ਕਿਹਾ-ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਬਣਨ ਤੱਕ ਅੰਦੋਲਨ ਰਹਿਣਾ ਚਾਹੀਦਾ ਹੈ ਜਾਰੀ
ਪਟਿਆਲਾ, 24 ਦਸੰਬਰ : ਅੱਜ ਖਨੌਰੀ ਬਾਰਡਰ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ਵੀ ਜਾਰੀ ਰਿਹਾ ਹੈ, ਇਸ ਦੌਰਾਨ ਅੱਜ ਕਈ ਦਿਨਾਂ ਬਾਅਦ ਜਗਜੀਤ ਸਿੰਘ ਡੱਲੇਵਾਲ ਆਪਣੀ ਟਰਾਲੀ ’ਚੋਂ ਬਾਹਰ ਆਏ , ਸਰੀਰਕ ਤੌਰ ’ਤੇ ਬਹੁਤ ਕਮਜ਼ੋਰ ਹੋਣ ਕਾਰਨ ਉਨ੍ਹਾਂ ਨੂੰ ਸਟਰੈਚਰ ਉੱਪਰ ਪਾ ਕੇ ਬਾਹਰ ਲਿਆਂਦਾ ਗਿਆ।
ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੈਂ ਠੀਕ ਹਾਂ ਅਤੇ ਰਾਤ ਦੇ ਪਹਿਰੇ ਨੂੰ ਐਨਾ ਮਜ਼ਬੂਤ ਬਣਾਓ ਕਿ ਪੁਲਸ ਮੋਰਚੇ ’ਤੇ ਹਮਲਾ ਕਰਨ ਦੀ ਹਿੰਮਤ ਨਾਂ ਕਰੇ। ਉਨ੍ਹਾਂ ਦੇਸ਼ ਦੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਪਿਛਲੇ ਅੰਦੋਲਨ ਨੂੰ ਮੁਲਤਵੀ ਕਰਨ ਸਮੇਂ ਕਈ ਸੂਬਿਆਂ ਦੇ ਕਿਸਾਨਾਂ ਨੇ ਸ਼ਿਕਾਇਤ ਕੀਤੀ ਸੀ ਕਿ ਅੰਦੋਲਨ ਬਹੁਤ ਜਲਦੀ ਮੁਲਤਵੀ ਕੀਤਾ ਜਾ ਰਿਹਾ ਹੈ, ਇਸ ਲਈ ਹੁਣ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਬਣਨ ਤੱਕ ਇਹ ਅੰਦੋਲਨ ਜਾਰੀ ਰਹਿਣਾ ਚਾਹੀਦਾ ਹੈ।
ਉਸ ਸਮੇਂ ਕੁਝ ਹੋਰ ਜਥੇਬੰਦੀਆਂ ਦੇ ਦਬਾਅ ਕਾਰਨ ਅੰਦੋਲਨ ਨੂੰ ਜਲਦੀ ਮੁਲਤਵੀ ਕਰਨਾ ਪਿਆ ਸੀ ਪਰ ਹੁਣ ਫਿਰ ਤੋਂ ਮਜ਼ਬੂਤ ਮੋਰਚਾ ਲੱਗਿਆ ਹੋਇਆ ਹੈ ਅਤੇ ਪੂਰੇ ਦੇਸ਼ ਦੇ ਕਿਸਾਨਾਂ ਨੂੰ ਐੱਮ. ਐੱਸ. ਪੀ. ਦੀ ਗਾਰੰਟੀ ਦਬਾਉਣ ਲਈ ਮੈਂ ਆਪਣੀ ਜਾਨ ਦਾ ਉਪਰ ਲਗਾ ਦਿੱਤੀ ਹੈ ਹੁਣ ਦੇਸ਼ ਦੇ ਕਿਸਾਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਅੰਦੋਲਨ ’ਚ ਵੱਧ ਚੜ੍ਹ ਕੇ ਹਿੱਸਾ ਲੈਣ।
–30 ਦੇ ਪੰਜਾਬ ਬੰਦ ਦੀ ਰੂਪਰੇਖਾ ਤਿਆਰ ਕਰਨ ਲਈ 26 ਨੂੰ ਰੱਖੀ ਮੀਟਿੰਗ
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 30 ਦਸੰਬਰ ਦੇ ਪੰਜਾਬ ਬੰਦ ਦੇ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕਰਨ ਲਈ 26 ਦਸੰਬਰ ਨੂੰ ਸਵੇਰੇ 10 ਵਜੇ ਸਵੇਰੇ ਖਨੌਰੀ ਮੋਰਚੇ ਉੱਪਰ ਸਮੂਹ ਸਮਾਜਿਕ, ਵਪਾਰਕ, ਸੱਭਿਆਚਾਰਕ, ਧਾਰਮਿਕ ਜਥੇਬੰਦੀਆਂ ਯੂਨੀਅਨਾਂ ਦੀ ਮੀਟਿੰਗ ਸੱਦੀ ਗਈ ਹੈ, ਜਿਸ ਲਈ ਸਾਰਿਆਂ ਨੂੰ ਚਿੱਠੀ ਲਿਖੀ ਗਈ ਹੈ।
–ਪ੍ਰਧਾਨ ਮੰਤਰੀ ਨੂੰ ਡੱਲੇਵਾਲ ਨੇ ਫਿਰ ਲਿਖੀ ਚਿੱਠੀ
ਅੱਜ ਫਿਰ ਜਗਜੀਤ ਸਿੰਘ ਡੱਲੇਵਾਲ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਅਤੇ ਕਿਹਾ ਗਿਆ ਸੀ ਕਿ ਖੇਤੀਬਾੜੀ ਦੇ ਵਿਸ਼ੇ ’ਤੇ ਸੰਸਦ ਦੀ ਸਥਾਈ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਤੁਹਾਨੂੰ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਬਣਾਉਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਐੱਮ. ਐੱਸ. ਪੀ. ਦਾ ਗਾਰੰਟੀ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਅਤੇ ਇਸ ਨਾਲ ਦੇਸ਼ ਦੀ ਆਰਥਿਕਤਾ, ਖਾਸ ਕਰ ਕੇ ਪੇਂਡੂ ਅਰਥਚਾਰੇ ਨੂੰ ਬਹੁਤ ਫਾਇਦਾ ਹੋਵੇਗਾ। ਇਸ ਸੰਸਦੀ ਕਮੇਟੀ ’ਚ ਸਾਰੀਆਂ ਸਿਆਸੀ ਪਾਰਟੀਆਂ ਦੇ ਸੰਸਦ ਮੈਂਬਰ ਸ਼ਾਮਲ ਹਨ, ਜਾਣੀ ਕੇ ਦੇਸ਼ ਦੀ ਸਰਵਉੱਚ ਸੰਸਥਾ ਸੰਸਦ ਦੀ ਭਾਵਨਾ ਦੇਸ਼ ਦੇ ਕਿਸਾਨਾਂ ਲਈ ਐੱਮ. ਐੱਸ. ਪੀ. ਦਾ ਗਾਰੰਟੀ ਕਾਨੂੰਨ ਬਣਾਉਣ ਦੇ ਹੱਕ ’ਚ ਹੈ, ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਕਮੇਟੀ ’ਚ ਸ਼ਾਮਲ ਸਾਰੇ ਸੰਸਦ ਮੈਂਬਰ ਨੇ ਸਰਬਸੰਮਤੀ ਨਾਲ ਇਹ ਰਿਪੋਰਟ ਤਿਆਰ ਕੀਤੀ ਹੈ।
ਕਿਸਾਨਾਂ ਨੇ ਕੈਂਡਲ ਮਾਰਚ ਕੱਢ ਕੀਤੀ ਨਾਅਰੇਬਾਜ਼ੀ
ਕਿਸਾਨਾਂ ਨੇ ਅੱਜ ਵੱਖ-ਵੱਖ ਥਾਈਂ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿਚ ਅਤੇ ਕੇਂਦਰ ਵਿਚ ਬੈਠੀ ਮੋਦੀ ਸਰਕਾਰ, ਪੰਜਾਬ ਸਰਕਾਰ ਦੇ ਵਿਰੁੱਧ ਕੈਂਡਲ ਮਾਰਚ ਕੱਢ ਕੇ ਨਾਅਰੇਬਾਜ਼ੀ ਵੀ ਕੀਤੀ। ਨੇਤਾਵਾਂ ਨੇ ਆਖਿਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀ ਹੁੰਦਾ, ਉਦੋਂ ਤੱਕ ਉਹ ਸੰਘਰਸ਼ ਕਰਦੇ ਰਹਿਣਗੇ। ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ ਅਤੇ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਾਰ ਲਈ ਜਾਵੇ।