ਕਿਸੇ ਵੀ ਨਸ਼ਾ ਸਮੱਗਲਰ ਨੂੰ ਬਖਸ਼ਿਆ ਨਹੀਂ ਜਾਵੇਗਾ : ਐੱਸ. ਐੱਸ. ਪੀ.
ਬਰਨਾਲਾ -: ਬਰਨਾਲਾ ਪੁਲਸ ਨੇ ਬੁਲਡੋਜ਼ਰ ਨਾਲ ਇਕ ਮਹਿਲਾ ਨਸ਼ਾ ਸਮੱਗਲਰ ਦਾ ਘਰ ਤੋੜ ਦਿੱਤਾ।
ਐੱਸ. ਐੱਸ. ਪੀ. ਮੁਹੰਮਦ ਸਰਫਰਾਜ ਆਲਮ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੁਲਸ ਵੱਲੋਂ ‘ਨਸ਼ਿਆਂ ਵਿਰੁੱਧ ਯੁੱਧ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਬਰਨਾਲਾ ’ਚ ਇਕ ਨਸ਼ਾ ਸਮੱਗਲਰ ਦੀ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਪ੍ਰਾਪਰਟੀ ਨੂੰ ਤੋੜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਰਨਾਲਾ ’ਚ ਨਸ਼ਾ ਸਮੱਗਲਿੰਗ ’ਚ ਲੱਗੇ ਮਹਿਲਾ ਸਮੱਗਲਰ ਕਾਲੀ (ਪਤਨੀ ਚੰਨਣ ਸਿੰਘ) ਅਤੇ ਇਕ ਹੋਰ ਮਹਿਲਾ ’ਤੇ ਐੱਨ. ਡੀ. ਪੀ. ਐੱਸ. ਐਕਟ ਅਤੇ ਹੋਰ ਕਾਨੂੰਨੀ ਧਾਰਾਵਾਂ ਤਹਿਤ 15 ਤੋਂ ਵੱਧ ਮਾਮਲੇ ਦਰਜ ਹਨ। ਪੁਲਸ ਨੇ ਨਗਰ ਸੁਧਾਰ ਟਰੱਸਟ ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ।
ਐੱਸ. ਐੱਸ. ਪੀ. ਨੇ ਦੱਸਿਆ ਕਿ ਬਰਨਾਲਾ ਬੱਸ ਅੱਡੇ ਪਿੱਛੇ ਸਥਿਤ ਬਸਤੀ ’ਚ ਇਹ ਮਹਿਲਾ ਨਸ਼ਾ ਸਮੱਗਲਰ ਰਹਿੰਦੀ ਸੀ, ਜੋ ਲੰਬੇ ਸਮੇਂ ਤੋਂ ਨਸ਼ਾ ਸਮੱਗਲਿੰਗ ਦੀ ਗਤੀਵਿਧੀਆਂ ’ਚ ਸ਼ਾਮਲ ਸੀ। ਉਕਤ ਨਸ਼ਾ ਸਮੱਗਲਰ ਦੀ ਜ਼ਮੀਨ ਨਗਰ ਸੁਧਾਰ ਟਰੱਸਟ ਦੇ ਅਧੀਨ ਗੈਰ-ਕਾਨੂੰਨੀ ਪਾਈ ਗਈ ਸੀ। ਇਸ ਕਾਰਨ ਪੁਲਸ ਨੇ ਨਗਰ ਸੁਧਾਰ ਟਰੱਸਟ ਦੇ ਨਾਲ ਮਿਲ ਕੇ ਇਹ ਕਾਰਵਾਈ ਅੰਜਾਮ ਦਿੱਤੀ। ਉਨ੍ਹਾਂ ਕਿਹਾ ਕਿ ਪੁਲਸ ਹੋਰ ਵੀ ਜਾਂਚ ਕਰ ਰਹੀ ਹੈ ਅਤੇ ਜੇਕਰ ਕੋਈ ਹੋਰ ਵਿਅਕਤੀ ਨਸ਼ਿਆਂ ਦੀ ਕਾਲੇ ਧੰਦੇ ਰਾਹੀਂ ਗੈਰ-ਕਾਨੂੰਨੀ ਤਰੀਕੇ ਨਾਲ ਜ਼ਮੀਨ ਜਾਂ ਜਾਇਦਾਦ ਖਰੀਦ ਕੇ ਰਹਿ ਰਿਹਾ ਹੋਵੇ ਤਾਂ ਉਸ ਉਪਰ ਵੀ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਐੱਸ. ਐੱਸ. ਪੀ. ਨੇ ਕਿਹਾ ਕਿਸੇ ਵੀ ਨਸ਼ਾ ਸਮੱਗਲਰ ਨੂੰ ਬਖਸ਼ਿਆ ਨਹੀਂ ਜਾਵੇਗਾ। ਜੇਕਰ ਕੋਈ ਵਿਅਕਤੀ ਨਸ਼ਿਆਂ ਦੀ ਸਮੱਗਲਿੰਗ ’ਚ ਸ਼ਾਮਲ ਹੋਇਆ, ਤਾਂ ਉਸ ’ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਸਿਰਫ ਸ਼ੁਰੂਆਤ ਹੈ, ਅਸੀਂ ਹੋਰ ਨਸ਼ਾ ਸਮੱਗਲਰਾਂ ਦੀ ਜਾਂਚ ਕਰ ਰਹੇ ਹਾਂ ਅਤੇ ਜਲਦੀ ਹੀ ਹੋਰ ਵੱਡੀਆਂ ਕਾਰਵਾਈਆਂ ਹੋਣਗੀਆਂ।
ਐੱਸ. ਐੱਸ. ਪੀ. ਨੇ ਸਖਤ ਚਿਤਾਵਨੀ ਦਿੱਤੀ ਕਿ ਜੋ ਵੀ ਵਿਅਕਤੀ ਨਸ਼ਿਆਂ ਦੀ ਵਿਕਰੀ ਜਾਂ ਇਸ ਦੇ ਵੰਡਣ ’ਚ ਸ਼ਾਮਲ ਹੋਣਗੇ, ਉਨ੍ਹਾਂ ’ਤੇ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਐੱਸ. ਐੱਸ. ਪੀ. ਮੁਹੰਮਦ ਸਰਫ਼ਰਾਜ ਆਲਮ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਨਸ਼ਿਆਂ ਵਿਰੁੱਧ ਲੜਾਈ ਲਗਾਤਾਰ ਜਾਰੀ ਰਹੇਗੀ ਅਤੇ ਜਿਨ੍ਹਾਂ ਲੋਕਾਂ ਨੇ ਨਸ਼ਾ ਸਮੱਗਲਿੰਗ ਰਾਹੀਂ ਸੰਪਤੀ ਖਰੀਦਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

