ਰਾਜਪਾਲ ਪੰਜਾਬ ਨੇ ਨਵਾਂ ਪਿੰਡ ਤੋਂ ਪੰਧੇਰ ਤੱਕ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਅਗਵਾਈ

ਅੰਮ੍ਰਿਤਸਰ :- ਪੰਜਾਬ ਦੇ ਰਾਜਪਾਲ ਅਤੇ ਪ੍ਰਧਾਨ ਭਾਰਤੀ ਰੈੱਡ ਕਰਾਸ ਸੋਸਾਇਟੀ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦੀਆਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਇਨ੍ਹਾਂ ਕਮੇਟੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਸਰਹੱਦੀ ਪਿੰਡਾਂ ਵਿਚ ਹੋ ਰਹੀ ਨਸ਼ਿਆਂ ਦੀ ਸਮੱਗਲਿੰਗ ’ਤੇ ਕਾਬੂ ਪਾਇਆ ਜਾ ਸਕੇ।
ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਦੀ ਬਦੌਲਤ ਹੀ ਪਿੰਡਾਂ ’ਚ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਜੋ ਨਸ਼ਿਆਂ ਦੀ ਸਮੱਸਿਆ ਤੋਂ ਪਿੰਡਾਂ ਨੂੰ ਮੁਕਤ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਕਮੇਟੀ ਮੈਂਬਰਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪਿੰਡ ਪੱਧਰ ’ਤੇ ਔਰਤਾਂ ਨੂੰ ਵੀ ਅੱਗੇ ਆ ਕੇ ਆਪਣੇ ਘਰ ਅਤੇ ਸਮਾਜ ਵਿਚ ਨਸ਼ਿਆਂ ਜਾਂ ਹੋਰ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪ੍ਰਸ਼ਾਸਨ ਨਾਲ ਤਾਲਮੇਲ ਵਧਾਉਣਾ ਚਾਹੀਦਾ ਹੈ। ਮਾਣਯੋਗ ਰਾਜਪਾਲ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਪਿੰਡਾਂ ’ਚ ਖੇਡ ਸਟੇਡੀਅਮ ਤਿਆਰ ਕਰਵਾਉਣ ਤਾਂ ਜੋ ਪਿੰਡਾਂ ਦੇ ਨੌਜਵਾਨ ਆਪਣੀ ਊਰਜਾ ਨੂੰ ਸਹੀ ਦਿਸ਼ਾ ’ਚ ਵਰਤ ਕੇ ਮਿਹਨਤ ਨਾਲ ਆਪਣਾ ਅਤੇ ਦੇਸ਼ ਦਾ ਭਵਿੱਖ ਬਣਾ ਸਕਣ।
ਉਨ੍ਹਾਂ ਇਸ ਮੌਕੇ ਹਾਕੀ ਦੇ 2 ਅੰਤਰਰਾਸ਼ਟਰੀ ਖਿਡਾਰੀਆਂ ਰਮਨਦੀਪ ਸਿੰਘ ਓਲੀਪੀਅਨ, ਅਕਾਸ਼ ਦੀਪ ਸਿੰਘ ਅਰਜੁਨ ਐਵਾਰਡੀ ਓਲੀਪੀਅਨ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਖਿਡਾਰੀਆਂ ਨੇ ਆਪਣੇ ਸੂਬੇ ਅਤੇ ਦੇਸ਼ ਦਾ ਨਾਂ ਵਿਸ਼ਵ ਪੱਧਰ ’ਤੇ ਰੌਸ਼ਨ ਕੀਤਾ ਹੈ। ਇਸ ਮੌਕੇ ਮਾਣਯੋਗ ਰਾਜਪਾਲ ਪੰਜਾਬ ਨੇ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਮਿਸਾਲੀ ਕੰਮ ਕੀਤਾ ਜਾ ਰਿਹਾ ਹੈ ਅਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਕਮੇਟੀ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਖੇਡ ਕਿੱਟਾਂ ਦੀ ਵੰਡ ਵੀ ਕੀਤੀ।
ਅੱਜ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਸ਼ੁਰੂਆਤ ਕਰਨ ਮੌਕੇ ਹਜ਼ਾਰ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਹਮੇਸ਼ਾ ਬਾਹਰੀ ਹਮਲਿਆਂ ਦਾ ਮੂੰਹ ਤੋੜ ਜਵਾਬ ਦੇਣ ਵਾਲੇ ਬਹਾਦਰ ਪੰਜਾਬੀ ਹੁਣ ਨਸ਼ਿਆਂ ਵਿਰੁੱਧ ਇਸ ਯੁੱਧ ਵਿੱਚ ਵੀ ਫ਼ਤਹਿ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕਦ ਾ ਹੈ।
ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਆਖਿਆ ਕਿ ਪੰਜਾਬ ਦੀ ਧਰਤੀ ਧਰਮ ਅਤੇ ਸੰਸਕ੍ਰਿਤੀ ਦੀ ਰੱਖਿਆ ਦੀ ਪ੍ਰਤੀਕ ਹੈ। ਇੱਥੋਂ ਦੀ ਧਰਤੀ ਨੇ ਜ਼ੁਲਮ ਵਿਰੁੱਧ ਬਲੀਦਾਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਮਹਾਨ ਧਰਤੀ ’ਤੇ ਪੈਦਾ ਹੋਣ ਵਾਲੇ ਬਹਾਦਰ ਪੰਜਾਬੀਆਂ ਨੂੰ ਅੱਜ ਬਾਹਰੀ ਤਾਕਤਾਂ ਵੱਲੋਂ ਸਰੀਰਕ ਤੌਰ ’ਤੇ ਕਮਜ਼ੋਰ ਕਰਨ ਦੀ ਇਸ ਸਾਜ਼ਿਸ਼ ਦਾ ਸਾਨੂੰ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ’ਚ ਸਰਕਾਰ ਵੱਲੋਂ ਆਰੰਭੀ ਲੜਾਈ ’ਚ ਸਾਥ ਦੇਣਾ ਚਾਹੀਦਾ ਹੈ। ਰਾਜਪਾਲ ਪੰਜਾਬ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਹੁਣ ਪੰਜਾਬ ਦੇ ਹਰ ਜਾਗਰੂਕ ਨਾਗਰਿਕ ਲਈ ਮੌਕਾ ਹੈ ਕਿ ਉਹ ਇਸ ਲੜਾਈ ’ਚ ਸਰਕਾਰ ਦਾ ਸਾਥ ਦੇਵੇ ਅਤੇ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਬਣਾਵੇ। ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਵੱਲੋਂ ਸਮੱਗਲਿੰਗ ਦੇ ਕਈ ਢੰਗ ਤਰੀਕੇ ਵਰਤੇ ਜਾਂਦੇ ਹਨ, ਜਿਨ੍ਹਾਂ ’ਚੋਂ ਇਕ ਡਰੋਨ ਰਾਹੀਂ ਸਰਹੱਦ ਪਾਰੋਂ ਨਸ਼ਾ ਭੇਜਣਾ ਵੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸੁਰੱਖਿਆ ਫੋਰਸਾਂ ਲੋਕਾਂ ਦੇ ਸਹਿਯੋਗ ਨਾਲ ਡਰੋਨ ਗਤੀਵਿਧੀਆਂ ’ਤੇ ਵੀ ਰੋਕ ਲਾਉਣ ’ਚ ਕਾਫੀ ਹੱਦ ਤੱਕ ਸਫਲ ਹੋਈਆਂ ਹਨ ਅਤੇ ਇਸ ਨੂੰ ਪੂਰੀ ਤਰ੍ਹਾਂ ਰੋਕਣ ਲਈ ਕੰਮ ਕੀਤਾ ਜਾ ਰਿਹਾ ਹੈ।
ਇਸ ਪੈਦਲ ਯਾਤਰਾ ’ਚ ਵੱਡੀ ਗਿਣਤੀ ਵਿਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਨਸਿਆਂ ਵਿਰੁੱਧ ਨੁੱਕੜ ਨਾਟਕ ਰਾਹੀਂ ਨਸ਼ਾ ਮੁਕਤ ਪੰਜਾਬ ਦਾ ਸਿਨੇਹਾ ਵੀ ਦਿੱਤਾ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਖੂਨਦਾਨ ਕੈਂਪ ਦਾ ਵੀ ਆਯੋਜਨ ਕੀਤਾ ਗਿਆ। ਜ਼ਿਲਾ ਅੰਮ੍ਰਿਤਸਰ ਵਿਚ ਮਿਤੀ 6 ਅਪ੍ਰੈਲ ਨੂੰ ਪੈਦਲ ਯਾਤਰਾ ਪਿੰਡ ਮੱਜੂਪਰਾ ਤੋਂ ਸ਼ੁਰੂ ਹੋ ਕੇ ਪਿੰਡ ਚੇਤਨਪੁਰਾ ਨਰਸਿੰਗ ਕਾਲਜ ਫਤਹਿਗੜ੍ਹ ਚੂੜੀਆਂ ਰੋਡ ਵਿਖੇ ਸਮਾਪਤ ਹੋਵੇਗੀ।
ਇਸ ਮੌਕੇ ਵਿਵੇਕ ਪ੍ਰਤਾਪ ਸਿੰਘ ਪ੍ਰਿੰਸੀਪਲ ਸਕੱਤਰ ਰਾਜਪਾਲ ਪੰਜਾਬ, ਸ਼ਿਵਦੁਲਾਰ ਸਿੰਘ ਢਿੱਲੋਂ, ਸਕੱਤਰ ਭਾਰਤੀ ਰੈੱਡ ਕਰਾਸ ਸੋਸਾਇਟੀ ਪੰਜਾਬ, ਸ਼੍ਰੀਮਤੀ ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ, ਸਤਿੰਦਰ ਸਿੰਘ ਡੀ. ਆਈ. ਜੀ., ਮਨਿੰਦਰ ਸਿੰਘ ਐੱਸ. ਐੱਸ. ਪੀ. ਦਿਹਾਤੀ, ਲਲਿਤ ਜੈਨ ਆਈ. ਏ. ਐੱਸ., ਡਾ. ਜਸਪਾਲ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ਼੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ, ਸ਼੍ਰੀਮਤੀ ਗੁਰਸਿਮਰਨਜੀਤ ਕੌਰ ਸਹਾਇਕ ਕਮਿਸ਼ਨਰ, ਸਰਪੰਚ ਮਲਕੀਤ ਸਿੰਘ ਨਵਾਂਪਿੰਡ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਧਿਕਾਰੀ, ਧਾਰਮਿਕ, ਸਮਾਜਿਕ, ਸਿੱਖਿਆ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
