ਪਵਿੱਤਰ ਸਰੋਵਰ ਵਿਚ ਆਸਥਾ ਦੀ ਡੁੱਬਕੀ ਲਗਾ ਕੇ ਕੀਤਾ ਇਸ਼ਨਾਨ

ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਮੌਕੇ ਵੱਡੀ ਗਿਣਤੀ ਵਿਚ ਸੰਗਤ ਗੁਰੂ ਦਰਬਾਰ ਵਿਚ ਨਤਮਸਤਕ ਹੋਈ, ਉਥੇ ਹੀ ਪਵਿੱਤਰ ਸਰੋਵਰ ਵਿਚ ਆਸਥਾ ਦੀ ਡੁੱਬਕੀ ਲਗਾ ਕੇ ਇਸ਼ਨਾਨ ਕੀਤਾ।
ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਕਵਾੜ੍ਹ ਖੁੱਲ੍ਹਣ ਮਗਰੋਂ ਕੀਰਤਨ ਆਸਾ ਕੀ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਮਨਦੀਪ ਸਿੰਘ ਵੱਲੋਂ ਕਰਨ ਉਪਰੰਤ ਕਥਾ ਪ੍ਰਵਾਹ ਭਾਈ ਪ੍ਰਿਤਪਾਲ ਸਿੰਘ ਨੇ ਕੀਤਾ ਅਤੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ।
ਬਸੰਤ ਪੰਚਮੀ ਦੇ ਚੱਲ ਰਹੇ ਸਮਾਗਮਾਂ ਵਿਚ ਸ਼ਿਰਕਤ ਕਰਨ ਉਚੇਚੇ ਤੌਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਬਲਤੇਜ ਸਿੰਘ ਖੌਖ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਨਿਰਮੈਲ ਸਿੰਘ ਜੌਲਾ ਸਮੇਤ ਸੰਤ ਮਹਾਂਪੁਰਸ਼ਾਂ ਵਿਚ ਬਾਬਾ ਅਮਰੀਕ ਸਿੰਘ ਜੀ ਕਾਰ ਸੇਵਾ ਵਾਲੇ ਪੁੱਜੇ ਹੋਏ ਸਨ।
ਇਸ ਮੌਕੇ ਉਚੇਚੇ ਤੌਰ ’ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਫਲਾਇੰਗ ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਐਡੀਸ਼ਨਲ ਚੀਫ ਤੇਜਿੰਦਰ ਸਿੰਘ, ਮੀਤ ਮੈਨੇਜਰ ਐਡੀ. ਜਸਵਿੰਦਰ ਸਿੰਘ, ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਸਿੰਘ ਭਲਵਾਨ, ਸੁਪਰਵਾਈਜਰ ਕਰਮਜੀਤ ਸਿੰਘ ਨਾਭਾ, ਮੈਨੇਜਰ ਗੁਰਲਾਲ ਸਿੰਘ, ਮੈਨੇਜਰ ਮਨਜੀਤ ਸਿੰਘ ਕੌਲੀ ਆਦਿ ਸ਼ਾਮਲ ਸਨ।
ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ, ਉਥੇ ਹੀ ਸੰਗਤ ਨੇ ਪੰਗਤਸੰਗਤ ਕੀਤੀ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰ ਕੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਚੱਲੇ ਧਾਰਮਿਕ ਦੀਵਾਨਾਂ ਵਿਚ ਢਾਡੀ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਗੁਰਦੁਆਰਾ ਕੰਪਲੈਕਸ ਅੰਦਰ ਸਿੱਖ ਸਭਾਵਾਂ, ਸੁਸਇਟੀਆਂ ਅਤੇ ਜਥੇਬੰਦੀਆਂ ਨੇ ਲੰਗਰਾਂ ਦੇ ਵੱਖ-ਵੱਖ ਸਟਾਲ ਲਗਾਏ ਅਤੇ ਧਾਰਮਿਕ ਸਮੱਗਰੀ ਲਈ ਲਿਟਰੇਚਰ ਪੁਸਤਕ ਸਟਾਲ ਲਗਾਈ ਗਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਵੇਂ ਬਣੇ ਲੰਗਰ ਹਾਲ ਦਾ ਉਦਘਾਟਨ ਕੀਤਾ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸਾਹਿਬ ਦੇ ਨਵੇਂ ਬਣੇ ਲੰਗਰ ਹਾਲ ਦਾ ਉਦਘਾਟਨ ਕੀਤਾ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਮੁਫਤ ਇਲੈਟ੍ਰੋਨਿਕ ਵਾਹਨ ਨੂੰ ਵੀ ਰਵਾਨਾ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਬਸੰਤ ਰੁੱਤ ਦੀ ਵਿਸ਼ੇਸ਼ ਮਹੱਤਤਾ ਹੈ ਅਤੇ ਇਹ ਰੁੱਤ ਗੁਰੂ ਸਾਹਿਬ ਨਾਲ ਮਿਲਾਪ ਅਤੇ ਸਮਰਪਿਤ ਦੀ ਭਾਵਨਾ ਨੂੰ ਵੀ ਪ੍ਰਗਟ ਕਰਦੀ ਹੈ ਅਤੇ ਗੁਰੂ ਪ੍ਰਤੀ ਸਮਰਪਿਤ ਭਾਵਨਾ ਰੱਖਣ ਵਾਲਿਆਂ ਦਾ ਹਮੇਸ਼ਾ ਭਲਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਫਲਸਫਾ ਸਮੁੱਚੀ ਮਾਨਵਤਾ ਦਾ ਕਲਿਆਣ ਕਰਨ ਵਾਲਾ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਸ਼ਬਦ ਗੁਰੂ ਦੇ ਰੂਪ ਵਿਚ ਮਨੁੱਖਤਾ ਦੀ ਅਗਵਾਈ ਕਰ ਰਹੇ ਹਨ ਅਤੇ ਸਮਾਜ ਦੀਆਂ ਜਟਿਲ ਸਮੱਸਿਆਵਾਂ ’ਚੋਂ ਨਿਕਲਣ ਲਈ ਸ਼ਬਦ ਗੁਰੂ ਹੀ ਸਹਾਈ ਹਨ।

