ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਲਿਆ ਹਿਰਾਸਤ ’ਚ; 3 ਅਪਰਾਧਿਕ ਮਾਮਲੇ ਵੀ ਕੀਤੇ ਦਰਜ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਲੋਹੜੀ ਦੇ ਤਿਉਹਾਰ ਦੇ ਸ਼ਾਂਤਮਈ ਜ਼ਸਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ’ਚ ਤਲਾਸ਼ੀ ਮੁਹਿੰਮ ਚਲਾਈ, ਜੋ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ’ਚ ਦੁਪਹਿਰ 2 ਤੋਂ ਸ਼ਾਮ 4 ਵਜੇ ਤੱਕ ਚਲਾਈ ਗਈ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀ. ਜੀ. ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਸੀ. ਪੀਜ਼/ਐੱਸ. ਐੱਸ. ਪੀਜ਼ ਨੂੰ ਪੁਲਿਸ ਸੁਪਰਡੈਂਟ (ਐੱਸ. ਪੀ.) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਗਿਣਤੀ ’ਚ ਪੁਲਿਸ ਬਲ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਬੱਸ ਸਟੈਂਡਾਂ ’ਤੇ ਆਉਣ/ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਪੁਲਿਸ ਟੀਮਾਂ ਨੇ ਪੁੱਛ-ਗਿੱਛ ਲਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਵੀ ਲਿਆ। ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਨਾਲ ਪੇਸ਼ ਆਉਣ ਦੀ ਸਖ਼ਤੀ ਨਾਲ ਹਦਾਇਤ ਕੀਤੀ ਗਈ ਸੀ।
493 ਪੁਲਿਸ ਟੀਮਾਂ ਨੇ 249 ਬੱਸ ਸਟੈਂਡਾਂ ’ਤੇ 3514 ਵਿਅਕਤੀਆਂ ਦੀ ਲਈ ਤਸ਼ਾਲੀ
ਸਪੈਸ਼ਲ ਡੀ. ਜੀ. ਪੀ. ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰਨ ਲਈ ਸੂਬੇ ਭਰ ਵਿਚ 3500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 493 ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਆਮ ਲੋਕਾਂ ਨੂੰ ਘੱਟੋ-ਘੱਟ ਅਸੁਵਿਧਾ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਰੀਬ 249 ਬੱਸ ਅੱਡਿਆਂ ’ਤੇ ਚਲਾਈ ਗਈ ਇਸ ਮੁਹਿੰਮ ਦੌਰਾਨ 3514 ਲੋਕਾਂ ਦੀ ਤਲਾਸ਼ੀ ਲਈ ਗਈ, ਜਦਕਿ ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ।
318 ਵਾਹਨਾਂ ਦੇ ਕੱਟੇ ਚਲਾਨ, 17 ਕੀਤੇ ਜ਼ਬਤ
ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਤਿੰਨ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਹਨ ਅਤੇ 950 ਗ੍ਰਾਮ ਭੁੱਕੀ, ਨਾਜਾਇਜ਼ ਸ਼ਰਾਬ ਦੀਆਂ 70 ਬੋਤਲਾਂ ਅਤੇ ਅਲਪਰਾਜ਼ੋਲਮ ਦੀਆਂ 120 ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਇਸ ਮੁਹਿੰਮ ਦੌਰਾਨ ਪੁਲੀਸ ਟੀਮਾਂ ਨੇ ਬੱਸ ਅੱਡਿਆਂ ਦੇ ਆਸ-ਪਾਸ ਖੜ੍ਹੇ ਵਾਹਨਾਂ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ 318 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 17 ਵਾਹਨ ਜ਼ਬਤ ਕੀਤੇ ਗਏ।
ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਕਿਹਾ ਕਿ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ।
