਪੁਲਸ ਵੱਲੋਂ ਧਰਨੇ ’ਤੋਂ ਲਿਜਾਏ ਗਏ ਕਰੀਬ 15 ਕਿਸਾਨਾਂ ਆਗੂਆਂ ਨੂੰ ਵੀ ਵਾਪਸ ਧਰਨੇ ’ਤੇ ਲਿਆ ਕੇ ਰਿਹਾਅ ਕਰਵਾਇਆ ਗਿਆ।
ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਨਾ ਹੋਈ ਤਾਂ ਉਹ ਪਹਿਲਾਂ ਤੋਂ ਕੀਤੇ ਐਲਾਨ ਮੁਤਾਬਿਕ 24 ਮਾਰਚ ਨੂੰ ਰੇਲਾਂ ਰੋਕੀਆਂ ਜਾਣਗੀਆਂ।
