ਦੇਸ਼ ਭਰ ਦਾ ਮੌਸਮ ਵਿਚ ਇਕਦਮ ਬਦਲ ਗਿਆ ਹੈ। ਵਧਦਾ ਤਾਪਮਾਨ ਰੁਕ ਗਿਆ ਹੈ। ਹਵਾ ਵਿਚ ਠੰਢਕ ਹੈ। ਇਹ ਸਭ ਪੱਛਮੀ ਗੜਬੜੀ ਕਾਰਨ ਹੋਇਆ। ਇਰਾਨ-ਇਰਾਕ ਵਿਚ ਪੈਦਾ ਹੋਈ ਇਸ ਗੜਬੜੀ ਨੇ ਹੌਲੀ-ਹੌਲੀ ਭਾਰਤ-ਪਾਕਿਸਤਾਨ ਦੀ ਸਰਹੱਦ ਤੱਕ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।
ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਮੀਂਹ ਅਤੇ ਬਰਫਬਾਰੀ ਹੋ ਰਹੀ ਹੈ। ਇਸ ਦੇ ਨਾਲ ਹੀ ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਦੇ ਰਾਜਾਂ ਦੇ ਮੈਦਾਨੀ ਹਿੱਸਿਆਂ ਵਿਚ ਵੀ ਬਾਰਿਸ਼ ਹੋ ਰਹੀ ਹੈ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਣੇ ਪੂਰੇ ਉਤਰੀ ਭਾਰਤ ਵਿਚ ਮੀਂਹ ਪੈ ਰਿਹਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਿਲਸਲਾ ਅਗਲੇ ਇਕ-ਦੋ ਦਿਨ ਜਾਰੀ ਰਹੇਗਾ। ਮੀਂਹ ਕਾਰਨ ਪਾਰਾ ਇਕਦਮ ਥੱਲੇ ਆ ਗਿਆ ਹੈ। ਪੰਜਾਬ ਦੇ ਕਈ ਜ਼ਿਲਿਆਂ ਵਿਚ ਤੇਜ਼ ਹਵਾਵਾਂ ਨਾਲ ਮੀਂਹ ਪਿਆ ਹੈ। ਕੱਲ੍ਹ ਇਕ ਮਾਰਚ ਨੂੰ ਵੀ ਮੌਸਮ ਇਸੇ ਤਰ੍ਹਾਂ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੰਜਾਬ ਦੇ 9 ਜ਼ਿਲ੍ਹਿਆਂ ਵਿਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 9 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐਸ. ਏ. ਐਸ. ਨਗਰ ਅਤੇ ਰੂਪਨਗਰ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਜੰਮੂ-ਕਸ਼ਮੀਰ ਵਿਚ ਗੜਬੜੀ ਦਾ ਖਾਸਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ‘ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ, ਜਦਕਿ ਉੱਚੇ ਇਲਾਕਿਆਂ ‘ਚ ਭਾਰੀ ਬਰਫਬਾਰੀ ਹੋ ਰਹੀ ਹੈ। ਇਸ ਦੇ ਨਾਲ ਹੀ ਹੇਠਲੇ ਹਿੱਸਿਆਂ ‘ਚ ਬਾਰਿਸ਼ ਜਾਰੀ ਹੈ। ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਇਹੀ ਸਥਿਤੀ ਹੈ। ਮੀਂਹ ਅਤੇ ਬਰਫਬਾਰੀ ਦਾ ਇਹ ਦੌਰ ਇਸ ਹਫਤੇ ਦੇ ਅੰਤ ਅਤੇ ਅਗਲੇ ਹਫਤੇ ਦੀ ਸ਼ੁਰੂਆਤ ਤੱਕ ਚੱਲੇਗਾ। ਹਿਮਾਚਲ ਪ੍ਰਦੇਸ਼ ਵਿਚ ਮੌਸਮ ਵਿਗਿਆਨ ਕੇਂਦਰ ਸ਼ਿਮਲਾ ਮੁਤਾਬਕ ਸ਼ੁੱਕਰਵਾਰ ਨੂੰ ਵੀ ਸੂਬੇ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ-ਹਰਿਆਣਾ, ਪੂਰਬੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੂਰਬੀ ਰਾਜਾਂ ਵਿੱਚ ਵੀ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਤੋਂ 48 ਘੰਟਿਆਂ ਤੱਕ ਉੱਤਰ-ਪੂਰਬੀ ਰਾਜਾਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।
