ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ
ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੇਂਦਰ ਸਰਕਾਰ ਵੱਲੋਂ ਸਲਾਹਕਾਰ ਦੀ ਥਾਂ ‘ਤੇ ਮੁੱਖ ਸਕੱਤਰ ਨਿਯੁਕਤ ਕਰਨ ਦੇ ਮੁੱਦੇ ‘ਤੇ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ।
‘ਆਪ’ ਆਗੂਆਂ ਨੇ ਰਾਜਪਾਲ ਨੂੰ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਇਹ ਮਾਮਲਾ ਵੀ ਪੰਜਾਬ ਨਾਲ ਵਿਤਕਰੇ ਨੂੰ ਦਰਸਾਉਂਦਾ ਹੈ। ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ।
‘ਆਪ’ ਵਫ਼ਦ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈਟੀਓ, ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਗੋਇਲ ਅਤੇ ‘ਆਪ’ ਆਗੂ ਡਾ. ਸੰਨੀ ਆਹਲੂਵਾਲੀਆ, ਦੀਪਕ ਬਾਲੀ, ਨੀਲ ਗਰਗ ਗੋਵਿੰਦਰ ਮਿੱਤਲ, ਪਰਮਿੰਦਰ ਗੋਲਡੀ ਅਤੇ ਫੈਰੀ ਸੋਫਤ ਸ਼ਾਮਲ ਸਨ।
ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਅਮਨ ਅਰੋੜਾ ਨੇ ਕਿਹਾ ਕਿ ਸਲਾਹਕਾਰ ਦੀ ਥਾਂ ਮੁੱਖ ਸਕੱਤਰ ਦਾ ਅਹੁਦਾ ਕੇਂਦਰ ਦੀ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਉਜਾਗਰ ਕਰਦਾ ਹੈ। ਆਮ ਆਦਮੀ ਪਾਰਟੀ ਇਸ ਦਾ ਸਖ਼ਤ ਵਿਰੋਧ ਕਰਦੀ ਹੈ। ਇਹ ਫੈਸਲਾ ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਅਸੀਂ ਇਸ ਨੂੰ ਕਿਸੇ ਵੀ ਕੀਮਤ ‘ਤੇ ਸਵੀਕਾਰ ਨਹੀਂ ਕਰਾਂਗੇ।
ਅਰੋੜਾ ਨੇ ਕਿਹਾ ਕਿ ਪੰਜਾਬ ਦਾ ਚੰਡੀਗੜ੍ਹ ‘ਤੇ ਇਤਿਹਾਸਕ, ਸਿਆਸੀ ਅਤੇ ਸਮਾਜਿਕ ਹਰ ਪੱਖੋਂ ਹੱਕ ਹੈ। ਚੰਡੀਗੜ੍ਹ ਪੰਜਾਬ ਦੇ 27 ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ।
ਅਰੋੜਾ ਨੇ ਕਿਹਾ ਕਿ ਰਾਜਪਾਲ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਸਾਡੀ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਆਵਾਜ਼ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਤੱਕ ਪਹੁੰਚਾਉਣਗੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਵਲੋਂ ਪੰਜਾਬ ਦਾ ਹੱਕ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਅਸੀਂ ਦਿੱਲੀ ਦੀਆਂ ਬਰੂਹਾਂ ਤੱਕ ਲੜਾਂਗੇ। ਉਨ੍ਹਾਂ ਕਿਹਾ ਕਿ ਕੇਂਦਰ ਖੇਤੀਬਾੜੀ ਸਿਸਟਮ, ਖਾਸ ਕਰਕੇ ਮੰਡੀ ਸਿਸਟਮ, ਜੋ ਕਿ ਪੰਜਾਬ ਦੀ ਖੇਤੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ, ਨੂੰ ਖਤਮ ਕਰਨ ਦੇ ਉਦੇਸ਼ ਨਾਲ ਕਾਨੂੰਨ ਲਿਆ ਰਿਹਾ ਹੈ।