ਖਨੌਰੀ ਬਾਰਡਰ ’ਤੇ ਸੁਖਜੀਤ ਹਰਦੋਝੰਡੇ ਵੱਲੋਂ ਮਰਨ ਵਰਤ ਸ਼ੁਰੂ
ਪਟਿਆਲਾ : ਖਨੌਰੀ ਬਾਰਡਰ ’ਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਪੁਲਸ ਵੱਲੋਂ ਡੱਲੇਵਾਲ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਕੇ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਸੀ। ਕਿਸਾਨਾਂ ਨੇ ਵਿਰੋਧ ’ਚ ਰੋਸ ਪ੍ਰਦਰਸ਼ਨ ਕਰਦਿਆਂ ਕਿਸਾਨ ਨੇਤਾ ਸੁਖਜੀਤ ਸਿੰਘ ਹਰਦੋਝੰਡੇ ਨੂੰ ਮਰਨ ਵਰਤ ’ਤੇ ਬਿਠਾ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਕਿਸਾਨੀ ਮਸਲੇ ਹੱਲ ਨਹੀਂ ਹੁੰਦੇ, ਉਦੋਂ ਤੱਕ ਮਰਨ ਵਰਤ ਦੀ ਲੜੀ ਜਾਰੀ ਰਹੇਗੀ।
ਸੰਯੁਕਤ ਮੋਰਚਾ ਗੈਰ-ਰਾਜਨੀਤਕ ਅਤੇ ਕਿਸਾਨ-ਮਜ਼ਦੂਰ ਮੋਰਚੇ ਦੇ ਨੇਤਾਵਾਂ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਸ਼ਾਂਤਮਈ ਆਪਣੀਆਂ ਹੱਕੀ ਮੰਗਾਂ ਲਈ 13 ਫਰਵਰੀ ਤੋਂ ਸ਼ੰਭੂ ਖਨੌਰੀ ਅਤੇ ਰਤਨਪੁਰਾ ਦੇ ਬਾਰਡਰਾਂ ਉੱਪਰ ਅੰਦੋਲਨ ਲੜਿਆ ਜਾ ਰਿਹਾ ਹੈ। ਉਪਰੰਤ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਅਤੇ ਕੀਤੇ ਗਏ ਵਾਅਦਿਆਂ ਨੂੰ ਲਾਗੂ ਨਾ ਕਰਨ ਕਾਰਨ ਮੋਰਚੇ ਵੱਲੋਂ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ ਮਰਨ ਵਰਤ ਉੱਪਰ ਬੈਠ ਕੇ ਸ਼ਹਾਦਤ ਦੇਣ ਦਾ ਐਲਾਨ ਕੀਤਾ ਗਿਆ ਸੀ।
ਬੌਖਲਾਹਟ ’ਚ ਆਈ ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਤੜਕਸਾਰ ਸੁੱਤੇ ਪਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਬਿਨ੍ਹਾਂ ਪੱਗ ਤੋਂ ਧੱਕੇ ਨਾਲ ਧਾਰਮਿਕ ਕਕਾਰਾਂ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਘਾਣ ਕਰਦੇ ਹੋਏ ਗ੍ਰਿਫਤਾਰ ਕਰ ਕੇ ਡੀ. ਐੱਮ. ਸੀ. ਹਸਪਤਾਲ ਵਿਚ ਡਿਟੇਨ ਕਰ ਦਿੱਤਾ ਗਿਆ।
ਸਿਹਤ ਕਮਜ਼ੋਰ ਹੋਣ ਕਾਰਨ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਇਆ : ਡੀ. ਆਈ. ਜੀ.
ਇਸ ਸਬੰਧੀ ਪਟਿਆਲਾ ਰੇਂਜ ਦੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਆਖਿਆ ਕਿ ਪ੍ਰਸ਼ਾਸਨ ਨੂੰ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਚਿੰਤਾ ਹੈ। ਉਨ੍ਹਾਂ ਦੀ ਸਿਹਤ ਨੂੰ ਦੇਖਦਿਆਂ ਹੀ ਉਨ੍ਹਾਂ ਨੂੰ ਡੀ. ਐੱਮ. ਸੀ. ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਸਿਰਫ ਚੈੱਕਅਪ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।