ਪੰਥ ਤੇ ਪੰਜਾਬ ਦੀ ਅਣਖ ਦੇ ਮਾਮਲੇ ’ਤੇ ਕੋਈ ਸਮਝੌਤਾ ਨਹੀਂ ਹੋਵੇਗਾ : ਸੁਖਬੀਰ ਬਾਦਲ

ਅਕਾਲੀ ਦਲ ਅਤੇ ਇਸਦੀ ਲੀਡਰਸ਼ਿਪ ਨੂੰ ਖ਼ਤਮ ਕਰਨ ਵਾਸਤੇ ਡੂੰਘੀਆਂ ਸਾਜ਼ਿਸ਼ਾਂ ਰਚੀਆਂ ਗਈਆਂ

ਅੰਮ੍ਰਿਤਸਰ :- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਡੈਲੀਗੇਟ ਸੈਸ਼ਨ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਪ੍ਰਧਾਨ ਚੁਣ ਲਿਆ ਗਿਆ। ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦਾ ਨਾਂ ਪੇਸ਼ ਕੀਤਾ, ਜਿਸ ਦੀ ਤਾਈਦ ਪਰਮਜੀਤ ਸਿੰਘ ਸਰਨਾ ਨੇ ਕੀਤੀ ਤੇ ਤਾਈਦ ਦੀ ਮਜੀਦ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕੀਤੀ।
ਡੈਲੀਗੇਟਸ ਨੇ ਕਿਸੇ ਹੋਰ ਉਮੀਦਵਾਰ ਦਾ ਨਾਂ ਪੇਸ਼ ਨਹੀਂ ਕੀਤਾ, ਜਿਸ ਮਗਰੋਂ ਪਾਰਟੀ ਦੇ ਮੁੱਖ ਚੋਣ ਅਫਸਰ ਜਥੇ. ਗੁਲਜ਼ਾਰ ਸਿੰਘ ਰਣੀਕੇ ਨੇ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੀ ਗੂੰਜ ਵਿਚ ਐਲਾਨ ਕੀਤਾ ਕਿ ਸੁਖਬੀਰ ਬਾਦਲ ਪਾਰਟੀ ਪ੍ਰਧਾਨ ਚੁਣੇ ਗਏ ਹਨ। ਡੈਲੀਗੇਟਸ ਨੇ ਪਾਰਟੀ ਦੀ ਨਵੀਂ ਵਰਕਿੰਗ ਕਮੇਟੀ ਦੇ ਗਠਨ ਲਈ ਵੀ ਪ੍ਰਧਾਨ ਸੁਖਬੀਰ ਬਾਦਲ ਨੂੰ ਅਧਿਕਾਰ ਸੌਂਪੇ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਤੁਹਾਨੂੰ ਇਹ ਪੱਕਾ ਵਾਅਦਾ ਕਰਦਾ ਹਾਂ ਕਿ ਖਾਲਸਾ ਪੰਥ, ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਾਣ-ਸਨਮਾਨ ਤੇ ਅਣਖ ਦੇ ਮਾਮਲੇ ’ਚ ਉਹ ਕਦੇ ਕੋਈ ਸਮਝੌਤਾ ਨਹੀਂ ਕਰਨਗੇ। ਪੰਥਕ ਏਕਤਾ ਦਾ ਸੱਦਾ ਦਿੰਦਿਆਂ ਉਨ੍ਹਾਂ ਨੇ ਅਕਾਲੀ ਦਲ ਤੋਂ ਦੂਰ ਗਏ ਆਗੂਆਂ ਨੂੰ ਅਪੀਲ ਕੀਤੀ ਕਿ ਆਪਸੀ ਮਤਭੇਦ ਭੁਲਾ ਕੇ ਅਕਾਲੀ ਦਲ ਦੇ ਬੈਨਰ ਹੇਠ ਪੰਥਕ ਮੁੱਖ ਧਾਰਾ ਵਿਚ ਸ਼ਾਮਲ ਹੋਣ। ਅਸੀਂ ਖਾਲਸਾ ਪੰਥ ਤੇ ਪੰਜਾਬ ਪ੍ਰਤੀ ਸਮਰਪਿਤ ਹਾਂ।
