ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਕਾਰਵਾਈ ਜਾਰੀ

ਨਸ਼ਾ ਸਮੱਗਲਰ ਵਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ

ਸ੍ਰੀ ਮੁਕਤਸਰ ਸਾਹਿਬ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰਸਾ ’ਚ ਇਕ ਵਿਅਕਤੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ।
ਐੱਸ. ਐੱਸ. ਪੀ. ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਪੁਲਸ ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡ ਮਦਰਸਾ ਦੇ ਵਿਅਕਤੀ ਸਰਬਜੀਤ ਸਿੰਘ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਈ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਹੁਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਇਮਾਰਤ ਸਰਬਜੀਤ ਸਿੰਘ ਵੱਲੋਂ ਉਸਾਰੀ ਗਈ ਸੀ। ਉਸ ਤੇ ਉਸ ਦੇ ਪਰਿਵਾਰ ਉੱਪਰ ਨਸ਼ੇ ਸਮੱਗਲਿੰਗ ਦੇ 5 ਪਰਚੇ ਪਹਿਲਾਂ ਤੋਂ ਹੀ ਦਰਜ ਹਨ।
ਐੱਸ. ਐੱਸ. ਪੀ. ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲੇ ’ਚ ਵਿਆਪਕ ਪੱਧਰ ’ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਅਟੈਚ ਕਰ ਲਿਆ ਜਾਵੇਗਾ ਤੇ ਜੇਕਰ ਕਿਸੇ ਨੇ ਸਰਕਾਰੀ ਸੰਪੱਤੀ ’ਤੇ ਕੋਈ ਇਮਾਰਤ ਬਣਾਈ ਤਾਂ ਉਸ ਨੂੰ ਨਸ਼ਟ ਕਰ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ , ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਕੰਵਲਪ੍ਰੀਤ ਸਿੰਘ ਚਾਹਲ ਐੱਸ. ਪੀ. (ਐੱਚ.), ਐੱਸ. ਡੀ. ਐੱਮ. ਬਲਜੀਤ ਕੌਰ, ਇਕਬਾਲ ਸਿੰਘ ਡੀ. ਐੱਸ. ਪੀ. ਮਲੋਟ, ਐੱਸ. ਆਈ. ਦਰਸ਼ਨ ਸਿੰਘ ਐੱਸ. ਐੱਚ. ਓ. ਲੱਖੇਵਾਲੀ, ਇੰਸ. ਦਵਿੰਦਰ ਸਿੰਘ ਐੱਸ. ਐੱਚ. ਓ. ਕਬਰਵਾਲਾ ਵੀ ਹਾਜਰ ਸਨ।

Leave a Reply

Your email address will not be published. Required fields are marked *