ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਦੇ ਵਿਰੋਧ ’ਚ ਅੰਮ੍ਰਿਤਸਰ ਬੰਦ

ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਲੋਕਾਂ ਨੇ ਸ਼ਹਿਰ ਵਿਚ ਵਿਰੋਧ ਪ੍ਰਦਰਸ਼ਨ ਕੀਤਾ

ਮੁਲਜ਼ਮ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ

ਅੰਮ੍ਰਿਤਸਰ- ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਇਕ ਨੌਜਵਾਨ ਵੱਲੋਂ ਤੋੜਨ ਦੇ ਵਿਰੋਧ ਵਿਚ ਦਲਿਤ ਭਾਈਚਾਰੇ ਦੇ ਸੱਦੇ ’ਤੇ ਸੋਮਵਾਰ ਨੂੰ ਅੰਮ੍ਰਿਤਸਰ ਬੰਦ ਰਿਹਾ। ਦਲਿਤ ਭਾਈਚਾਰੇ ਦੇ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਲੋਕਾਂ ਨੇ ਸ਼ਹਿਰ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਬਾਹਰੀ ਆਵਾਜਾਈ ਨੂੰ ਰੋਕਣ ਲਈ ਭੰਡਾਰੀ ਪੁਲ ਨੂੰ ਵੀ ਜਾਮ ਕਰ ਦਿੱਤਾ।

ਲੋਕਾਂ ਦੀ ਮੰਗ ਹੈ ਕਿ ਮੁਲਜ਼ਮ ਖਿਲਾਫ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਜਾਵੇ ਅਤੇ ਇਸ ਘਟਨਾ ਦੇ ਪਿੱਛੇ ਜੋ ਵੀ ਹੈ, ਉਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਇਹ ਵੀ ਪਤਾ ਲਗਾਇਆ ਜਾਵੇ ਕਿ ਉਹ ਲੋਕ ਕੌਣ ਹਨ ਜੋ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉੁਣ ਦੀ ਕੋਸ਼ਿਸ਼ ਕਰ ਕੇ ਦੇਸ਼ ਦੇ ਹਾਲਾਤ ਵਿਗਾੜਨਾ ਚਾਹੁੰਦੇ ਹਨ।

ਭੰਡਾਰੀ ਪੁਲ ’ਤੇ ਬੈਠੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਘਟਨਾ 26 ਜਨਵਰੀ ਦੀ ਦੁਪਹਿਰ ਨੂੰ ਵਾਪਰੀ, ਜਦੋਂ ਮਹਾਨਗਰ ਦੇ ਹੈਰੀਟੇਜ਼ ਸਟਰੀਟ ਵਿਚ ਅਚਾਨਕ ਇਕ ਦਸਤਾਰਧਾਰੀ ਨੌਜਵਾਨ ਪੌੜੀ ਦੀ ਵਰਤੋਂ ਕਰ ਕੇ ਡਾ. ਭੀਮ ਰਾਓ ਅੰਬੇਡਕਰ ਦੀ 15 ਫੁੱਟ ਉੱਚੀ ਦੇ ਬੁੱਤ ’ਤੇ ਚੜ੍ਹ ਗਿਆ ਅਤੇ ਉਨ੍ਹਾਂ ’ਤੇ ਹਥੌੜੇ ਨਾਲ ਤੋੜਨ ਲੱਗਾ। ਜਿਵੇਂ ਹੀ ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਦੀ ਖ਼ਬਰ ਫੈਲੀ, ਦਲਿਤ ਭਾਈਚਾਰੇ ਦੇ ਲੋਕ ਇਕੱਠੇ ਹੋ ਗਏ, ਜਦਕਿ ਹੈਰੀਟੇਜ ’ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਰਾਹਗੀਰਾਂ ਦੀ ਮਦਦ ਨਾਲ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਨੂੰ ਮੌਕੇ ’ਤੇ ਫੜ ਲਿਆ ਅਤੇ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ।

ਘਟਨਾ ਤੋਂ ਬਾਅਦ ਦਲਿਤ ਭਾਈਚਾਰੇ ਦੇ ਲੋਕਾਂ ਨੇ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਘਟਨਾ ਨੂੰ ਸਰਕਾਰ ਦੀ ਲਾਪ੍ਰਵਾਹੀ ਕਰਾਰ ਦਿੱਤਾ।

ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ ; ਕੈਬਨਿਟ ਮੰਤਰੀ

ਅੰਮ੍ਰਿਤਸਰ ਹੈਰੀਟੇਜ ਸਟਰੀਟ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਬੇਅਦਬੀ ਦੀ ਘਟਨਾ ਵਿਚ ਸ਼ਾਮਲ ਮੁਲਜ਼ਮਾਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦਾ ਅਹਿਦ ਲੈਂਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਭਜਨ ਸਿੰਘ ਈ. ਟੀ. ਓ. ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਡਾ. ਅੰਡਬੇਕਰ ਜੀ ਦੇ ਬੁੱਤ ’ਤੇ ਫੁੱਲ ਮਾਲਾਵਾਂ ਵੀ ਅਰਪਿਤ ਕੀਤੀਆਂ।

ਮੰਤਰੀਆ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। ਉਕਤ ਘਟਨਾ ਸਥਾਨ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁਲਜ਼ਮ ਨੂੰ ਕਾਨੂੰਨ ਦੇ ਘੇਰੇ ਵਿਚ ਲਿਆ ਕੇ ਸਖ਼ਤ ਸਜ਼ਾ ਦਿਵਾਈ ਜਾਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਸੰਸਦ ਅਤੇ ਸੰਸਦ ਤੋਂ ਬਾਹਰ ਜੋ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ, ਉਹ ਦੇਸ਼ ਵਿਚ ਨਫ਼ਤਰ ਫੈਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਘਟਨਾ ਦੀ ਉੱਚ ਪੱਧਰੀ ਜਾਂਚ ਚਲ ਰਹੀ ਹੈ ਅਤੇ ਜੋ ਕੋਈ ਵੀ ਇਸ ਘਟਨਾ ਵਿਚ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *