538 ਥਾਵਾਂ ‘ਤੇ ਛਾਪੇਮਾਰੀ, 112 ਸਮੱਗਲਰ ਗ੍ਰਿਫ਼ਤਾਰ
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਪੰਜਾਬ ਵਿਚ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ 538 ਥਾਵਾਂ ‘ਤੇ ਛਾਪੇਮਾਰੀ ਕਰ ਕੇ 112 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ। ਪੰਜਾਬ ਪੁਲਿਸ ਦੇ ਅਧਿਕਾਰੀ ਨੇ ਕਿਹਾ ਕਿ ਸਿਰਫ 10 ਦਿਨਾਂ ਵਿਚ ਕਾਰਵਾਈ ਦੌਰਾਨ ਹੋਈਆਂ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 1,436 ਹੋ ਗਈ ਹੈ।
ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਨਸ਼ਾ ਸਮੱਗਲਰਾਂ ਦੇ ਕਬਜ਼ੇ ਵਿਚੋਂ 1.8 ਕਿਲੋ ਹੈਰੋਇਨ, 200 ਗ੍ਰਾਮ ਅਫੀਮ, 15 ਕਿਲੋ ਭੁੱਕੀ, 3,874 ਨਸ਼ੀਲੀਆਂ ਗੋਲੀਆਂ ਅਤੇ ਟੀਕੇ ਅਤੇ 1.2 ਲੱਖ ਰੁਪਏ ਨਕਦ ਬਰਾਮਦ ਕੀਤੇ ਗਏ।
ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਕਿਹਾ ਕਿ 1,600 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 610 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।
10 ਦਿਨਾਂ ਵਿਚ ਸੂਬੇ ਵਿਚ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਵਿਚ ਬੇਮਿਸਾਲ ਸਫਲਤਾ ਪ੍ਰਾਪਤ ਕੀਤੀ – ਅਰੋੜਾ
ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਇਕਾਈ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪਿਛਲੇ 10 ਦਿਨਾਂ ਵਿਚ ਸੂਬੇ ਵਿੱਚ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਵਿਚ ਬੇਮਿਸਾਲ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਨੇ ਨਾਰਕੋਟਿਕਸ ਡਰੱਗਜ਼ ਅਤੇ ਐੱਨ. ਡੀ. ਪੀ.ਐਸ ਤਹਿਤ 988 ਐੱਫ. ਆਈ. ਆਰ. ਦਰਜ ਕੀਤੀਆਂ ਹਨ।
ਸਰਕਾਰ ਦੀ ਪੰਜਾਬ ਵਿਚੋਂ ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਦੀ ਵਚਨਬੱਧ – ਚੀਮਾ
ਮੰਤਰੀ ਹਰਪਾਲ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਪੰਜਾਬ ਵਿਚੋਂ ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਦੀ ਵਚਨਬੱਧਤਾ ਦਾ ਜ਼ਿਕਰ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਇਕ ਵਿਆਪਕ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਵਿੱਚ ਨਾਗਰਿਕਾਂ ਨੂੰ ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