ਬਾਦਲ ਨੇ ਇਹ ਵੀ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਕਿਵੇਂ ਅਕਾਲੀ ਦਲ ਅਤੇ ਇਸ ਦੀ ਲੀਡਰਸ਼ਿਪ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਗਈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਾਜ਼ਿਸ਼ ਉਦੋਂ ਸ਼ੁਰੂ ਹੋਈ, ਜਦੋਂ ਪਾਰਟੀ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਅਕਾਲੀ ਦਲ ਐੱਨ. ਡੀ. ਏ. ਨਾਲੋਂ ਵੱਖ ਹੋਇਆ।
ਉਨ੍ਹਾਂ ਨੇ ਡੈਲੀਗੇਟਸ ਨੂੰ ਸੱਦਾ ਦਿੱਤਾ ਕਿ ਉਹ 2027 ਵਿਚ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣ ਦੀ ਤਿਆਰੀ ਖਿੱਚਣ। ਉਨ੍ਹਾਂ ਕਿਹਾ ਕਿ ਆਪਣੇ ਵੱਲੋਂ ਮੈਂ ਭਰੋਸਾ ਦਿਵਾਉਂਦਾ ਹਾਂ ਕਿ ਆਮ ਆਦਮੀ ਪਾਰਟੀ ਨੇ ਜਿਸ ਗੈਂਗਸਟਰ ਸੱਭਿਆਚਾਰ ਤੇ ਨਸ਼ਾ ਮਾਫੀਆ ਦੀ ਪੁਸ਼ਤਪਨਾਹੀ ਕੀਤੀ ਹੋਈ ਹੈ, ਅਕਾਲੀ ਸਰਕਾਰ ਉਸ ਨੂੰ ਖ਼ਤਮ ਜ਼ਰੂਰ ਕਰੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਅਸੀਂ ਸੂਬੇ ਵਿਚ ਉਦਯੋਗ ਵਾਪਸ ਲਿਆਵਾਂਗੇ। ਅਸੀਂ ਯਕੀਨੀ ਬਣਾਵਾਂਗੇ ਕਿ ਕਿਸਾਨਾਂ ਤੇ ਕਮਜ਼ੋਰ ਵਰਗਾਂ ਸਹਿਤ ਸਮਾਜ ਦੇ ਸਾਰੇ ਵਰਗਾਂ ਨੂੰ ਬਣਦਾ ਹੱਕ ਮਿਲੇ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਦ੍ਰਿੜ੍ਹ ਸੰਕਲਪ ਹਾਂ।
ਸੁਖਬੀਰ ਸਿੰਘ ਬਾਦਲ ਨੇ ਅਹੁਦਾ ਛੱਡ ਰਹੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਔਖੇ ਵੇਲੇ ਪਾਰਟੀ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ 25 ਅਪ੍ਰੈਲ ਨੂੰ ਲੰਬੀ ਵਿਚ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੌਕੇ ਪੰਜਾਬ ਦੇ ਸਾਰੇ ਜ਼ਿਲਾ ਹੈੱਡਕੁਆਰਟਰਾਂ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਅਜਿਹੇ ਹੀ ਪ੍ਰੋਗਰਾਮ ਹਰਿਆਣਾ ਤੇ ਦਿੱਲੀ ਵਿਚ ਵੀ ਹੋਣਗੇ।

ਇਸ ਮੌਕੇ ਡੈਲੀਗੇਟ ਸੈਸ਼ਨ ਵਿਚ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਹੋਰ ਸੀਨੀਅਰ ਆਗੂਆਂ ਵੱਲੋਂ 18 ਮਤੇ ਪੇਸ਼ ਕੀਤੇ ਗਏ ਜੋ ਸਰਬਸੰਮਤੀ ਨਾਲ ਪ੍ਰਵਾਨ ਕੀਤੇ ਗਏ।

Leave a Reply

Your email address will not be published. Required fields are marked *