ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ’ਤੇ ਲਾਈ ਰੋਕ
ਪਟਿਆਲਾ-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਤੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਹਿਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ।
ਚਾਹਲ 1 ਅਪ੍ਰੈਲ 2017 ਤੋਂ ਲੈ ਕੇ 31 ਅਗਸਤ 2021 ਤੱਕ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਰੈਂਕ ਵਿਚ ਸਲਾਹਕਾਰ ਰਹੇ ਸਨ ਅਤੇ ਇਸ ਤੋਂ ਪਹਿਲਾਂ 2002 ਤੋਂ ਲੈ ਕੇ 2007 ਵਾਲੀ ਕੈਪਟਨ ਸਰਕਾਰ ਵਿਚ ਉਹ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਹੇ ਸਨ। ਚਾਹਲ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ 2 ਅਗਸਤ 2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਐੱਫ. ਆਈ. ਆਰ. ਦਰਜ ਕੀਤੀ ਗਈ ਸੀ।
ਇਸ ਸਬੰਧੀ ਹਾਈਕੋਰਟ ਨੇ ਪਹਿਲਾਂ ਹੀ ਚਹਿਲ ਦੀ ਗ੍ਰਿਫ਼ਤਾਰੀ ’ਤੇ ਰੋਕ ਲਾਈ ਸੀ ਪਰ ਹਾਈਕੋਰਟ ਵੱਲੋਂ ਆਪਣੀ ਰੋਕ ਹਟਾ ਲਈ ਗਈ ਸੀ, ਜਿਸ ਤੋਂ ਬਾਅਦ ਚਾਹਲ ਸੁਪਰੀਮ ਕੋਰਟ ਚਲੇ ਗਏ ਸਨ ਅਤੇ 11 ਨਵੰਬਰ ਨੂੰ ਸੁਪਰੀਮ ਕੋਰਟ ਨੇ ਚਹਿਲ ਦੀ ਗ੍ਰਿਫ਼ਤਾਰੀ ’ਤੇ ਅੰਤਰਿਮ ਰੋਕ ਲਾ ਦਿੱਤੀ ਸੀ। ਹੁਣ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੱਕੀ ਰਾਹਤ ਦਿੰਦੇ ਹੋਏ ਇਸ ਮਾਮਲੇ ਵਿਚ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ। ਕੋਰਟ ਨੇ ਕਿਹਾ ਕਿ ਜਦੋਂ ਤੱਕ ਹਾਈਕੋਰਟ ਵਿਚ ਕੇਸ ਚੱਲ ਰਿਹਾ ਹੈ, ਕੇਸ ਦੇ ਫੈਸਲੇ ਤੱਕ ਚਹਿਲ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ।
ਚਹਿਲ ਕੇ ਵਕੀਲ ਨੇ ਕੋਰਟ ਨੂੰ ਕਿਹਾ ਸੀ ਭਰਤਇੰਦਰ ਸਿੰਘ ਚਹਿਲ 76 ਸਾਲਾਂ ਦੇ ਹਨ ਅਤੇ ਕਈ ਬੀਮਾਰੀਆਂ ਤੋਂ ਪੀੜਤ ਹਨ, ਜ਼ਿਆਦਾ ਉਮਰ ਅਤੇ ਬੀਮਾਰੀਆਂ ਕਾਰਨ ਉਨ੍ਹਾਂ ਦੀ ਗ੍ਰਿਫ਼ਤਾਰੀ ਸਿਹਤ ਪੱਖੋਂ ਠੀਕ ਨਹੀਂ ਹੈ। ਇਸ ਤੋਂ ਇਲਾਵਾ ਵਕੀਲ ਨੇ ਕਿਹਾ ਸੀ ਕਿ ਭਰਤਇੰਦਰ ਸਿੰਘ ਚਹਿਲ ਦੇ ਖਿਲਾਫ ਐੱਫ. ਆਈ. ਆਰ. ਰਾਜਨੀਤੀ ਤੋਂ ਪ੍ਰੇਰਿਤ ਹੈ। ਇਸ ਤੋਂ ਪਹਿਲਾਂ ਵੀ 2007 ਵਿਚ ਉਸ ਸਮੇਂ ਦੀ ਬਾਦਲ ਸਰਕਾਰ ਨੇ ਚਹਿਲ ਦੇ ਖਿਲਾਫ ਵਿਜੀਲੈਂਸ ਕੇਸ ਦਰਜ ਕੀਤਾ ਸੀ ਅਤੇ ਬਾਅਦ ਵਿਚ ਉਹ ਬਰੀ ਹੋ ਗਏ ਸਨ।
ਵਕੀਲ ਨੇ ਕਿਹਾ ਕਿ ਜਦੋਂ ਵੀ ਸਰਕਾਰ ਬਦਲਦੀ ਹੈ ਤਾਂ ਸਿਆਸੀ ਬਦਲਾਖੋਰੀ ਦੇ ਤਹਿਤ ਚਹਿਲ ’ਤੇ ਐੱਫ. ਆਈ. ਆਰ. ਦਰਜ ਕਰ ਕੇ ਉਨ੍ਹਾਂ ਨੂੰ ਬਿਨਾ ਵਜ੍ਹਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ।