ਸਮਾਗਮ ਵਾਲੀ ਥਾਂ ’ਤੇ ਤਿੰਨ-ਚਾਰ ਲੇਅਰ ਵਿਚ ਸੁਰੱਖਿਆ ਵਿਵਸਥਾ ਕੀਤੀ ਕਾਇਮ
ਪਟਿਆਲਾ : ਗਣਤੰਤਰ ਦਿਵਸ ਮੌਕੇ ਪਟਿਆਲਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਤੋਂ ਪਹਿਲਾਂ ਪਟਿਆਲਾ ਪੁਲਸ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਹਨ। ਵਿਸ਼ੇਸ਼ ਤੌਰ ’ਤੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਮੀਡੀਆ ਨੂੰ ਮੇਲ ਤੋਂ ਬਾਅਦ ਪਟਿਆਲਾ ਪੁਲਸ ਹੋਰ ਚੌਕਸ ਹੋ ਗਈ ਹੈ।
ਅੱਜ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਅਤੇ ਐੱਸ. ਐੱਸ. ਪੀ. ਡਾ. ਨਾਨਕ ਸਿੰਘ ਨੇ ਖੁਦ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਸ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਦੱਸਿਆ ਕਿ 26 ਜਨਵਰੀ ਤੋਂ ਪਹਿਲਾਂ ਸੁਰੱਖਿਆ ਲੈ ਕੇ ਸਰਚ ਆਪ੍ਰੇਸ਼ਨ ਚਲਾਏ ਗਏ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰਾਤ ਨੂੰ ਨਾਈਟ ਡੋਮੀਨੇਸ਼ਨ ਅਤੇ ਪੀ. ਸੀ. ਆਰ. ਨੂੰ ਸਖਤ ਕੀਤਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਧਮਕੀਆਂ ਤੋਂ ਪਟਿਆਲਾ ਪੁਲਸ ਡਰਨ ਵਾਲੀ ਨਹੀਂ ਹੈ ਅਤੇ ਮੁੱਖ ਮੰਤਰੀ ਦੀ ਸੁਰੱਖਿਆ ਵਿਚ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਨਹੀਂ ਵਰਤਣ ਦਿੱਤੀ ਜਾਵੇਗੀ, ਇਸ ਲਈ ਸਮਾਗਮ ਵਾਲੀ ਥਾਂ ’ਤੇ ਤਿੰਨ ਚਾਰ ਲੇਅਰ ਵਿਚ ਸੁਰੱਖਿਆ ਵਿਵਸਥਾ ਕਾਇਮ ਕੀਤੀ ਗਈ ਹੈ।
ਡੀ. ਆਈ. ਜੀ. ਸਿੱਧੂ ਨੇ ਕਿਹਾ ਕਿ ਪੰਜਾਬ ਪੁਲਸ ਵੱਲੋਂ ਸਾਰੇ ਹੀ ਜ਼ਿਲਿਆਂ ਵਿਚ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਿਸੇ ਤਰ੍ਹਾਂ ਦੀ ਕੋਈ ਗਤੀਵਿਧੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹੀ ਕੋਸ਼ਿਸ਼ ਕਰਦਾ ਹੈ ਤਾਂ ਉਹ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹੇ।
ਐੱਸ. ਐੱਸ. ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਸੁਰੱਖਿਆ ਨੂੰ ਲੈ ਕੇ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ, ਜਿਸ ਵਿਚ ਸਾਰੇ ਅਧਿਕਾਰੀ ਅਤੇ ਦਫ਼ਤਰਾਂ ਤੋਂ ਵੀ ਵਿਸ਼ੇਸ਼ ਤੌਰ ’ਤੇ ਅਲੱਗ ਫੋਰਸ ਨੂੰ ਵਿਹਲਾ ਕਰਕੇ ਸਮਾਗਮ ਵਿਚ ਤਾਇਨਾਤ ਕੀਤਾ ਗਿਆ ਹੈ।
