ਬਠਿੰਡਾ :-ਦੇਰ ਰਾਤ ਰੋਜ਼ ਗਾਰਡਨ ਨੇੜੇ ਵਿਆਹ ਸਮਾਗਮ ਤੋਂ ਪਰਤ ਰਹੇ ਵਿਅਕਤੀ ਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਨਾਲ ਕਾਰ ਬੁਰੀ ਤਰ੍ਹਾਂ ਸੜ ਗਈ ਪਰ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।
ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ, ਪੁਲਸ ਅਤੇ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਮੈਂਬਰ ਮੌਕੇ ’ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਦੀ ਗੱਡੀ ਤੋਂ ਇਲਾਵਾ ਸੰਸਥਾ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਸੰਸਥਾ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਐਤਵਾਰ ਰਾਤ ਕਰੀਬ 12.30 ਵਜੇ ਰੋਜ਼ ਗਾਰਡਨ ਨੇੜੇ ਇਕ ਕਾਰ ਨੂੰ ਅਚਾਨਕ ਅੱਗ ਲੱਗਣ ਦੀ ਸੂਚਨਾ ਮਿਲੀ।
ਇਸ ਤੋਂ ਬਾਅਦ ਜਦੋਂ ਟੀਮ ਮੌਕੇ ’ਤੇ ਪਹੁੰਚੀ ਤਾਂ ਪਤਾ ਲੱਗਾ ਕਿ ਹਰਸ਼ਿਤ ਚਾਵਲਾ ਨਾਂ ਦਾ ਵਿਅਕਤੀ ਦੇਰ ਰਾਤ ਇਕ ਵਿਆਹ ’ਚ ਸ਼ਾਮਲ ਹੋ ਕੇ ਆਪਣੇ ਘਰ ਪਰਤ ਰਿਹਾ ਸੀ, ਜਦੋਂ ਉਹ ਰੋਜ਼ ਗਾਰਡਨ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਅਚਾਨਕ ਉਸ ਦੀ ਕਾਰ ਵਿਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ।
ਚਾਲਕ ਆਪਣੀ ਕਾਰ ਰੋਕ ਕੇ ਹੇਠਾਂ ਉਤਰ ਗਿਆ। ਬਾਅਦ ਵਿਚ ਅੱਗ ਨੇ ਪੂਰੀ ਕਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ। ਫਾਇਰ ਬ੍ਰਿਗੇਡ ਨੇ ਆ ਕੇ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਕਾਫੀ ਨੁਕਸਾਨ ਹੋ ਚੁੱਕਾ ਸੀ।
