ਲੋਕਲ ਬਾਡੀ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਟਿਆਲਾ ਵਿਚ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

– ਲੋਕਾਂ ਲਈ ਬਿਹਤਰ ਸਹੂਲਤਾਂ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਨਗਰ ਨਿਗਮ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼

ਪਟਿਆਲਾ :- ਪੰਜਾਬ ਦੇ ਲੋਕਲ ਬਾਡੀ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮ ਇੱਥੇ ਨਗਰ ਨਿਗਮ ਦਫ਼ਤਰ ਵਿਖੇ ਸ਼ਹਿਰ ’ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਅਤੇ ਬੁਨਿਆਦੀ ਢਾਂਚੇ ਦੇ ਸੁਧਾਰਾਂ ਦਾ ਮੁਲਾਂਕਣ ਕਰਨ ਲਈ ਇਕ ਸਮੀਖਿਆ ਮੀਟਿੰਗ ਕੀਤੀ। ਇਸ ’ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਪਟਿਆਲਾ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਇੰਪਰੂਵਮੈਂਟ ਟਰੱਸਟ ਮੇਘ ਚੰਦ ਸ਼ੇਰਮਾਜਰਾ, ਆਪ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਇਸ ਦੌਰਾਨ ਡਾ. ਰਵਜੋਤ ਸਿੰਘ ਨੇ ਸਫਾਈ, ਸੁੰਦਰੀਕਰਨ, ਸੜਕ ਨਿਰਮਾਣ, ਸਟ੍ਰੀਟ ਲਾਈਟਿੰਗ, ਪਾਣੀ ਦੀ ਸਪਲਾਈ ਅਤੇ ਸੀਵਰੇਜ ਪ੍ਰਬੰਧਨ ਸਮੇਤ ਬੁਨਿਆਦੀ ਸਹੂਲਤਾਂ ’ਚ ਹੋਰ ਸੁਧਾਰਾਂ ਦੀ ਲੋਡ਼ ’ਤੇ ਜ਼ੋਰ ਦਿੱਤਾ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਨ ਅਤੇ ਵਾਰਡ ਪੱਧਰ ਦੇ ਮੁੱਖ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕੀਤਾ ਕਿ ਉਹ ਇਕ ਮਹੀਨੇ ਬਾਅਦ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿੱਜੀ ਤੌਰ ’ਤੇ ਸਮੀਖਿਆ ਕਰਨਗੇ।

ਮੰਤਰੀ ਡਾ. ਰਵਜੋਤ ਸਿੰਘ ਨੇ 24 ਘੰਟੇ ਨਹਿਰੀ ਪਾਣੀ ਸਪਲਾਈ ਪ੍ਰਾਜੈਕਟ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਪਾਈਪਲਾਈਨ ਪਾਉਣ ਲਈ ਪੁੱਟੀਆਂ ਸਡ਼ਕਾਂ ਦੀ ਤੁਰੰਤ ਮੁਰੰਮਤ ’ਤੇ ਜ਼ੋਰ ਦਿੱਤਾ। ਇਸ ਪ੍ਰਾਜੈਕਟ ’ਚ ਹੋ ਰਹੀ ਦੇਰੀ ’ਤੇ ਚਿੰਤਾ ਪ੍ਰਗਟ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪ੍ਰਾਜੈਕਟ ’ਚੋਂ ਦੇਰੀ ਲਈ ਜ਼ਿੰਮੇਵਾਰ ਐੱਲ. ਐਂਡ ਟੀ. ਅਤੇ ਹੋਰਨਾਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਕੀਤੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਮੇਅਰ ਕੁੰਦਨ ਗੋਗੀਆ ਸਮੇਤ ਹੋਰਨਾਂ ਨੇ ਵੀ ਮਸਲੇ ਉਠਾਏ, ਜਿਸ ’ਤੇ ਮੰਤਰੀ ਨੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ।

ਡਾ. ਰਵਜੋਤ ਸਿੰਘ ਨੇ ਨਗਰ ਨਿਗਮ ਨੂੰ ਨਵੇਂ ਮਾਲੀਆ ਸਰੋਤਾਂ ਦੀ ਖੋਜ ਕਰਨ ਅਤੇ ਸ਼ਹਿਰ ਦੀ ਸਫਾਈ ਦੇ ਯਤਨਾਂ ’ਚ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਸਫਾਈ ਕਰਮਚਾਰੀਆਂ ਦੀ ਹਾਜ਼ਰੀ ਦੀ ਫਿਜੀਕਲ ਤਸਦੀਕ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸੀਵਰ ਸਫਾਈ ਲਈ ਵਾਧੂ ਮਨੁੱਖੀ ਸ਼ਕਤੀ ਅਤੇ ਸੀਵਰੇਜ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸੁਪਰ-ਸਕਸ਼ਨ ਅਤੇ ਜੈੱਟ-ਸਕਸ਼ਨ ਮਸ਼ੀਨਾਂ ਦੀ ਖਰੀਦ ’ਤੇ ਜ਼ੋਰ ਦਿੱਤਾ।

ਮੰਤਰੀ ਨੇ ਐੱਮ. ਆਰ. ਐੱਫ. (ਮਟੀਰੀਅਲ ਰਿਕਵਰੀ ਫੈਸਿਲਿਟੀ) ਸੈਂਟਰਾਂ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪਲਾਂਟਾਂ ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ। ਕੂਡ਼ੇ ਦੇ ਪੁਰਾਣੇ ਢੇਰਾਂ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਰੋਜ਼ਾਨਾ ਗਲੀਆਂ ਦੀ ਸਫਾਈ ਯਕੀਨੀ ਬਣਾਉਣ ਲਈ ਡੰਪਿੰਗ ਸਾਈਟਾਂ ਨੂੰ ਘਟਾਉਣ ਅਤੇ ਘਰਾਂ ਤੋਂ ਕੂਡ਼ਾ ਇਕੱਠਾ ਕਰਨ ਨੂੰ ਵਧਾਉਣ ਲਈ ਠੋਸ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਸੁਪਰ-ਸਕਸ਼ਨ ਮਸ਼ੀਨਾਂ ਦਾ ਪ੍ਰਬੰਧਨ ਕਰਨ ਵਾਲੀ ਏਜੰਸੀ ਦੁਆਰਾ ਕੀਤੇ ਗਏ ਕੰਮ ਦਾ ਆਡਿਟ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸ਼ਹਿਰੀ ਖੇਤਰਾਂ ਦੀ ਦਿੱਖ ਨੂੰ ਬਿਹਤਰ ਬਣਾਉਣ ਲਈ ਪੁਰਾਣੀਆਂ ਸਟਰੀਟ ਲਾਈਟਾਂ ਦੀ ਤੁਰੰਤ ਮੁਰੰਮਤ ਅਤੇ ਨਵੀਆਂ ਤੇਜ਼ੀ ਨਾਲ ਲਾਉਣ ’ਤੇ ਵੀ ਜ਼ੋਰ ਦਿੱਤਾ। ਸਮੀਟਿੰਗ ’ਚ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਜੱਗਾ, ਵਿਭਾਗ ਦੇ ਜੁਆਇੰਟ ਡਾਇਰੈਕਟਰ ਜਗਦੀਪ ਸਹਿਗਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਬੱਬਨਦੀਪ ਸਿੰਘ ਵਾਲੀਆ ਅਤੇ ਦੀਪਜੋਤ ਕੌਰ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ।

Leave a Reply

Your email address will not be published. Required fields are marked *